ਪੀਸੀ-ਪੀਐੱਨਡੀਟੀ ਐਕਟ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ
ਪੀਸੀ-ਪੀਐੱਨਡੀਟੀ ਐਕਟ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ-ਡਾ. ਹਰੀਸ਼ ਕਿਰਪਾਲ
Publish Date: Sun, 15 Feb 2026 06:36 PM (IST)
Updated Date: Mon, 16 Feb 2026 04:09 AM (IST)

ਪਾਲਣਾ ਯਕੀਨੀ ਬਣਾਉਣ ਲਈ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਜਾਂਚ ਬਲਿਹਾਰ ਸਿੰਘ, ਪੰਜਾਬੀ ਜਾਗਰਣ, ਨਵਾਂਸ਼ਹਿਰ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਵੀਰਵਾਰ ਨੂੰ ਜ਼ਿਲ੍ਹੇ ਵਿਚ ਪੀਸੀ-ਪੀਐੱਨਡੀਟੀ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਦੇ ਮੰਤਵ ਨਾਲ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਬੰਗਾ ਕਸਬੇ ਵਿਚ ਪੰਜ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਜਾਂਚ ਕੀਤੀ। ਜਾਂਚ ਦੌਰਾਨ ਸਾਰੇ ਸਕੈਨ ਸੈਂਟਰਾਂ ਵਿਚ ਰੱਖੇ ਜਾਣ ਵਾਲੇ ਲਾਜ਼ਮੀ ਰਿਕਾਰਡਾਂ, ਰਜਿਸਟਰਾਂ ਅਤੇ ਹੋਰ ਦਸਤਾਵੇਜ਼ਾਂ ਨੂੰ ਬਾਰੀਕੀ ਨਾਲ ਘੋਖਿਆ ਗਿਆ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਗਿਆ ਕਿ ਹਰ ਸੈਂਟਰ ਤੇ ਪੀਐੱਨਡੀਟੀ ਐਕਟ ਅਧੀਨ ਲਾਜ਼ਮੀ ਸਾਈਨਬੋਰਡ ਸਪੱਸ਼ਟ ਤੌਰ ਤੇ ਲੱਗੇ ਹੋਏ ਹਨ ਅਤੇ ਨਿਯਮਾਂ ਦੀ ਪੂਰੀ ਪਾਲਣਾ ਕੀਤੀ ਜਾ ਰਹੀ ਹੈ। ਇਸ ਸਬੰਧੀ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਕਿਹਾ ਕਿ ਪੀਸੀ-ਪੀਐੱਨਡੀਟੀ ਐਕਟ ਅਧੀਨ ਗਰਭ ਵਿਚ ਲਿੰਗ-ਪਛਾਣ ਕਰਨਾ ਕਾਨੂੰਨੀ ਤੌਰ ਤੇ ਗੰਭੀਰ ਅਪਰਾਧ ਹੈ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਅਜਿਹੀਆਂ ਅਚਨਚੇਤ ਜਾਂਚ ਜਾਰੀ ਰਹਿਣਗੀਆਂ। ਤਾਂ ਜੋ ਜ਼ਿਲ੍ਹੇ ਵਿਚ ਲਿੰਗ ਅਨੁਪਾਤ ਨੂੰ ਸੁਧਾਰਿਆ ਜਾ ਸਕੇ। ਉਨ੍ਹਾਂ ਨੇ ਸਾਰੇ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਸੰਚਾਲਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ ਸਾਰੇ ਰਿਕਾਰਡ ਅਪਡੇਟ ਰੱਖਣ, ਨਿਯਮਾਂ ਅਨੁਸਾਰ ਕਾਰਵਾਈ ਕਰਨ ਅਤੇ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਪਾਲਣਾ ਯਕੀਨੀ ਬਣਾਉਣ। ਡਾ. ਹਰੀਸ਼ ਕਿਰਪਾਲ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇ ਕਿਤੇ ਵੀ ਪੀਐੱਨਡੀਟੀ ਐਕਟ ਦੀ ਉਲੰਘਣਾ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ। ਤਾਂ ਉਹ ਤੁਰੰਤ ਸਿਹਤ ਵਿਭਾਗ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੂਚਿਤ ਕਰਨ। ਇਸ ਮੌਕੇ ਕਾਰਜਕਾਰੀ ਪੀਐੱਨਡੀਟੀ ਕੋਆਡੀਨੇਟਰ ਹਰਨੇਕ ਸਿੰਘ ਵੀ ਮੌਜੂਦ ਸਨ।