ਆਪਣੇ ਬੀਐੱਲਓ ਕੋਲ 3 ਤੱਕ ਐਨਿਊਮਰੇਸ਼ਨ ਫ਼ਾਰਮ ਜਮ੍ਹਾਂ ਕਰਾਓ : ਡਿਪਟੀ ਕਮਿਸ਼ਨਰ ਆਪਣੇ ਬੀਐੱਲਓ ਕੋਲ 3 ਅਗਸਤ ਤੱਕ ਐਨਿਊਮਰੇਸ਼ਨ ਫ਼ਾਰਮ ਜਮ੍ਹਾਂ ਕਰੋ-ਡਿਪਟੀ ਕਮਿਸ਼ਨਰ
Publish Date: Thu, 16 Jul 2026 06:08 PM (IST)
Updated Date: Thu, 16 Jul 2026 06:10 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਭਾਰਤੀ ਚੋਣ ਕਮਿਸ਼ਨ ਨੇ ਵਿਸ਼ੇਸ਼ ਜਾਂਚ ਸੁਧਾਈ-2026 ਲਈ ਸੋਧਿਆ ਸ਼ਡਿਊਲ ਜਾਰੀ ਕੀਤਾ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਬੰਧਤ ਬੀਐੱਲਓ ਨਾਲ ਸੰਪਰਕ ਕਰਕੇ 3 ਅਗਸਤ ਤੱਕ ਆਪਣਾ ਐਨਿਊਮਰੇਸ਼ਨ ਫਾਰਮ ਭਰ ਕੇ ਜ਼ਰੂਰ ਜਮ੍ਹਾਂ ਕਰਵਾਉਣ, ਤਾਂ ਜੋ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਤੇ ਤਰੁੱਟੀ-ਰਹਿਤ ਬਣਾਇਆ ਜਾ ਸਕੇ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੋਧੇ ਹੋਏ ਸ਼ਡਿਊਲ ਅਨੁਸਾਰ ਬੀਐੱਲਓ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਪੜਤਾਲ ਤੇ ਐਨਿਊਮਰੇਸ਼ਨ ਫਾਰਮ ਇਕੱਤਰ ਕਰਨ ਦਾ ਕੰਮ ਹੁਣ 3 ਅਗਸਤ 2026 ਤੱਕ ਜਾਰੀ ਰਹੇਗਾ। ਇਸ ਦੇ ਨਾਲ ਹੀ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦੀ ਪ੍ਰਕਿਰਿਆ ਵੀ 3 ਅਗਸਤ ਤੱਕ ਪੂਰੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡਰਾਫਟ ਵੋਟਰ ਸੂਚੀ 13 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਇਸ ਤੋਂ ਬਾਅਦ ਦਾਅਵੇ ਤੇ ਇਤਰਾਜ਼ 13 ਅਗਸਤ ਤੋਂ 12 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਨੋਟਿਸ ਪੜਾਅ, ਦਾਅਵੇ ਤੇ ਇਤਰਾਜ਼ ਦਾ ਨਿਪਟਾਰਾ 13 ਅਗਸਤ 2026 ਤੋਂ 8 ਅਕਤੂਬਰ 2026 ਤੱਕ ਕੀਤਾ ਜਾਵੇਗਾ, ਜਦਕਿ ਅੰਤਿਮ ਵੋਟਰ ਸੂਚੀ 12 ਅਕਤੂਬਰ 2026 ਨੂੰ ਪ੍ਰਕਾਸ਼ਿਤ ਹੋਵੇਗੀ। ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਹਰ ਯੋਗ ਨਾਗਰਿਕ ਦਾ ਵੋਟਰ ਸੂਚੀ ਵਿਚ ਸਹੀ ਤੇ ਸਮੇਂ ਸਿਰ ਨਾਮ ਦਰਜ ਹੋਣਾ ਮਜ਼ਬੂਤ ਲੋਕਤੰਤਰ ਦੀ ਨੀਂਹ ਹੈ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੀਐੱਲਓ ਨੂੰ ਪੂਰਾ ਸਹਿਯੋਗ ਦੇਣ, ਲੋੜੀਂਦੇ ਦਸਤਾਵੇਜ਼ ਸਮੇਂ ਸਿਰ ਉਪਲੱਬਧ ਕਰਵਾਉਣ ਤੇ ਨਿਰਧਾਰਿਤ ਮਿਆਦ ਅੰਦਰ ਐਨਿਊਮਰੇਸ਼ਨ ਫਾਰਮ ਜਮ੍ਹਾਂ ਕਰਵਾ ਕੇ ਇਸ ਮਹੱਤਵਪੂਰਨ ਪ੍ਰਕਿਰਿਆ ਨੂੰ ਸਫ਼ਲ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸਮੁੱਚਾ ਚੋਣ ਅਮਲਾ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੂਰੀ ਪਾਰਦਰਸ਼ਤਾ, ਨਿਰਪੱਖਤਾ ਤੇ ਸੁਚੱਜੇ ਢੰਗ ਨਾਲ ਵਿਸ਼ੇਸ਼ ਗਹਿਰੀ ਸੁਧਾਈ-2026 ਨੂੰ ਅਮਲ ਵਿਚ ਲਿਆ ਰਿਹਾ ਹੈ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਸਬੰਧਤ ਬੀਐੱਲਓ ਨਾਲ ਸੰਪਰਕ ਕਰਨ ਦੀ ਅਪੀਲ ਵੀ ਕੀਤੀ ਹੈ। ਇਸ ਤੋਂ ਇਲਾਵਾ ਐੱਸਆਈਆਰ-2026 ਸਬੰਧੀ ਕਿਸੇ ਵੀ ਜਾਣਕਾਰੀ, ਸਹਾਇਤਾ ਜਾਂ ਸ਼ਿਕਾਇਤ ਲਈ ਜ਼ਿਲ੍ਹਾ ਚੋਣ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਚੋਣ ਕਮਿਸ਼ਨ ਦੇ ਟੋਲ-ਫ਼ਰੀ ਨੰਬਰ 1950 ਤੇ ਕਾਲ ਕਰਕੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।