ਸਿਵਲ ਸਰਜਨ ਵੱਲੋਂ ਸੀਐੱਚਸੀ ਮੁਕੰਦਪੁਰ ਤੇ ਬੰਗਾ ਦਾ ਅਚਨਚੇਤ ਨਿਰੀਖਣ ਸਿਵਲ ਸਰਜਨ ਵੱਲੋਂ ਸੀਐੱਚਸੀ ਮੁਕੰਦਪੁਰ ਅਤੇ ਸੀਐੱਚਸੀ ਬੰਗਾ ਦਾ ਅਚਨਚੇਤ ਨਿਰੀਖਣ
Publish Date: Sat, 28 Nov 2026 05:39 PM (IST)
Updated Date: Sat, 28 Nov 2026 05:40 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਹਤ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਿਹਤ ਸੰਸਥਾਵਾਂ ਵਿਚ ਸਿਹਤ ਸੇਵਾਵਾਂ ਦੀ ਗੁਣਵੱਤਾ ਵਿਚ ਨਿਰੰਤਰ ਸੁਧਾਰ ਲਿਆਉਣ ਅਤੇ ਆਮ ਲੋਕਾਂ ਨੂੰ ਮਿਆਰੀ ਤੇ ਬਿਹਤਰ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਵੱਲੋਂ ਕਮਿਊਨਿਟੀ ਹੈਲਥ ਸੈਂਟਰ ਮੁਕੰਦਪੁਰ ਅਤੇ ਸੀਐੱਚਸੀ ਬੰਗਾ ਦਾ ਅਚਨਚੇਤ ਦੌਰਾ ਕਰਕੇ ਸਿਹਤ ਸੇਵਾਵਾਂ ਅਤੇ ਪ੍ਰਬੰਧਾਂ ਦਾ ਵਿਸਥਾਰ ਪੂਰਵਕ ਨਿਰੀਖਣ ਕੀਤਾ।।ਨਿਰੀਖਣ ਦੌਰਾਨ ਉਨ੍ਹਾਂ ਦੋਵਾਂ ਸਿਹਤ ਸੰਸਥਾਵਾਂ ਵਿਚ ਬਾਹਰੀ ਮਰੀਜ਼ ਵਿਭਾਗ, ਦਾਖ਼ਲ ਮਰੀਜ਼ ਵਿਭਾਗ, ਜੱਚਾ-ਬੱਚਾ ਵਾਰਡ, ਐਮਰਜੈਂਸੀ ਵਾਰਡ ਅਤੇ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਸਪਤਾਲਾਂ ਵਿਚ ਉਪਲੱਬਧ ਮੈਡੀਕਲ ਸਾਜ਼ੋ-ਸਾਮਾਨ ਅਤੇ ਮਸ਼ੀਨਾਂ ਦੀ ਕਾਰਜਸ਼ੀਲਤਾ, ਦਵਾਈਆਂ ਦੀ ਉਪਲੱਬਧਤਾ, ਸਿਹਤ ਕਰਮਚਾਰੀਆਂ ਦੀ ਹਾਜ਼ਰੀ, ਪੀਣ ਵਾਲੇ ਸਾਫ਼ ਪਾਣੀ ਦੀ ਨਿਰਵਿਘਨ ਸਪਲਾਈ ਅਤੇ ਸਫ਼ਾਈ ਪ੍ਰਬੰਧਾਂ ਦੀ ਵੀ ਜਾਂਚ ਕੀਤੀ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਜ਼ਰੂਰੀ ਮੈਡੀਕਲ ਉਪਕਰਨ ਚਾਲੂ ਹਾਲਤ ਵਿਚ ਰੱਖੇ ਜਾਣ ਅਤੇ ਲੋੜ ਪੈਣ ਤੇ ਮਰੀਜ਼ਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਹਰੇਕ ਮਰੀਜ਼ ਨੂੰ ਸਮੇਂ ਸਿਰ, ਮਿਆਰੀ ਅਤੇ ਸਨਮਾਨ ਜਨਕ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮਰੀਜ਼ਾਂ ਦੇ ਇਲਾਜ ਅਤੇ ਉਨ੍ਹਾਂ ਦੇ ਹਿੱਤਾਂ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਸਰਕਾਰ ਦੀ ਇੱਕ ਮਹੱਤਵ ਪੂਰਨ ਲੋਕ-ਪੱਖੀ ਪਹਿਲ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਵਿਚ ਆਉਣ ਵਾਲੇ ਯੋਗ ਲਾਭਪਾਤਰੀਆਂ ਨੂੰ ਇਸ ਯੋਜਨਾ ਬਾਰੇ ਪੂਰੀ ਜਾਣਕਾਰੀ ਦਿੱਤੀ ਜਾਵੇ। ਠੰਡ ਦੇ ਮੌਸਮ ਦੇ ਮੱਦੇਨਜ਼ਰ ਸਿਵਲ ਸਰਜਨ ਨੇ ਦੋਵਾਂ ਸਿਹਤ ਸੰਸਥਾਵਾਂ ਦੇ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ਤੇ ਹਦਾਇਤ ਕੀਤੀ ਕਿ ਮਰੀਜ਼ਾਂ ਦੀ ਸਹੂਲਤ ਅਤੇ ਸਿਹਤ ਸੁਰੱਖਿਆ ਲਈ ਲੋੜੀਂਦੇ ਅਗਾਊਂ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਐਮਰਜੈਂਸੀ ਸੇਵਾਵਾਂ ਅਤੇ ਲੋੜੀਂਦੇ ਮੈਡੀਕਲ ਸਾਜ਼ੋ-ਸਾਮਾਨ ਨੂੰ ਹਰ ਸਮੇਂ ਕਾਰਜਸ਼ੀਲ ਰੱਖਣ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਹਸਪਤਾਲਾਂ ਵਿਚ ਸਾਫ਼-ਸਫ਼ਾਈ, ਇਨਫੈਕਸ਼ਨ ਕੰਟਰੋਲ, ਬਾਇਓਮੈਡੀਕਲ ਵੇਸਟ ਦਾ ਨਿਯਮਾਂ ਅਨੁਸਾਰ ਨਿਪਟਾਰਾ, ਜ਼ਰੂਰੀ ਦਵਾਈਆਂ ਦੀ ਨਿਰੰਤਰ ਉਪਲੱਬਧਤਾ ਅਤੇ ਐਮਰਜੈਂਸੀ ਸੇਵਾਵਾਂ ਦੇ ਸੁਚਾਰੂ ਸੰਚਾਲਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮਰੀਜ਼ਾਂ ਨੂੰ ਇਲਾਜ ਕਰਵਾਉਣ ਸਮੇਂ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਹਸਪਤਾਲਾਂ ਵਿਚ ਮਰੀਜ਼-ਪੱਖੀ ਮਾਹੌਲ ਬਣਾਈ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਦੀ ਸਮੇਂ-ਸਮੇਂ ਤੇ ਸਪੋਰਟਿਵ ਸੁਪਰਵੀਜ਼ਨ ਅਤੇ ਨਿਰੀਖਣ ਕੀਤਾ ਜਾਂਦਾ ਹੈ। ਤਾਂ ਜੋ ਸਿਹਤ ਸੇਵਾਵਾਂ ਵਿਚ ਮੌਜੂਦ ਕਮੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਮੇਂ ਸਿਰ ਦੂਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਪਹੁੰਚਯੋਗ, ਸੁਰੱਖਿਅਤ, ਪਾਰਦਰਸ਼ੀ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਵਿੰਦਰ ਸਿੰਘ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।