ਵਿਦਿਆਰਥੀਆਂ ਨੇ ਇੰਟਰ ਸਕੂਲ ਮੁਕਾਬਲਿਆਂ ’ਚ ਮਾਰੀਆਂ ਮੱਲਾਂ ਵਿਦਿਆਰਥੀਆਂ ਨੇ ਇੰਟਰ ਸਕੂਲ ਮੁਕਾਬਲਿਆਂ ਵਿਚ ਮਾਰੀਆਂ ਮੱਲਾਂ
Publish Date: Fri, 11 Sep 2026 04:04 PM (IST)
Updated Date: Fri, 11 Sep 2026 04:07 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਭਾਈ ਸੰਗਤ ਸਿੰਘ ਖ਼ਾਲਸਾ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਬੱਬਰ ਕਰਮ ਸਿੰਘ ਮੈਮੋਰੀਅਲ ਪਬਲਿਕ ਸਕੂਲ ਦੌਲਤਪੁਰ ਵਿਖੇ ਕਰਵਾਏ ਇੰਟਰ ਸਕੂਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂ ਰੋਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਵਿਚ ਕਵੀਸ਼ਰੀ ਮੁਕਾਬਲੇ ਵਿਚ ਕਾਲਜ ਦੀਆਂ 12ਵੀਂ ਕਾਮਰਸ ਦੀਆਂ ਵਿਦਿਆਰਥਣਾਂ ਕਿਰਨਦੀਪ ਕੌਰ, ਦਿਲਜੋਤ ਕੌਰ ਅਤੇ ਮਨਵੀਰ ਕੌਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਇਸੇ ਤਰ੍ਹਾਂ ਦਸਤਾਰ ਮੁਕਾਬਲੇ ਵਿਚ ਕਾਲਜ ਦੇ 12ਵੀਂ ਨਾਨ-ਮੈਡੀਕਲ ਦੇ ਵਿਦਿਆਰਥੀ ਬ੍ਰਹਮਜੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਨ੍ਹਾਂ ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੁਕਾਬਲੇ ਵਿਚ ਕਾਲਜ ਦੀ ਨੁਮਾਇੰਦਗੀ ਕੀਤੀ। ਇਸ ਮੌਕੇ ਧਾਰਮਿਕ ਵਿਭਾਗ ਦੇ ਮੁਖੀ ਕਮਲਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਵੀਸ਼ਰੀ ਅਤੇ ਦਸਤਾਰ ਵਰਗੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਸਿੱਖੀ, ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਦੇ ਆਤਮ-ਵਿਸ਼ਵਾਸ ਅਤੇ ਸ਼ਖ਼ਸੀਅਤ ਦਾ ਵਿਕਾਸ ਕਰਨ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਪ੍ਰਾਪਤ ਕੀਤੀਆਂ ਇਹ ਪੁਜ਼ੀਸ਼ਨਾਂ ਉਨ੍ਹਾਂ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਸਰਗਰਮੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਧਾਰਮਿਕ, ਸਾਹਿਤਕ, ਸੱਭਿਆਚਾਰਕ ਅਤੇ ਸਹਿ-ਵਿਦਿਅਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਵੀਸ਼ਰੀ ਮੁਕਾਬਲੇ ਵਿਚ ਪਹਿਲਾ ਅਤੇ ਦਸਤਾਰ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਨਾ ਸਮੁੱਚੇ ਕਾਲਜ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਜੇਤੂ ਵਿਦਿਆਰਥੀਆਂ, ਧਾਰਮਿਕ ਵਿਭਾਗ ਦੀ ਮੁਖੀ ਕਮਲਜੀਤ ਕੌਰ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।