ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ’ਤੇ ਸਖ਼ਤ ਪਾਬੰਦੀ : ਸਿਵਲ ਸਰਜਨ
ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ 'ਤੇ ਸਖ਼ਤ ਪਾਬੰਦੀ-ਸਿਵਲ ਸਰਜਨ
Publish Date: Tue, 24 Feb 2026 05:35 PM (IST)
Updated Date: Wed, 25 Feb 2026 04:05 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਜ਼ਿਲ੍ਹਾ ਪੀਸੀਪੀਐੱਨਡੀਟੀ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਆਯੋਜਿਤ ਕੀਤੀ। ਜਿਸਦਾ ਮੁੱਖ ਉਦੇਸ਼ ਪੀਸੀਪੀਐੱਨਡੀਟੀ ਨੂੰ ਜ਼ਿਲ੍ਹੇ ਵਿਚ ਸਖ਼ਤੀ ਅਤੇ ਪਾਰਦਰਸ਼ਤਾ ਨਾਲ ਲਾਗੂ ਕਰਨਾ ਹੈ ਤਾਂ ਜੋ ਲਿੰਗ ਚੋਣ ਸੰਬੰਧੀ ਗੈਰ-ਕਾਨੂੰਨੀ ਗਤੀਵਿਧੀਆਂ ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ। ਮੀਟਿੰਗ ਦੀ ਸ਼ੁਰੂਆਤ ਕਰਦੇ ਹੋਏ ਕਾਰਜਕਾਰੀ ਪੀਐੱਨਡੀਟੀ ਕੋਆਰਡੀਨੇਟਰ ਡਾ. ਹਰਨੇਕ ਸਿੰਘ ਵੱਲੋਂ ਕਮੇਟੀ ਮੈਂਬਰਾਂ ਨੂੰ ਵੱਖ-ਵੱਖ ਏਜੰਡਾ ਮੁੱਦਿਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਅੰਦਰ ਚੱਲ ਰਹੇ ਅਲਟਰਾਸਾਊਂਡ ਕੇਂਦਰਾਂ ਦੀ ਨਿਗਰਾਨੀ ਕਰਨ ਤੇ ਰਿਕਾਰਡ ਦਾ ਰੱਖ-ਰਖਾਅ ਕਰਨ ਦੀ ਪ੍ਰਕਿਰਿਆ ਦੀ ਸਮੀਖਿਆ ਕੀਤੀ। ਉਨ੍ਹਾਂ ਫਾਰਮ ਸਹੀ ਤਰੀਕੇ ਨਾਲ ਭਰਨ ਅਤੇ ਨਿਯਮਾਂ ਅਨੁਸਾਰ ਡਿਸਪਲੇ ਬੋਰਡ ਲਗਾਉਣ ਸੰਬੰਧੀ ਵੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਲਿੰਗ ਜਾਂਚ ਤੇ ਪੂਰੀ ਪਾਬੰਦੀ ਹੈ ਤੇ ਪੀਸੀ ਪੀਐੱਨਡੀਟੀ ਐਕਟ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਰਿਆਇਤ ਨਹੀਂ ਵਰਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿਚ ਲਿੰਗ ਅਨੁਪਾਤ ਸੁਧਾਰਨਾ ਸਿਹਤ ਵਿਭਾਗ ਦੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਨਿਗਰਾਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਚਾਨਕ ਜਾਂਚਾਂ ਜਾਰੀ ਰਹਿਣਗੀਆਂ ਅਤੇ ਜੇਕਰ ਕਿਸੇ ਕੇਂਦਰ ਵੱਲੋਂ ਕਾਨੂੰਨ ਦੀ ਉਲੰਘਣਾ ਕੀਤੀ ਗਈ ਤਾਂ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰ ਵਿਚ ਜਾਗਰੂਕਤਾ ਗਤੀਵਿਧੀਆਂ ਨੂੰ ਵਧਾਉਣ। ਤਾਂ ਜੋ ਸਮਾਜ ਵਿਚ ਭਰੂਣ ਹੱਤਿਆ ਵਿਰੁੱਧ ਸਕਾਰਾਤਮਕ ਸੋਚ ਵਿਕਸਿਤ ਹੋ ਸਕੇ। ਉਨ੍ਹਾਂ ਕਿਹਾ ਕਿ ਬੇਟੀ ਬਚਾਓ, ਬੇਟੀ ਪੜ੍ਹਾਓ“ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਨਾਲ ਲਾਗੂ ਕਰਨਾ ਸਮੇਂ ਦੀ ਲੋੜ ਹੈ।।ਮੀਟਿੰਗ ਚ ਫੈਸਲਾ ਲਿਆ ਕਿ ਸਾਰੇ ਰਜਿਸਟਰਡ ਕੇਂਦਰਾਂ ਦੇ ਰਿਕਾਰਡਾਂ ਦੀ ਨਿਯਮਿਤ ਜਾਂਚ ਕੀਤੀ ਜਾਵੇਗੀ ਅਤੇ ਰਿਪੋਰਟਿੰਗ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਕਾਨੂੰਨੀ ਪ੍ਰਾਵਧਾਨਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਸਿਹਤ ਵਿਭਾਗ ਵੱਲੋਂ ਕਾਨੂੰਨ ਦੀ ਪਾਲਣਾ ਲਈ ਪੂਰੀ ਵਚਨਬੱਧਤਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਰ ਕੇਂਦਰ ਨਿਯਮਾਂ ਅਨੁਸਾਰ ਕੰਮ ਕਰੇ। ਉਨ੍ਹਾਂ ਕਿਹਾ ਕਿ ਕਾਨੂੰਨ ਦੀ ਪਾਲਣਾ ਸਿਰਫ਼ ਸਰਕਾਰੀ ਜ਼ਿੰਮੇਵਾਰੀ ਨਹੀਂ, ਸਗੋਂ ਸਮਾਜਿਕ ਫ਼ਰਜ਼ ਵੀ ਹੈ। ਮੀਟਿੰਗ ਵਿਚ ਹਾਜ਼ਰ ਮੈਂਬਰਾਂ ਵੱਲੋਂ ਆਪਣੇ ਸੁਝਾਅ ਵੀ ਪੇਸ਼ ਕੀਤੇ ਗਏ ਅਤੇ ਐਕਟ ਦੀ ਪ੍ਰਭਾਵਸ਼ਾਲੀ ਲਾਗੂ ਅਤੇ ਲਈ ਸਾਂਝੀ ਰਣਨੀਤੀ ਤੇ ਵਿਚਾਰ ਕੀਤਾ ਗਿਆ।।ਇਸ ਮੌਕੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ, ਡਾ. ਹਰਕੇਸ਼ ਕੁਮਾਰ, ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪ੍ਰਤੀਨਿਧ ਅਜੇਵੀਰ ਸਿੰਘ ਰਾਣਾ, ਕਮੇਟੀ ਮੈਂਬਰ ਡਾ. ਹਰਕੇਸ਼ ਕੁਮਾਰ, ਜ਼ਿਲ੍ਹਾ ਡਿਪਟੀ ਅਟਾਰਨੀ ਤੇਜਵੀਰ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਦਲਜੀਤ ਸਿੰਘ, ਸਮਾਜਸੇਵੀ ਰਤਨ ਜੈਨ, ਬੀਰਬਲ ਤੱਖੀ, ਸੁਰਜੀਤ ਸਿੰਘ ਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।