5 ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ
ਨਵਾਂਸ਼ਹਿਰ ਵਿੱਚ ਪੰਜ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ
Publish Date: Tue, 10 Mar 2026 07:29 PM (IST)
Updated Date: Wed, 11 Mar 2026 04:12 AM (IST)

ਔਰਤ ਸਮਾਜ ਦੀ ਇੱਕ ਮਜ਼ਬੂਤ ਧਿਰ, ਸਾਨੂੰ ਧੀਆਂ ਪ੍ਰਤੀ ਆਪਣੀ ਮਾਨਸਿਕਤਾ ਬਦਲਣ ਦੀ ਲੋੜ : ਡਾ. ਹਰੀਸ਼ ਕਿਰਪਾਲ ਬਲਿਹਾਰ ਸਿੰਘ, ਪੰਜਾਬੀ ਜਾਗਰਣ, ਨਵਾਂਸ਼ਹਿਰ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਨੇ ਮੰਗਲਵਾਰ ਨੂੰ ਨਵਾਂਸ਼ਹਿਰ ਦੇ ਪੰਜ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਰਿਕਾਰਡ ਦੀ ਜਾਂਚ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਾਰਜਕਾਰੀ ਪੀਐੱਨਡੀਟੀ ਕੋਆਡੀਨੇਟਰ ਹਰਨੇਕ ਸਿੰਘ ਵੀ ਮੌਜੂਦ ਸਨ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਪੀਸੀ-ਪੀਐਨਡੀਟੀ ਐਕਟ ਦਾ ਮੁੱਖ ਉਦੇਸ਼ ਜਨਮ ਤੋਂ ਪਹਿਲਾਂ ਦੇ ਲਿੰਗ ਨਿਰਧਾਰਨ ਟੈਸਟਾਂ ਤੇ ਪਾਬੰਦੀ ਲਗਾ ਕੇ ਮਾਦਾ ਭਰੂਣ ਹੱਤਿਆ ਨੂੰ ਰੋਕਣਾ ਹੈ। ਉਨ੍ਹਾਂ ਨੇ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੇ ਪ੍ਰਤੀਨਿਧੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਪੀਸੀ ਪੀਐਨਡੀਟੀ ਐਕਟ ਦੀਆਂ ਧਾਰਾਵਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਕੇ ਭਰੂਣ ਹੱਤਿਆ ਵਰਗੀ ਅਲਾਮਤ ਨੂੰ ਨੱਥ ਪਾਈ ਜਾ ਰਹੀ ਹੈ। ਇਸ ਐਕਟ ਦਾ ਮੁੱਖ ਉਦੇਸ਼ ਭਰੂਣ ਦੇ ਲਿੰਗ ਨਿਰਧਾਰਨ ‘ਤੇ ਪ੍ਰਭਾਵਸ਼ਾਲੀ ਨਿਯੰਤਰਣ ਲਗਾਉਣਾ ਹੈ। ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਜੋ ਵੀ ਕੋਈ ਇਸ ਐਕਟ ਦੀ ਉਲੰਘਣਾ ਕਰਦਾ ਫੜਿਆ ਜਾਂਦਾ ਹੈ। ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਵਿਚ ਲਿੰਗ ਜਾਂਚ ਕਰਨਾ ਅਤੇ ਕਰਵਾਉਣਾ ਦੋਵੇਂ ਅਪਰਾਧ ਹੈ। ਇਸ ਅਪਰਾਧ ਵਿਚ ਸ਼ਾਮਲ ਡਾਕਟਰ ਤੋਂ ਲੈ ਕੇ ਜਾਂਚ ਕਰਨ ਵਾਲੇ ਅਤੇ ਕਰਵਾਉਣ ਵਾਲੇ ਬਰਾਬਰ ਦੋਸ਼ੀ ਮੰਨੇ ਜਾਂਦੇ ਹਨ ਅਤੇ ਅਪਰਾਧ ਸਾਬਿਤ ਹੋਣ ਦੀ ਸੂਰਤ ਵਿਚ ਘੱਟੋ-ਘੱਟ ਤਿੰਨ ਸਾਲ ਦੀ ਕੈਦ ਹੋ ਸਕਦੀ ਹੈ। ਡਾ. ਕਿਰਪਾਲ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਮਨੁੱਖਤਾ ਲਈ ਸ਼ਰਾਪ ਹੈ ਅਤੇ ਇਸ ਦੀ ਰੋਕਥਾਮ ਲਈ ਸਿਹਤ ਵਿਭਾਗ ਸਖਤ ਕਦਮ ਉਠਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੀਸੀਪੀਐੱਨਡੀਟੀ ਐਕਟ ਦੀ ਉਲੰਘਣਾ ਕਰਨ ਵਾਲਿਆਂ ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ ਹੈ। ਉਨ੍ਹਾਂ ਕਿਹਾ ਕਿ ਸਮਾਜ ਨੂੰ ਅੱਗੇ ਤੋਰਨ ਵਿੱਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਰੇਖਾਂਕਿਤ ਕਰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਸਿੰਘ ਨੇ ਕਿਹਾ ਕਿ ਔਰਤਾਂ ਤੋਂ ਬਿਨਾਂ ਮਨੁੱਖੀ ਸਮਾਜ ਦੀ ਹੋਂਦ ਹੀ ਸੰਭਵ ਨਹੀਂ ਹੈ। ਔਰਤ ਇੱਕ ਮਜ਼ਬੂਤ ਧਿਰ ਹੈ ਕਿਉਂਕਿ ਇਹ ਔਰਤ ਹੀ ਹੈ, ਜੋ ਨਾ ਸਿਰਫ਼ ਇੱਕ ਪਰਿਵਾਰ ਨੂੰ ਸਫਲਤਾਪੂਰਵਕ ਸੰਭਾਲਦੀ ਹੈ, ਸਗੋਂ ਘਰ ਦੀ ਚਾਰਦਿਵਾਰੀ ਤੋਂ ਬਾਹਰ ਕਿਸੇ ਵੀ ਪੇਸ਼ੇ ਵਿੱਚ ਨਵੀਆਂ ਲੀਹਾਂ ਪਾ ਸਕਦੀ ਹੈ। ਸਾਨੂੰ ਔਰਤਾਂ ਪ੍ਰਤੀ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ।