ਐੱਸਆਈਆਰ-2026 ਤਹਿਤ 618 ਪੋਲਿੰਗ ਸਟੇਸ਼ਨਾਂ ’ਤੇ ਲੱਗੇ ਕੈਂਪ ਐਸਆਈਆਰ-2026 ਤਹਿਤ ਜ਼ਿਲ੍ਹੇ ਦੇ 618 ਪੋਲਿੰਗ ਸਟੇਸ਼ਨਾਂ ਤੇ ਲੱਗੇ ਵਿਸ਼ੇਸ਼ ਕੈਂਪ
Publish Date: Sun, 06 Sep 2026 03:29 PM (IST)
Updated Date: Sun, 06 Sep 2026 03:31 PM (IST)
- ਡਿਪਟੀ ਕਮਿਸ਼ਨਰ ਵੱਲੋਂ ਦਾਅਵੇ-ਇਤਰਾਜ਼ 12 ਸਤੰਬਰ ਤੱਕ ਜਮ੍ਹਾਂ ਕਰਵਾਉਣ ਦੀ ਅਪੀਲ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸਆਈਆਰ)-2026 ਤਹਿਤ ਜ਼ਿਲ੍ਹੇ ਦੇ ਸਾਰੇ 618 ਪੋਲਿੰਗ ਸਟੇਸ਼ਨਾਂ ਤੇ ਵਿਸ਼ੇਸ਼ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੀਐੱਲਓ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹੇ ਅਤੇ ਵੋਟਰਾਂ ਨੂੰ ਦਾਅਵੇ-ਇਤਰਾਜ਼ ਸਬੰਧੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕੀਤੀ। ਕੈਂਪਾਂ ਵਿਚ ਵੱਡੀ ਗਿਣਤੀ ਵਿੱਚ ਵੋਟਰਾਂ ਨੇ ਪਹੁੰਚ ਕੇ ਆਪਣੇ ਨਾਮਾਂ ਦੀ ਪੜਤਾਲ ਕੀਤੀ ਅਤੇ ਨਵੇਂ ਵੋਟਰਾਂ ਨੇ ਫਾਰਮ ਭਰੇ। ਉਨ੍ਹਾਂ ਦੱਸਿਆ ਕਿ 13 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾ ਚੁੱਕੀ ਹੈ ਅਤੇ ਇਸ ਸਬੰਧੀ ਦਾਅਵੇ ਅਤੇ ਇਤਰਾਜ਼ 12 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ। ਵੋਟਰ ਆਪਣੇ ਦਾਅਵੇ-ਇਤਰਾਜ਼ ਸਬੰਧੀ ਫਾਰਮ ਨੰਬਰ 6, 6-ਏ ਅਤੇ 8 ਆਨਲਾਈਨ http://www.voters.eci.gov.in ਅਤੇ Voter 8elpline 1pp ਰਾਹੀਂ ਜਾਂ ਆਫਲਾਈਨ ਸਬੰਧਤ ਈਆਰਓ ਅਤੇ ਬੀਐੱਲਓ ਕੋਲ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਵੱਧ ਹੈ, ਉਹ ਫਾਰਮ ਨੰਬਰ 6 ਭਰ ਕੇ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਏ ਅਤੇ ਕਿਸੇ ਵੀ ਤਰ੍ਹਾਂ ਦੀ ਦਰੁਸਤੀ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਸੰਪਰਕ ਕੀਤਾ ਜਾ ਸਕਦਾ ਹੈ।