ਫ਼ਿਲਮ 'ਸਤਲੁਜ' 'ਤੇ ਪਾਬੰਦੀ ਖ਼ਿਲਾਫ਼ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਫ਼ਿਲਮ 'ਸਤਲੁਜ' 'ਤੇ ਪਾਬੰਦੀ ਖ਼ਿਲਾਫ਼ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਰੋਸ
Publish Date: Thu, 09 Jul 2026 06:28 PM (IST)
Updated Date: Thu, 09 Jul 2026 06:30 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਮਨੁੱਖੀ ਅਧਿਕਾਰਾਂ ਦੇ ਰਾਖੇ ਤੇ ਮਹਾਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਵੱਲੋਂ ਕੀਤੇ ਗਏ ਇਤਿਹਾਸਕ ਸੰਘਰਸ਼ ਤੇ ਆਧਾਰਿਤ ਫ਼ਿਲਮ ਸਤਲੁਜ ਨੂੰ ਇਕ ਪਲੇਟਫਾਰਮ ਤੇ ਰਿਲੀਜ਼ ਕਰਨ ਤੋਂ ਰੋਕਣ ਦੇ ਫ਼ੈਸਲੇ ਦੇ ਵਿਰੋਧ ਵਿਚ ਸਿੱਖ ਜਥੇਬੰਦੀਆਂ ਤੇ ਸਥਾਨਕ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਬਲਾਚੌਰ ਇਕਾਈ ਵੱਲੋਂ ਇਕ ਅਹਿਮ ਐਮਰਜੈਂਸੀ ਮੀਟਿੰਗ ਕੀਤੀ ਗਈ, ਜਿਸ ਵਿਚ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ਕੀਤਾ। ਇਸ ਰੋਸ ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਕੇਂਦਰ ਸਰਕਾਰ ਦੇ ਇਸ ਕਦਮ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਹਮੇਸ਼ਾ ਸੱਚ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਵਾਜ਼ ਬੁਲੰਦ ਕੀਤੀ ਸੀ ਤੇ ਉਨ੍ਹਾਂ ਦੇ ਜੀਵਨ ਤੇ ਬਣੀ ਫ਼ਿਲਮ ਨੂੰ ਰੋਕਣਾ ਪ੍ਰਗਟਾਵੇ ਦੀ ਆਜ਼ਾਦੀ ਤੇ ਸਿੱਧਾ ਹਮਲਾ ਹੈ। ਰੋਸ ਪ੍ਰਦਰਸ਼ਨ ਦੌਰਾਨ ਇਕੱਤਰ ਹੋਏ ਜਥੇਬੰਦੀ ਦੇ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਫ਼ਿਲਮ ਸਤਲੁਜ ਰਾਹੀਂ ਇਤਿਹਾਸਕ ਸੱਚਾਈਆਂ ਨੂੰ ਲੋਕਾਂ ਦੇ ਸਾਹਮਣੇ ਲਿਆਂਦਾ ਜਾ ਰਿਹਾ ਸੀ, ਜਿਸ ਤੋਂ ਕੇਂਦਰ ਸਰਕਾਰ ਡਰ ਰਹੀ ਹੈ। ਅਜਿਹੀਆਂ ਪਾਬੰਦੀਆਂ ਲਗਾ ਕੇ ਸਿੱਖ ਇਤਿਹਾਸ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਕਿਸੇ ਵੀ ਕੀਮਤ ਤੇ ਦਬਾਇਆ ਨਹੀਂ ਜਾ ਸਕਦਾ। ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਮੰਗ ਕੀਤੀ ਕਿ ਫ਼ਿਲਮ ਸਤਲੁਜ ਤੋਂ ਤੁਰੰਤ ਪਾਬੰਦੀ ਹਟਾਈ ਜਾਵੇ ਤੇ ਇਸ ਨੂੰ ਬਿਨਾਂ ਕਿਸੇ ਦੇਰੀ ਦੇ ਇਕ ਪਲੇਟਫਾਰਮ ਤੇ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਇਹ ਲੋਕਤੰਤਰ ਵਿਰੋਧੀ ਫ਼ੈਸਲਾ ਵਾਪਸ ਨਾ ਲਿਆ। ਤਾਂ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਮੀਟਿੰਗ ਤੇ ਰੋਸ ਪ੍ਰਦਰਸ਼ਨ ਵਿਚ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਅਹੁਦੇਦਾਰ, ਵਰਕਰ ਤੇ ਸਥਾਨਕ ਪਤਵੰਤੇ ਸੱਜਣ ਹਾਜ਼ਰ ਸਨ, ਜਿਨ੍ਹਾਂ ਵਿਚ ਸਾਬਕਾ ਸਰਪੰਚ ਨਰੈਣ ਚੰਦ, ਬਲਦੇਵ ਸਿੰਘ ਖੋਸਲਾ, ਸਰਬਜੀਤ ਸਿੰਘ ਮੰਡੇਰ ਬਕਾਪੁਰ, ਗੁਰਮੁੱਖ ਸਿੰਘ ਖ਼ਾਲਸਾ, ਅਮਰਜੀਤ ਸਿੰਘ ਮੰਡਿਆਣੀ, ਜਿੰਦਰ ਬੂਥਗੜ੍ਹ, ਪਰਮਜੀਤ ਸਿੰਘ ਖ਼ਾਲਸਾ, ਜਸਵਿੰਦਰ ਸਿੰਘ ਖ਼ਾਲਸਾ ਰੱਤੇਵਾਲ ਆਦਿ ਆਗੂਆਂ ਨੇ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਵਿਰੁੱਧ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ। 09ਐੱਨਐੱਸਆਰ19ਪੀ