ਫੂਡ ਸੇਫਟੀ ਵਿੰਗ ਵੱਲੋਂ ਮਠਿਆਈ ਦੀਆਂ ਦੁਕਾਨਾਂ ਦੀ ਅਚਾਨਕ ਚੈਕਿੰਗ ਫੂਡ ਸੇਫਟੀ ਵਿੰਗ ਵੱਲੋਂ ਨਵਾਂਸ਼ਹਿਰ 'ਚ ਮਠਿਆਈ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ
Publish Date: Wed, 26 Aug 2026 04:24 PM (IST)
Updated Date: Wed, 26 Aug 2026 04:28 PM (IST)
- ਵੱਖ-ਵੱਖ ਮਠਿਆਈਆਂ ਦੇ ਭਰੇ ਸੈਂਪਲ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਫੂਡ ਸੇਫਟੀ ਵਿੰਗ ਵੱਲੋਂ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ ਫੂਡ ਸੇਫਟੀ ਵਿਭਾਗ ਵੱਲੋਂ ਨਵਾਂਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਮਠਿਆਈ ਦੀਆਂ ਦੁਕਾਨਾਂ ਦੀ ਅਚਾਨਕ ਚੈਕਿੰਗ ਕੀਤੀ ਗਈ। ਇਸ ਦੌਰਾਨ ਗੁਲਾਬ ਜਾਮੁਨ, ਲੱਡੂ, ਬੇਸਣ, ਬਰਫ਼ੀ, ਰਸਗੁੱਲਾ ਅਤੇ ਕਲਾਕੰਦ ਸਮੇਤ ਵੱਖ-ਵੱਖ ਮਠਿਆਈਆਂ ਦੇ ਸੈਂਪਲ ਲਏ ਗਏ। ਇਹ ਸੈਂਪਲ ਵਿਗਿਆਨਕ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਖਰੜ ਵਿਖੇ ਭੇਜੇ ਗਏ ਹਨ। ਜਾਂਚ ਰਿਪੋਰਟ ਪ੍ਰਾਪਤ ਹੋਣ ਉਪਰੰਤ ਨਤੀਜਿਆਂ ਦੇ ਆਧਾਰ ’ਤੇ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਅਤੇ ਇਸ ਅਧੀਨ ਬਣੇ ਨਿਯਮਾਂ ਅਨੁਸਾਰ ਬਣਦੀ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਸਹਾਇਕ ਕਮਿਸ਼ਨਰ (ਫੂਡ) ਹਰਪ੍ਰੀਤ ਕੌਰ ਨੇ ਜ਼ਿਲ੍ਹੇ ਦੇ ਸਮੂਹ ਮਠਿਆਈ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਤਿਉਹਾਰਾਂ ਦੇ ਮੱਦੇਨਜ਼ਰ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਾ ਕੀਤਾ ਜਾਵੇ। ਉਨ੍ਹਾਂ ਦੁਕਾਨਦਾਰਾਂ ਨੂੰ ਆਪਣੀਆਂ ਦੁਕਾਨਾਂ ਅਤੇ ਮਠਿਆਈਆਂ ਤਿਆਰ ਕਰਨ ਵਾਲੀਆਂ ਥਾਵਾਂ ਦੀ ਸਫ਼ਾਈ-ਸੁਥਰਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ ਭਰੋਸੇਯੋਗ ਅਤੇ ਰਜਿਸਟਰਡ ਸਰੋਤਾਂ ਤੋਂ ਹੀ ਖਰੀਦੇ ਜਾਣ। ਉਨ੍ਹਾਂ ਕਿਹਾ ਕਿ ਮਠਿਆਈਆਂ ਵਿਚ ਸਿਰਫ਼ ਭਾਰਤੀ ਖੁਰਾਕ ਸੁਰੱਖਿਆ ਅਤੇ ਸਟੈਂਡਰਡ ਅਥਾਰਟੀ ਦੁਆਰਾ ਮਨਜ਼ੂਰਸ਼ੁਦਾ ਰੰਗ ਹੀ ਨਿਰਧਾਰਤ ਸੀਮਾ ਅੰਦਰ ਵਰਤੇ ਜਾਣ ਅਤੇ ਮਠਿਆਈਆਂ ’ਤੇ ਸਿਰਫ ਭਾਰਤੀ ਖੁਰਾਕ ਸੁਰੱਖਿਆ ਅਤੇ ਸਟੈਂਡਰਡ ਅਥਾਰਟੀ ਦੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਚਾਂਦੀ ਦਾ ਵਰਕ ਹੀ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਮਠਿਆਈਆਂ ਨੂੰ ਧੂੜ, ਮੱਖੀਆਂ ਅਤੇ ਹੋਰ ਗੰਦਗੀ ਤੋਂ ਬਚਾਉਣ ਲਈ ਢਕ ਕੇ ਰੱਖਣਾ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਉਹ ਮਠਿਆਈਆਂ ਖਰੀਦਣ ਸਮੇਂ ਸਫ਼ਾਈ ਅਤੇ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਬਹੁਤ ਜ਼ਿਆਦਾ ਜਾਂ ਗੈਰ-ਕੁਦਰਤੀ ਰੰਗ ਵਾਲੀਆਂ ਮਠਿਆਈਆਂ ਤੋਂ ਪ੍ਰਹੇਜ਼ ਕਰਨ। ਉਨ੍ਹਾਂ ਲੋਕਾਂ ਨੂੰ ਮਠਿਆਈਆਂ ਅਤੇ ਹੋਰ ਖਾਣ-ਪੀਣ ਦੀਆਂ ਵਸਤਾਂ ਰਜਿਸਟਰਡ/ਲਾਇਸੰਸਸ਼ੁਦਾ ਵਿਕਰੇਤਾਵਾਂ ਤੋਂ ਹੀ ਖਰੀਦਣ ਦੀ ਸਲਾਹ ਦਿੱਤੀ। ਉਨ੍ਹਾਂ ਸਪੱਸ਼ਟ ਕੀਤਾ ਕਿ ਤਿਉਹਾਰਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ, ਸਾਫ਼-ਸੁਥਰੀ ਅਤੇ ਮਿਆਰੀ ਖੁਰਾਕ ਮੁਹੱਈਆ ਕਰਵਾਉਣ ਲਈ ਫੂਡ ਸੇਫਟੀ ਵਿਭਾਗ ਵੱਲੋਂ ਚੈਕਿੰਗ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਲਗਾਤਾਰ ਜਾਰੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਫੂਡ ਸੇਫਟੀ ਅਫਸਰ ਬਿਕਰਮਜੀਤ ਸਿੰਘ ਵੀ ਮੌਜੂਦ ਸਨ।