ਐੱਸਐੱਮਓ ਵੱਲੋਂ ਆਯੂਸ਼ਮਾਨ ਅਰੋਗਿਆ ਕੇਂਦਰਾਂ ’ਚ ਸਿਹਤ ਸੇਵਾਵਾਂ ਦਾ ਜਾਇਜ਼ਾ ਐੱਸਐੱਮਓ ਵੱਲੋਂ ਆਯੂਸ਼ਮਾਨ ਅਰੋਗਿਆ ਕੇਂਦਰਾਂ 'ਚ ਸਿਹਤ ਸੇਵਾਵਾਂ ਦਾ ਜਾਇਜ਼ਾ
Publish Date: Wed, 23 Sep 2026 05:24 PM (IST)
Updated Date: Wed, 23 Sep 2026 05:27 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਆਯੂਸ਼ਮਾਨ ਅਰੋਗਿਆ ਕੇਂਦਰ ਮੱਲਪੁਰ ਅੜਕਾਂ ਅਤੇ ਆਯੂਸ਼ਮਾਨ ਅਰੋਗਿਆ ਕੇਂਦਰ ਭੀਣ ਵਿਖੇ ਮਮਤਾ ਦਿਵਸ ਦੌਰਾਨ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ, ਟੀਕਾਕਰਨ, ਸਿਹਤ ਜਾਂਚ ਅਤੇ ਹੋਰ ਗਤੀਵਿਧੀਆਂ ਦੀ ਸਮੀਖਿਆ ਕਰਦਿਆਂ ਸਟਾਫ਼ ਨੂੰ ਹਦਾਇਤ ਕੀਤੀ ਕਿ ਮਮਤਾ ਦਿਵਸ ਦੌਰਾਨ ਆਉਣ ਵਾਲੇ ਹਰੇਕ ਲਾਭਪਾਤਰੀ ਨੂੰ ਮਿਆਰੀ ਅਤੇ ਸਮੇਂ ਸਿਰ ਸਿਹਤ ਸਹੂਲਤਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਮਮਤਾ ਦਿਵਸ ਰਾਹੀਂ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਨੂੰ ਸਮੇਂ ਸਿਰ ਲੋੜੀਂਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਅਤੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣਾ ਸਿਹਤ ਵਿਭਾਗ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਜੱਬੋਵਾਲ, ਚੂਹੜਪੁਰ, ਮੱਲਪੁਰ ਅੜਕਾਂ ਅਤੇ ਜੇਠੂ ਮਜ਼ਾਰਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਵੰਡਣ ਲਈ ਲਗਾਏ ਗਏ ਕੈਂਪਾਂ ਦਾ ਦੌਰਾ ਵੀ ਕੀਤਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਨੂੰ ਮਹਿੰਗੇ ਇਲਾਜ ਦੇ ਵਿੱਤੀ ਬੋਝ ਤੋਂ ਰਾਹਤ ਦੇਣ ਵੱਲ ਇੱਕ ਮਹੱਤਵ ਪੂਰਨ ਸਿਹਤ ਸੁਰੱਖਿਆ ਉਪਰਾਲਾ ਹੈ। ਉਨ੍ਹਾਂ ਦੱਸਿਆ ਕਿ ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਗੰਭੀਰ ਬਿਮਾਰੀ ਜਾਂ ਮਹਿੰਗੇ ਇਲਾਜ ਦੀ ਸਥਿਤੀ ਵਿਚ ਪਰਿਵਾਰਾਂ ਨੂੰ ਅਕਸਰ ਵੱਡੇ ਆਰਥਿਕ ਖਰਚ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ ਸਮੇਂ ਸਿਹਤ ਕਾਰਡ ਪਰਿਵਾਰ ਲਈ ਇੱਕ ਮਹੱਤਵ ਪੂਰਨ ਸਿਹਤ ਸੁਰੱਖਿਆ ਕਵਚ ਵਜੋਂ ਕੰਮ ਕਰਦਾ ਹੈ। ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਹਤ ਕਾਰਡ ਨੂੰ ਸੰਭਾਲ ਕੇ ਰੱਖਣ ਅਤੇ ਲੋੜ ਪੈਣ ਤੇ ਯੋਜਨਾ ਅਧੀਨ ਉਪਲੱਬਧ ਸਿਹਤ ਸਹੂਲਤਾਂ ਦਾ ਲਾਭ ਲੈਣ। ਉਨ੍ਹਾਂ ਸਟਾਫ਼ ਨੂੰ ਇਹ ਵੀ ਹਦਾਇਤ ਕੀਤੀ ਕਿ ਕੈਂਪਾਂ ਦੌਰਾਨ ਆਉਣ ਵਾਲੇ ਲੋਕਾਂ ਨੂੰ ਯੋਜਨਾ ਸੰਬੰਧੀ ਪੂਰੀ ਜਾਣਕਾਰੀ ਦਿੱਤੀ ਜਾਵੇ ਅਤੇ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਰਕਾਰੀ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਇਸ ਮੌਕੇ ਨੋਡਲ ਅਫ਼ਸਰ ਡਾ. ਜਸਵਿੰਦਰ ਕੌਰ ਸਮੇਤ ਸਿਹਤ ਵਿਭਾਗ ਦਾ ਸਟਾਫ਼ ਹਾਜ਼ਰ ਸੀ।