ਵੋਟਰ ਸੂਚੀ 'ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ ਕੈਂਪ ਕੱਲ੍ਹ ਤੋਂ ਵੋਟਰ ਸੂਚੀ 'ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ
Publish Date: Fri, 20 Nov 2026 05:02 PM (IST)
Updated Date: Fri, 20 Nov 2026 05:04 PM (IST)
ਸਟਾਫ਼ ਰਿਪੋਰਟਰ. ਪੰਜਾਬੀ ਜਾਗਰਣ, ਨਵਾਂਸ਼ਹਿਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਯੋਗਤਾ 1 ਜਨਵਰੀ 2027 ਦੇ ਆਧਾਰ ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐਸਐਸਆਰ) ਤਹਿਤ ਵੋਟਰ ਸੂਚੀ ਵਿਚ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ 22 ਨਵੰਬਰ ਅਤੇ 6 ਦਸੰਬਰ 2026 ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਦੋਵੇਂ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਯੋਗ ਨਾਗਰਿਕਾਂ ਨੂੰ ਵੋਟਰ ਸੂਚੀ ਵਿਚ ਆਪਣੇ ਵੇਰਵਿਆਂ ਦੀ ਜਾਂਚ ਕਰਨ ਅਤੇ ਲੋੜ ਅਨੁਸਾਰ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ। ਇਸ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ (ਬੀਐੱਲਓਜ਼) ਆਪੋ-ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਦੀ ਸਹਾਇਤਾ ਕਰਨਗੇ। ਡਿਪਟੀ ਕਮਿਸ਼ਨਰ ਨੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੈਂਪਾਂ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਖੁੱਲ੍ਹੀਆਂ ਰੱਖਣ ਦੇ ਨਾਲ-ਨਾਲ ਉੱਥੇ ਲੋੜੀਂਦੇ ਪ੍ਰਬੰਧ ਵੀ ਯਕੀਨੀ ਬਣਾਏ ਜਾਣ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟਾਂ (ਬੀਐੱਲਏਜ਼) ਰਾਹੀਂ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਬਾਰੇ ਜਾਗਰੂਕ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਵਿਚ ਸਹਿਯੋਗ ਦੇਣ। ਉਨ੍ਹਾਂ ਸੰਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਵਿਸ਼ੇਸ਼ ਕੈਂਪਾਂ ਦੀ ਨਿੱਜੀ ਤੌਰ ਤੇ ਨਿਗਰਾਨੀ ਕਰਨ ਅਤੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।