ਬੱਚੀਆਂ ਦੀ ਸੁਰੱਖਿਆ ਲਈ ਸਖ਼ਤ ਚੌਕਸੀ ਦੇ ਹੁਕਮ
ਬੱਚੀਆਂ ਦੀ ਸੁਰੱਖਿਆ ਲਈ ਸਖ਼ਤ ਚੌਕਸੀ ਦੇ ਹੁਕਮ, ਪੀਸੀ.-ਪੀਐਨਡੀਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ 'ਤੇ ਦਿੱਤਾ ਜ਼ੋਰ
Publish Date: Sat, 06 Dec 2025 05:17 PM (IST)
Updated Date: Sat, 06 Dec 2025 05:18 PM (IST)

ਪੀਸੀ.-ਪੀਐਨਡੀਟੀ. ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਲੋੜ ਤੇ ਦਿੱਤਾ ਜ਼ੋਰ ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਸਿਹਤ ਵਿਭਾਗ ਭਰੂਣ ਹੱਤਿਆ ਨੂੰ ਰੋਕਣ ਦੇ ਯਤਨਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਮੱਦੇਨਜ਼ਰ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਯਤਨਸ਼ੀਲ ਹੈ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਿਵਲ ਸਰਜਨ ਦਫਤਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਪੀ.ਸੀ.-ਪੀ.ਐੱਨ.ਡੀ.ਟੀ. ਐਕਟ ਨੂੰ ਜ਼ਿਲ੍ਹੇ ਅੰਦਰ ਅਸਰਦਾਰ ਢੰਗ ਨਾਲ ਲਾਗੂ ਕਰਨ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਦੇ ਬਲਾਕ ਐਕਸਟੈਂਸ਼ਨ ਐਜੂਕੇਟਰਸ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਸਮੇਤ ਸਾਰੇ ਸਿਹਤ ਸੰਭਾਲ ਕਾਮਿਆਂ ਤੋਂ ਲੈ ਕੇ ਆਸ਼ਾ ਵਰਕਰਾਂ ਨੂੰ ਗਰਭ ਅਵਸਥਾ ਦੌਰਾਨ ਨਿਗਰਾਨੀ ਕਰਨ ਅਤੇ ਲਿੰਗ ਨਿਰਧਾਰਣ ਸਬੰਧੀ ਅਨੈਤਿਕ ਅਮਲ ਨੂੰ ਠੱਲ੍ਹ ਪਾਉਣ ਲਈ ਨਿਰੰਤਰ ਚੌਕਸੀ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਸਿਹਤ ਅਧਿਕਾਰੀਆਂ ਤੇ ਕਮਰਚਾਰੀਆਂ ਨੂੰ ਸਰਗਰਮੀ ਨਾਲ ਹਰ ਗਰਭਵਤੀ ਔਰਤ ਦੀ ਟਰੈਕਿੰਗ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਇੱਕ ਬੱਚੀ ਨੂੰ ਗਰਭ ਵਿੱਚ ਮਾਰਨ ਤੋਂ ਵੱਡਾ ਹੋਰ ਕੋਈ ਅਪਰਾਧ ਨਹੀਂ ਹੈ। ਸਿਵਲ ਸਰਜਨ ਨੇ ਪੀਸੀ-ਪੀ.