22 ਤੋਂ 24 ਨਵੰਬਰ ਤੱਕ ਚੱਲੇਗੀ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ 22 ਤੋਂ 24 ਨਵੰਬਰ ਤੱਕ ਚੱਲੇਗੀ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ
Publish Date: Thu, 19 Nov 2026 05:29 PM (IST)
Updated Date: Thu, 19 Nov 2026 05:31 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ ਨੇ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਦੇ ਨੋਡਲ ਅਫ਼ਸਰਾਂ ਨਾਲ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਕੀਤੀ। ਜੋ 22 ਤੋਂ 24 ਨਵੰਬਰ ਤੱਕ ਚਲਾਈ ਜਾਵੇਗੀ। ਇਸ ਮੁਹਿੰਮ ਤਹਿਤ 0 ਤੋਂ 5 ਸਾਲ ਤੱਕ ਦੇ 57,010 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿੱਥਿਆ ਗਿਆ ਹੈ। ਡਾ. ਹਰਪਿੰਦਰ ਸਿੰਘ ਨੇ ਦੱਸਿਆ ਕਿ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹੇ ਵਿਚ 228 ਪੋਲੀਓ ਬੂਥ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ 456 ਘਰ-ਘਰ ਜਾਣ ਵਾਲੀਆਂ ਟੀਮਾਂ, 15 ਟ੍ਰਾਂਜ਼ਿਟ ਟੀਮਾਂ ਅਤੇ 7 ਮੋਬਾਈਲ ਟੀਮਾਂ ਤਾਇਨਾਤ ਕੀਤੀਆਂ ਹਨ। ਜਦਕਿ ਮੁਹਿੰਮ ਦੀ ਸੁਚਾਰੂ ਨਿਗਰਾਨੀ ਲਈ 46 ਸੁਪਰ ਵਾਈਜ਼ਰ ਨਿਯੁਕਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਮੁਹਿੰਮ ਦੌਰਾਨ ਜ਼ਿਲ੍ਹੇ ਦੇ 1,38,015 ਘਰਾਂ ਨੂੰ ਕਵਰ ਕੀਤਾ ਜਾਵੇਗਾ। ਇਸ ਤੋਂ ਇਲਾਵਾ 18 ਅਨਾਜ ਮੰਡੀਆਂ, 13 ਫੈਕਟਰੀਆਂ, 55 ਇੱਟਾਂ ਦੇ ਭੱਠਿਆਂ ਅਤੇ 81 ਉੱਚ ਜੋਖਮ ਵਾਲੇ ਖੇਤਰਾਂ ਵਿਚ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪ੍ਰਵਾਸੀ ਮਜ਼ਦੂਰਾਂ, ਝੁੱਗੀਆਂ-ਝੌਂਪੜੀਆਂ, ਫੈਕਟਰੀਆਂ, ਇੱਟਾਂ ਦੇ ਭੱਠਿਆਂ ਅਤੇ ਹੋਰ ਉੱਚ ਜ਼ੋਖਮ ਵਾਲੇ ਖੇਤਰਾਂ ਵਿਚ ਰਹਿੰਦੇ ਪਰਿਵਾਰਾਂ ਦੇ ਬੱਚਿਆਂ ਨੂੰ ਮੁਹਿੰਮ ਤਹਿਤ ਵਿਸ਼ੇਸ਼ ਤੌਰ ਤੇ ਕਵਰ ਕੀਤਾ ਜਾਵੇ, ਤਾਂ ਜੋ ਕੋਈ ਵੀ ਯੋਗ ਬੱਚਾ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਮੁਹਿੰਮ ਦੇ ਪਹਿਲੇ ਦਿਨ ਪੋਲੀਓ ਬੂਥਾਂ ਤੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ, ਜਦਕਿ 23 ਅਤੇ 24 ਨਵੰਬਰ ਨੂੰ ਘਰ-ਘਰ ਜਾਣ ਵਾਲੀਆਂ ਟੀਮਾਂ ਬੂਥਾਂ ਤੇ ਆਉਣ ਤੋਂ ਰਹਿ ਗਏ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਗੀਆਂ। ਮੋਬਾਈਲ ਟੀਮਾਂ ਅਰਧ-ਸ਼ਹਿਰੀ ਖੇਤਰਾਂ, ਝੁੱਗੀਆਂ-ਝੌਂਪੜੀਆਂ, ਫੈਕਟਰੀਆਂ ਅਤੇ ਇੱਟਾਂ ਦੇ ਭੱਠਿਆਂ ਦੇ ਆਲੇ-ਦੁਆਲੇ ਰਹਿੰਦੇ ਪਰਿਵਾਰਾਂ ਤੱਕ ਪਹੁੰਚ ਕਰਨਗੀਆਂ। ਜਦਕਿ ਟ੍ਰਾਂਜ਼ਿਟ ਟੀਮਾਂ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਆਵਾਜਾਈ ਵਾਲੀਆਂ ਥਾਵਾਂ ਤੇ ਬੱਚਿਆਂ ਨੂੰ ਬੂੰਦਾਂ ਪਿਲਾਉਣਗੀਆਂ। ਉਨ੍ਹਾਂ ਨੋਡਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਾਰੇ ਸਿਹਤ ਬਲਾਕਾਂ ਵਿਚ ਪੋਲੀਓ ਵੈਕਸੀਨ ਦੀ ਲੋੜੀਂਦੀ ਉਪਲਬਧਤਾ, ਕੋਲਡ ਚੇਨ ਪ੍ਰਬੰਧਾਂ, ਟੀਮਾਂ ਦੀ ਡਿਊਟੀ ਅਤੇ ਬੂਥਾਂ ਦੀ ਸਥਾਪਨਾ ਸਮੇਂ ਸਿਰ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਮੁਹਿੰਮ ਦੀ ਰੋਜ਼ਾਨਾ ਪ੍ਰਗਤੀ ਦੀ ਨਿਗਰਾਨੀ ਕਰਦੇ ਹੋਏ ਰਿਪੋਰਟ ਭੇਜਣ। ਉਨ੍ਹਾਂ ਕਿਹਾ ਕਿ ਭਾਵੇਂ ਭਾਰਤ ਪੋਲੀਓ ਮੁਕਤ ਦੇਸ਼ ਹੈ, ਪਰ ਗੁਆਂਢੀ ਦੇਸ਼ਾਂ ਵਿਚ ਪੋਲੀਓ ਵਾਇਰਸ ਦੀ ਮੌਜੂਦਗੀ ਕਾਰਨ ਚੌਕਸ ਰਹਿਣਾ ਬਹੁਤ ਜ਼ਰੂਰੀ ਹੈ। ਪੋਲੀਓ ਦਾ ਕੋਈ ਇਲਾਜ ਨਹੀਂ ਹੈ ਅਤੇ ਇਸ ਤੋਂ ਬਚਾਅ ਲਈ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਸਭ ਤੋਂ ਅਹਿਮ ਉਪਾਅ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ 0 ਤੋਂ 5 ਸਾਲ ਤੱਕ ਦੇ ਆਪਣੇ ਸਾਰੇ ਬੱਚਿਆਂ ਨੂੰ 22 ਤੋਂ 24 ਨਵੰਬਰ ਤੱਕ ਚੱਲਣ ਵਾਲੀ ਮੁਹਿੰਮ ਦੌਰਾਨ ਪੋਲੀਓ ਰੋਕੂ ਬੂੰਦਾਂ ਜ਼ਰੂਰ ਪਿਲਾਉਣ। ਭਾਵੇਂ ਬੱਚੇ ਨੂੰ ਪਹਿਲਾਂ ਵੀ ਕਈ ਵਾਰ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹੋਣ, ਫਿਰ ਵੀ ਹਰ ਮੁਹਿੰਮ ਦੌਰਾਨ ਦੁਬਾਰਾ ਬੂੰਦਾਂ ਪਿਲਾਉਣਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪੂਰਾ ਸਹਿਯੋਗ ਦੇਣ ਅਤੇ ਆਪਣੇ ਆਲੇ-ਦੁਆਲੇ ਦੇ ਪਰਿਵਾਰਾਂ ਨੂੰ ਵੀ ਇਸ ਮੁਹਿੰਮ ਪ੍ਰਤੀ ਜਾਗਰੂਕ ਕਰਨ ਦੀ ਅਪੀਲ ਕੀਤੀ।