ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਡੀਸੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ-ਡੀਸੀ
Publish Date: Thu, 05 Nov 2026 05:16 PM (IST)
Updated Date: Thu, 05 Nov 2026 05:17 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਾਉਣੀ ਸੀਜ਼ਨ-2026 ਦੌਰਾਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਆਈਏਐੱਸ ਨੇ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।।ਜਿਸ ਦੌਰਾਨ ਜ਼ਿਲ੍ਹੇ ਵਿਚ ਹੁਣ ਤੱਕ ਪਰਾਲੀ ਸਾੜਨ ਦੀਆਂ ਸਾਹਮਣੇ ਆਈਆਂ ਘਟਨਾਵਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਇਸ ਸੰਬੰਧੀ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀ ਕੋਈ ਵੀ ਘਟਨਾ ਸਾਹਮਣੇ ਆਉਂਦੀ ਹੈ। ਤਾਂ ਸੰਬੰਧਤ ਕਲੱਸਟਰ ਅਫ਼ਸਰ ਅਤੇ ਨੋਡਲ ਅਫ਼ਸਰ ਦੀ ਜਵਾਬਦੇਹੀ ਤੈਅ ਕਰਦਿਆਂ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਤੁਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਪੁਲਿਸ ਵਿਭਾਗ ਨੂੰ ਖੇਤਰੀ ਪੱਧਰ ਤੇ ਲਗਾਤਾਰ ਪੈਟਰੋਲਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਉਣ ਤੇ ਸੰਬੰਧਤ ਕਿਸਾਨ ਵਿਰੁੱਧ ਵਾਤਾਵਰਨ ਜੁਰਮਾਨਾ ਲਗਾਉਣ, ਮਾਲ ਰਿਕਾਰਡ ਵਿਚ ਰੈੱਡ ਐਂਟਰੀ ਦਰਜ ਕਰਨ ਅਤੇ ਐੱਫਆਈਆਰ ਦਰਜ ਕਰਨ ਦੀ ਕਾਰਵਾਈ ਤੁਰੰਤ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ 1800 ਤੋਂ ਵੱਧ ਮਸ਼ੀਨਾਂ ਉਪਲੱਬਧ ਹਨ। ਕਿਸਾਨ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਦਾ ਯੋਗ ਪ੍ਰਬੰਧਨ ਕਰਨ ਅਤੇ ਕਣਕ ਦੀ ਬਿਜਾਈ ਸਮੇਂ ਸਿਰ ਨੇਪਰੇ ਚਾੜ੍ਹਨ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਤਾਵਰਣ ਦੀ ਸ਼ੁੱਧਤਾ ਅਤੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕੀਤਾ ਜਾਵੇ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਪੀਸੀਐੱਸ, ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ ਪੀਸੀਐੱਸ, ਐੱਸਡੀਐੱਮ ਬਲਾਚੌਰ ਸੁਨੀਲ ਫੋਗਾਟ ਆਈਏਐੱਸ, ਐੱਸਡੀਐੱਮ ਨਵਾਂਸ਼ਹਿਰ ਅਨਮਜੋਤ ਕੌਰ ਪੀਸੀਐੱਸ, ਡੀਐੱਸਪੀ ਨਵਾਂਸ਼ਹਿਰ ਪੰਕਜ ਸ਼ਰਮਾ, ਡੀਐੱਸਪੀ ਬੰਗਾ ਹਰਜੀਤ ਸਿੰਘ, ਡੀਐੱਸਪੀ ਬਲਾਚੌਰ ਹਿੰਮਤ ਮਲਹੌਤਰਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਲੇਖ ਰਾਜ ਮਾਹੀ, ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਇੰਜ. ਚੰਦਨ ਸ਼ਰਮਾ, ਐੱਸਡੀਓ ਪ੍ਰਦੂਸ਼ਣ ਕੰਟਰੋਲ ਬੋਰਡ ਅਰਸ਼ਪ੍ਰੀਤ ਕੌਰ, ਪ੍ਰੋਜੈਕਟ ਡਾਇਰੈਕਟਰ ਆਤਮਾ-ਕਮ-ਨੋਡਲ ਅਫ਼ਸਰ ਡਾ. ਕਮਲਦੀਪ ਸਿੰਘ ਸੰਘਾ, ਬਲਾਕ ਨੋਡਲ ਅਫ਼ਸਰ ਡਾ. ਰਾਜ ਕੁਮਾਰ, ਡਾ. ਲਛਮਣ ਦਾਸ ਅਤੇ ਡਾ. ਨੀਤਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।