ਐੱਨ.ਡੀ.ਟੀ. ਐਕਟ ਦੀ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਕਾਨੂੰਨ ਉਦੋਂ ਹੀ ਪ੍ਰਭਾਵੀ ਤੇ ਅਸਰਦਾਰ ਸਿੱਧ ਹੁੰਦਾ ਹੈ, ਜਦੋਂ ਸਮਾਜ ਵੱਲੋਂ ਪੂਰੀ ਸੁਹਿਰਦਤਾ ਨਾਲ ਇਸਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਯਾਦ ਦਿਵਾਇਆ ਕਿ ਕਿਸੇ ਵੀ ਵਿਅਕਤੀ ਨੂੰ ਅਣਜੰਮੇ ਬੱਚੇ ਦਾ ਲਿੰਗ ਜਾਣਨ ਦੀ ਇਜਾਜ਼ਤ ਨਹੀਂ ਹੈ ਅਤੇ ਕਿਸੇ ਵੀ ਡਾਕਟਰ ਜਾਂ ਕਲੀਨਿਕ ਨੂੰ ਭਰੂਣ ਸਬੰਧੀ ਕੋਈ ਜਾਣਕਾਰੀ ਦੇਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵੀ ਕੰਮ ਗੰਭੀਰ ਅਪਰਾਧ ਹੈ , ਜਿਸ ਵਿੱਚ ਸਖ਼ਤ ਸਜ਼ਾਵਾਂ- ਜਿਵੇਂ ਕੈਦ ਅਤੇ ਲਾਇਸੈਂਸ ਰੱਦ ਕਰਨਾ ਸ਼ਾਮਲ ਹੈ। ਡਾ. ਗੁਰਿੰਦਰਜੀਤ ਸਿੰਘ ਨੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦੀ ਲੋੜ ‘ਤੇ ਜ਼ੋਰ ਦਿੰਦੇ ਹੋਏ ਦੱਸਿਆ ਕਿ ਮੁੰਡਿਆਂ ਅਤੇ ਕੁੜੀਆਂ ਦੀ ਗਿਣਤੀ ਵਿਚ ਅਸੰਤੁਲਨ ਚਿੰਤਾਜਨਕ ਹੈ। ਸਮਾਜਿਕ ਭੇਦ-ਭਾਵ, ਸੌੜੀ ਮਾਨਸਿਕਤਾ ਅਤੇ ਲੜਕੀ ਭਰੂਣ ਹੱਤਿਆ ਵਰਗੇ ਅਣਮਨੁੱਖੀ ਅਮਲ ਹੀ ਇਸਦਾ ਕਾਰਨ ਹਨ। ਉਨ੍ਹਾਂ ਦੁਹਰਾਇਆ ਕਿ ਪੀਸੀ-ਪੀ.ਐੱਨ.ਡੀ.ਟੀ. ਐਕਟ ਦੇ ਉਪਬੰਧਾਂ ਦੀ ਉਲੰਘਣਾ ਕਰਨ ਵਾਲੇ ਅਲਟਰਾਸਾਊਂਡ ਸੈਂਟਰਾਂ ਨੂੰ ਲਾਇਸੈਂਸ ਰੱਦ ਕਰਨ ਤੋਂ ਲੈ ਕੇ ਕਾਨੂੰਨੀ ਜੁਰਮਾਨੇ ਤੱਕ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।