ਧਾਰਮਿਕ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਕੀਤਾ ਆਪਣੀ ਕਲਾ ਦਾ ਪ੍ਰਦਰਸ਼ਨ ਧਾਰਮਿਕ ਮੁਕਾਬਲਿਆਂ 'ਚ ਵਿਦਿਆਰਥੀਆਂ ਨੇ ਕੀਤਾ ਆਪਣੀ ਕਲਾ ਦਾ ਪ੍ਰਦਰਸ਼ਨ
Publish Date: Tue, 13 Oct 2026 04:53 PM (IST)
Updated Date: Tue, 13 Oct 2026 04:54 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਵਿਦਿਆਰਥੀਆਂ ਵੱਲੋਂ ਧਰਮ ਵਿਭਾਗ ਦੇ ਮੁਖੀ ਕਮਲਜੀਤ ਕੌਰ ਦੀ ਪ੍ਰੇਰਨਾ ਸਦਕਾ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਮੰਜੀ ਸਾਹਿਬ ਦੀਵਾਨ ਹਾਲ ਵਿਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਨੇ ਪੇਂਟਿੰਗ, ਲਿਖਤੀ ਪ੍ਰੀਖਿਆ ਅਤੇ ਹੋਰ ਮੁਕਾਬਲਿਆਂ ਰਾਹੀਂ ਆਪਣੀ ਕਲਾ, ਪ੍ਰਤਿਭਾ ਅਤੇ ਗਿਆਨ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਗੁਰੂ ਸਾਹਿਬਾਨ ਦੇ ਜੀਵਨ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਅੰਦਰ ਸਿਰਜਣਾਤਮਕਤਾ ਅਤੇ ਧਾਰਮਿਕ ਚੇਤਨਾ ਨੂੰ ਉਤਸ਼ਾਹਿਤ ਕਰਨਾ ਸੀ। ਇਸ ਮੌਕੇ ਪ੍ਰਿੰ. ਡਾ. ਰਣਜੀਤ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਾਨੂੰ ਨਿਮਰਤਾ, ਸੇਵਾ, ਸਿਮਰਨ ਅਤੇ ਮਨੁੱਖਤਾ ਦੀ ਭਲਾਈ ਲਈ ਕਾਰਜ ਕਰਨ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਸਰਗਰਮੀਆਂ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ, ਜਿਸ ਨਾਲ ਉਨ੍ਹਾਂ ਦੇ ਗਿਆਨ ਅਤੇ ਸ਼ਖ਼ਸੀਅਤ ਦਾ ਸਰਵਪੱਖੀ ਵਿਕਾਸ ਹੋ ਸਕੇ। ਕਾਲਜ ਦੇ ਧਰਮ ਵਿਭਾਗ ਦੀ ਮੁਖੀ ਕਮਲਜੀਤ ਕੌਰ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਇਹ ਮੁਕਾਬਲੇ ਵਿਦਿਆਰਥੀਆਂ ਨੂੰ ਗੁਰਮਤਿ ਸਿਧਾਂਤਾਂ ਅਤੇ ਸਿੱਖ ਇਤਿਹਾਸ ਨਾਲ ਜੋੜਨ ਦਾ ਵਧੀਆ ਉਪਰਾਲਾ ਹਨ। ਉਨ੍ਹਾਂ ਕਿਹਾ ਕਿ ਪੇਂਟਿੰਗ ਅਤੇ ਲਿਖਤੀ ਪ੍ਰੀਖਿਆ ਵਰਗੇ ਮੁਕਾਬਲਿਆਂ ਰਾਹੀਂ ਵਿਦਿਆਰਥੀ ਆਪਣੀ ਕਲਾ ਅਤੇ ਗਿਆਨ ਦਾ ਪ੍ਰਗਟਾਵਾ ਕਰਨ ਦੇ ਨਾਲ-ਨਾਲ ਆਪਣੇ ਧਾਰਮਿਕ ਵਿਰਸੇ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਅਜਿਹੀਆਂ ਸਰਗਰਮੀਆਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।