- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
6 ਸਤੰਬਰ ਨੂੰ ਜ਼ਿਲ੍ਹੇ ਦੇ ਸਾਰੇ 618 ਪੋਲਿੰਗ ਸਟੇਸ਼ਨਾਂ 'ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ

- ਵੋਟਰ ਸੂਚੀ ’ਚ ਸੋਧ ਸਬੰਧੀ ਵੋਟਰ ਹੈਲਪਲਾਈਨ ਨੰਬਰ 1950 ’ਤੇ ਕਰ ਸਕਦੇ ਹੋ ਸੰਪਰਕ
ਪ੍ਰਦੀਪ ਭਨੋਟ, ਪੰਜਾਬੀ ਜਾਗਰਣ
ਨਵਾਂਸ਼ਹਿਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ’ਚ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐਸਆਈਆਰ) 2026 ਦਾ ਮਹੱਤਵ ਪੂਰਨ ਕੰਮ ਚੱਲ ਰਿਹਾ ਹੈ। ਇਸ ਤਹਿਤ 13 ਅਗਸਤ 2026 ਨੂੰ ਡ੍ਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਮੁੱਢਲੀ ਵੋਟਰ ਸੂਚੀ ਸਬੰਧੀ ਦਾਅਵੇ ਅਤੇ ਇਤਰਾਜ਼ 12 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ। ਵੋਟਰ ਆਪਣੇ ਦਾਅਵੇ ਅਤੇ ਇਤਰਾਜ਼ ਸਬੰਧੀ ਫਾਰਮ ਨੰਬਰ 6, 6-ਏ ਅਤੇ 8 ਆਨਲਾਈਨ www.voters.eci.gov.in ਅਤੇ ਵੋਟਰ ਹੈਲਪਲਾਈਨ ਐਪ ਰਾਹੀਂ ਜਾਂ ਆਫ਼ ਲਾਈਨ ਸਬੰਧਿਤ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ਈਆਰਓ) ਅਤੇ ਬੀਐੱਲਓ ਕੋਲ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐੱਸਆਈਆਰ-2026 ਤਹਿਤ ਆਮ ਲੋਕਾਂ ਅਤੇ ਵੋਟਰਾਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਲਈ 6 ਸਤੰਬਰ 2026, ਦਿਨ ਐਤਵਾਰ ਨੂੰ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹੇ ਦੇ ਸਾਰੇ 618 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੀਐੱਲਓ ਆਪੋ-ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ ਅਤੇ ਵੋਟਰਾਂ ਨੂੰ ਨੋਟਿਸ ਫਾਰਮ, ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਨਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਯੋਗਤਾ ਮਿਤੀ 1 ਅਕਤੂਬਰ 2026 ਦੇ ਆਧਾਰ ’ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਆਪਣਾ ਨਾਮ ਵੋਟਰ ਸੂਚੀ ਵਿਚ ਦਰਜ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਇਸ ਵਿਸ਼ੇਸ਼ ਕੈਂਪ ਦਾ ਲਾਭ ਲੈਣ। ਇਸੇ ਤਰ੍ਹਾਂ ਵੋਟਰ ਕਾਰਡ ਵਿਚ ਦਰਜ ਵੇਰਵਿਆਂ ਵਿਚ ਕਿਸੇ ਵੀ ਕਿਸਮ ਦੀ ਦਰੁਸਤੀ ਕਰਵਾਉਣ ਲਈ ਫਾਰਮ ਨੰਬਰ-8 ਭਰਿਆ ਜਾ ਸਕਦਾ ਹੈ। ਉਨ੍ਹਾਂ ਸਮੂਹ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਬੂਥ ਲੈਵਲ ਏਜੰਟਾਂ (ਬੀਐੱਲਏਜ਼) ਨੂੰ ਦਾਅਵਿਆਂ ਅਤੇ ਇਤਰਾਜ਼ਾਂ ਦੇ ਕੰਮ ਵਿਚ ਬੀਐੱਲਓਜ਼ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਨੇੜਲੇ ਪੋਲਿੰਗ ਸਟੇਸ਼ਨ ’ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ਵਿਚ ਪਹੁੰਚ ਕੇ ਆਪਣਾ ਨਾਮ ਵੋਟਰ ਸੂਚੀ ਵਿਚ ਚੈੱਕ ਕਰਨ ਅਤੇ ਲੋੜ ਅਨੁਸਾਰ ਦਾਅਵੇ, ਇਤਰਾਜ਼ ਜਾਂ ਦਰੁਸਤੀ ਸਬੰਧੀ ਫਾਰਮ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਵੋਟਰ ਸੂਚੀ ਦਾ ਸਹੀ ਅਤੇ ਅਪਡੇਟ ਹੋਣਾ ਬਹੁਤ ਮਹੱਤਵ ਪੂਰਨ ਹੈ। ਵੋਟਰ ਸੂਚੀ ਵਿਚ ਸੋਧ, ਰਜਿਸਟ੍ਰੇਸ਼ਨ ਅਤੇ ਦਾਅਵਿਆਂ-ਇਤਰਾਜ਼ਾਂ ਸਬੰਧੀ ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 (ਟੋਲ ਫ੍ਰੀ) ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।