ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਦੀ ਰੋਕਥਾਮ ਲਈ ਸਰਵੇਖਣ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਦੀ ਰੋਕਥਾਮ ਲਈ ਕੀਤਾ ਸਰਵੇਖਣ
Publish Date: Thu, 08 Oct 2026 03:38 PM (IST)
Updated Date: Thu, 08 Oct 2026 03:41 PM (IST)
ਰਮੇਸ਼ ਸ਼ਰਮਾ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਤੋਂ ਬਚਾਅ ਸੰਬੰਧੀ ਜਾਗਰੂਕ ਕਰਨ ਲਈ ਜ਼ਿਲ੍ਹੇ ਭਰ ਵਿਚ ਲਗਾਤਾਰ ਡੇਂਗੂ ਵਿਰੋਧੀ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਗੁਰੂ ਤੇਗ ਬਹਾਦਰ ਨਗਰ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਘਰਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦਾ ਸਰਵੇਖਣ ਕਰਕੇ ਡੇਂਗੂ ਦੇ ਲਾਰਵੇ ਦੀ ਸੰਭਾਵਨਾ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਗਈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਦੀ ਅਗਵਾਈ ਹੇਠ ਸਿਹਤ ਕਰਮਚਾਰੀਆਂ ਤੇ ਨਰਸਿੰਗ ਵਿਦਿਆਰਥਣਾਂ ਵੱਲੋਂ ਕੂਲਰਾਂ, ਪਾਣੀ ਦੀਆਂ ਟੈਂਕੀਆਂ, ਗਮਲਿਆਂ, ਪੁਰਾਣੇ ਟਾਇਰਾਂ, ਟੁੱਟੇ ਬਰਤਨਾਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੀਆਂ ਵਸਤੂਆਂ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਇਨ੍ਹਾਂ ਵਿਚ ਖੜ੍ਹਾ ਪਾਣੀ ਤੁਰੰਤ ਖਾਲੀ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲੋਕਾਂ ਨੂੰ ਸਮਝਾਇਆ ਕਿ ਡੇਂਗੂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਮੱਛਰ ਦੇ ਪੈਦਾ ਹੋਣ ਵਾਲੇ ਸਰੋਤਾਂ ਨੂੰ ਖਤਮ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਏਡੀਜ਼ ਮੱਛਰ ਸਾਫ਼ ਅਤੇ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਅਤੇ ਆਲੇ-ਦੁਆਲੇ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਪਾਣੀ ਦੇ ਭਾਂਡਿਆਂ ਨੂੰ ਢੱਕ ਕੇ ਰੱਖਿਆ ਜਾਵੇ,। ਕੂਲਰਾਂ ਅਤੇ ਪਾਣੀ ਵਾਲੇ ਹੋਰ ਬਰਤਨਾਂ ਨੂੰ ਹਫ਼ਤੇ ਵਿਚ ਘੱਟੋ-ਘੱਟ ਇੱਕ ਵਾਰ ਖਾਲੀ ਕਰਕੇ ਚੰਗੀ ਤਰ੍ਹਾਂ ਸਾਫ਼ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ “ ਦੇ ਸੰਦੇਸ਼ ਨੂੰ ਅਪਣਾਉਂਦਿਆਂ ਹਫ਼ਤੇ ਵਿਚ ਇੱਕ ਦਿਨ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀਆਂ ਥਾਵਾਂ ਦੀ ਵਿਸ਼ੇਸ਼ ਜਾਂਚ ਕੀਤੀ ਜਾਵੇ ਅਤੇ ਕਿਸੇ ਵੀ ਥਾਂ ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉੁਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਸਿਰਫ਼ ਸਿਹਤ ਵਿਭਾਗ ਦੀ ਨਹੀਂ, ਸਗੋਂ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬੁਖਾਰ, ਸਿਰ ਦਰਦ, ਸਰੀਰ ਦਰਦ ਜਾਂ ਡੇਂਗੂ ਨਾਲ ਸੰਬੰਧਤ ਹੋਰ ਲੱਛਣ ਹੋਣ ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।