ਸਮਾਜਿਕ ਤਬਦੀਲੀ ਦੀ ਮੰਗ ਕਰਦੇ ਹੋਏ, ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਧੀ ਦੇ ਜਨਮ ਦਾ ਜਸ਼ਨ ਮਨਾਇਆ ਜਾਣਾ ਚਾਹੀਦਾ ਹੈ ਅਤੇ ਉਸਦੀ ਸਿੱਖਿਆ, ਤਰੱਕੀ ਅਤੇ ਸੁਰੱਖਿਆ ਨੂੰ ਸਾਂਝੀ ਤੇ ਇਖ਼ਲਾਕੀ ਜ਼ਿੰਮੇਵਾਰੀ ਮੰਨਿਆ ਜਾਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਬਦਲਾਅ ਨੂੰ ਹੋਰ ਪੱਕੇ ਪੈਰੀਂ ਉਭਾਰਨ ਲਈ ਕੁੜੀਆਂ ਦੀਆਂ ਪ੍ਰਾਪਤੀਆਂ ਨੂੰ ਰੋਲ ਮਾਡਲ ਵਜੋਂ ਪੇਸ਼ ਕਰਨ। ਉਨ੍ਹਾਂ ਕਿਹਾ,“ ਲੜਕੀ ਸਿਰਫ਼ ਇੱਕ ਲਿੰਗ ਨਹੀਂ ਹੈ - ਉਹ ਇੱਕ ਪਰਿਵਾਰ ਦਾ ਮਾਨ ਹੈ, ਸਮਾਜ ਦੀ ਆਨ ਹੈ ਅਤੇ ਮਨੁੱਖਤਾ ਦਾ ਧੁਰਾ ਹੈ,“। ਉਨ੍ਹਾਂ ਇਹ ਵੀ ਕਿਹਾ ਕਿ ਕੁੱਖ ਵਿੱਚ ਕੁੜੀ ਨੂੰ ਮਾਰਨ ਵਾਲੀ ਸੋਚ ਸਿਰਫ਼ ਇੱਕ ਪਰਿਵਾਰ ਨੂੰ ਹੀ ਨਹੀਂ, ਸਗੋਂ ਪੂਰੇ ਸਮਾਜ ਦੇ ਸੰਤੁਲਨ ‘ਤੇ ਮਾੜਾ ਅਸਰ ਪਾਉਂਦੀ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਜ਼ੋਰ ਦੇ ਕੇ ਕਿਹਾ ਕਿ ਬੇਟੀ ਬਚਾਓ-ਬੇਟੀ ਪੜ੍ਹਾਓ ਅਤੇ ਪੀਸੀ-ਪੀ.ਐੱਨ.ਡੀ.ਟੀ. ਐਕਟ ਵਰਗੀਆਂ ਮੁਹਿੰਮਾਂ ਸਮਾਜਿਕ ਤੌਰ ਤੇ ਪ੍ਰਗਤੀਸ਼ੀਲ ਭਵਿੱਖ ਦੀ ਰੀੜ੍ਹ ਹਨ ਅਤੇ ਅੱਜ ਦੀ ਮੀਟਿੰਗ ਦਾ ਅਸਲ ਉਦੇਸ਼ ਸਾਡੇ ਸਮਾਜ ਦੀ ਮਾਨਸਿਕਤਾ ਵਿੱਚ ਤਬਦੀਲੀ ਲਿਆਉਣ ਦੀ ਲੋੜ ‘ਤੇ ਜ਼ੋਰ ਦੇਣਾ ਹੈ। ਡਾ. ਕਿਰਪਾਲ ਨੇ ਮੀਟਿੰਗ ਵਿੱਚ ਮੌਜੂਦ ਸਾਰਿਆਂ ਨੂੰ ਸਮੂਹਿਕ ਪ੍ਰਣ ਲੈਣ ਲਈ ਕਿਹਾ ਕਿ ਉਹ ਨਾ ਤਾਂ ਕਿਸੇ ਅਣਜੰਮੇ ਬੱਚੇ ਦੇ ਲਿੰਗ ਦੀ ਜਾਂਚ ਕਰਵਾਉਣਗੇ ਅਤੇ ਨਾ ਹੀ ਕਿਸੇ ਨੂੰ ਕਰਨ ਦੇਣਗੇ ਅਤੇ ਉਹ ਕਿਸੇ ਵੀ ਰੂਪ ਵਿੱਚ ਮੁੰਡਿਆਂ ਅਤੇ ਕੁੜੀਆਂ ਵਿੱਚ ਵਿਤਕਰਾ ਨਹੀਂ ਕਰਨਗੇ ਅਤੇ ਜਾਗਰੂਕਤਾ ਫੈਲਾਉਣ ਤਾਂ ਜੋ ਸੂਬੇ ਵਿੱਚੋਂ ਭਰੂਣ ਹੱਤਿਆ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਇੱਕ ਲੋਕ ਲਹਿਰ ਬਣਾਈ ਜਾ ਸਕੇ।