ਸੀਨੀਅਰ ਨਾਗਰਿਕਾਂ ਲਈ ਸਿਵਲ ਹਸਪਤਾਲ ਬਲਾਚੌਰ ਵਿਖੇ ਵਿਸ਼ੇਸ਼ ਕੈਂਪ ਭਲਕੇ
ਬਿਰਧ ਨਾਗਰਿਕਾਂ ਲਈ ਸਿਵਲ ਹਸਪਤਾਲ ਬਲਾਚੌਰ ਵਿਖੇ ਵਿਸ਼ੇਸ਼ ਕੈਂਪ ਭਲਕੇ
Publish Date: Thu, 05 Feb 2026 04:21 PM (IST)
Updated Date: Thu, 05 Feb 2026 04:23 PM (IST)

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਦੀ ਯੋਗ ਰਹਿਨੁਮਾਈ ਹੇਠ ਸਿਹਤ ਵਿਭਾਗ ਵੱਲੋਂ ਅਟਲ ਵਯੋ ਅਭਯੁਦਯ ਯੋਜਨਾ ਤਹਿਤ ਬਿਰਧ ਨਾਗਰਿਕਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੀ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰਜੀਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਸਾਂਝੇ ਤੌਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਿਤੀ 7 ਫਰਵਰੀ ਨੂੰ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਬਿਰਧ ਨਾਗਰਿਕਾਂ (ਸੀਨੀਅਰ ਸਿਟੀਜ਼ਨਜ਼) ਲਈ ਵਿਸ਼ੇਸ਼ ਮੈਡੀਕਲ ਸਿਹਤ ਚੈੱਕਅੱਪ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੈਡੀਕਲ ਕੈਂਪ ਦਾ ਮੁੱਖ ਉਦੇਸ਼ ਬਿਰਧ ਨਾਗਰਿਕਾਂ ਦੀ ਸਿਹਤ ਦੀ ਵਿਸਥਾਰਪੂਰਵਕ ਜਾਂਚ ਕਰਨਾ, ਉਨ੍ਹਾਂ ਨੂੰ ਸਮੇਂ-ਸਿਰ ਮੈਡੀਕਲ ਸਲਾਹ ਦੇਣਾ ਅਤੇ ਲੋੜ ਅਨੁਸਾਰ ਇਲਾਜ ਦੀ ਸੁਵਿਧਾ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਜਨਰਲ ਮੈਡੀਕਲ ਚੈਕਅੱਪ, ਬਲੱਡ ਪ੍ਰੈਸ਼ਰ ਅਤੇ ਸ਼ੂਗਰ ਦੀ ਜਾਂਚ, ਹੱਡੀਆਂ ਅਤੇ ਜੋੜਾਂ ਦੀ ਜਾਂਚ, ਅੱਖਾਂ ਦੀ ਜਾਂਚ ਸਮੇਤ ਮੋਤੀਆਬਿੰਦ (ਕੈਟਰੇਕਟ) ਸਰਜਰੀ ਲਈ ਪੂਰਵ-ਮੁਲਾਂਕਣ, ਡਿਮੈਂਸ਼ੀਆ (ਸਮ੍ਰਿਤੀ ਰੋਗ) ਦੀ ਸਕ੍ਰੀਨਿੰਗ, ਫਿਜੀਓਥੈਰਪੀ ਸੇਵਾਵਾਂ, ਮਨੋਚਿਕਿਤਸਕ/ਕਲੀਨਿਕਲ ਮਨੋਵਿਗਿਆਨਕ ਮੁਲਾਂਕਣ ਅਤੇ ਹੋਰ ਜ਼ਰੂਰੀ ਸਿਹਤ ਸੇਵਾਵਾਂ ਮੁਫ਼ਤ ਉਪਲਬਧ ਕਰਵਾਈਆਂ ਜਾਣਗੀਆਂ। ਡਾ. ਸਤਿੰਦਰਜੀਤ ਕੌਰ ਨੇ ਦੱਸਿਆ ਕਿ ਜਿਨ੍ਹਾਂ ਬਿਰਧ ਨਾਗਰਿਕਾਂ ਨੂੰ ਹੋਰ ਉੱਚ ਪੱਧਰੀ ਇਲਾਜ ਜਾਂ ਰੈਫਰਲ ਦੀ ਲੋੜ ਹੋਵੇਗੀ, ਉਨ੍ਹਾਂ ਲਈ ਵੀ ਉਚਿਤ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਬਲਾਚੌਰ ਤੇ ਆਸ-ਪਾਸ ਦੇ ਖੇਤਰਾਂ ਦੇ ਬਿਰਧ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ 7 ਫਰਵਰੀ ਨੂੰ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਪਹੁੰਚ ਕੇ ਇਸ ਵਿਸ਼ੇਸ਼ ਮੈਡੀਕਲ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ।