ਸੀਐੱਚਓ ਦੇ ਮੁਲਾਜ਼ਮ ਭੁੱਖ ਹੜਤਾਲ ’ਤੇ, ਕੀਤਾ ਰੋਸ ਪ੍ਰਦਰਸ਼ਨ ਨਵਾਂਸ਼ਹਿਰ ਸੀਐੱਚਓ ਵੱਲੋਂ ਸੰਕੇਤਿਕ ਭੁੱਖ ਹੜਤਾਲ ਤੇ ਰੋਸ ਪ੍ਰਦਰਸ਼ਨ
Publish Date: Sat, 01 Aug 2026 03:27 PM (IST)
Updated Date: Sat, 01 Aug 2026 03:28 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਕਮਿਊਨਟੀ ਹੈਲਥ ਅਫ਼ਸਰ (ਸੀਐਚਓ) ਐਸੋਸੀਏਸ਼ਨ ਪੰਜਾਬ ਦੇ ਸੱਦੇ ਤੇ ਅੱਜ ਪੰਜਾਬ ਭਰ ਦੇ ਸਮੂਹ ਜ਼ਿਲ੍ਹਾ ਹਸਪਤਾਲਾਂ ਵਿਖੇ ਸੰਕੇਤਿਕ ਭੁੱਖ ਹੜਤਾਲ ਅਤੇ ਰੋਸ ਪ੍ਰਦਰਸ਼ਨ ਕੀਤਾ। ਜਿਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕਰਨ ਦੀ ਮੰਗ ਕੀਤੀ। ਯੂਨੀਅਨ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰ ਕੇ ਸਿਰਫ਼ ਭਰੋਸੇ ਦਿੱਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ਤੇ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ 29 ਜੁਲਾਈ 2026 ਸੀਐੱਚਓ ਯੂਨੀਅਨ ਨੂੰ ਮੀਟਿੰਗ ਲਈ ਸਮਾਂ ਦਿੱਤਾ ਸੀ, ਪਰ ਯੂਨੀਅਨ ਦੇ ਆਗੂ ਚੰਡੀਗੜ੍ਹ ਪਹੁੰਚਣ ਦੇ ਬਾਵਜੂਦ ਮੁੱਖ ਮੰਤਰੀ ਵੱਲੋਂ ਉਨ੍ਹਾਂ ਨਾਲ ਕੋਈ ਮੁਲਾਕਾਤ ਨਹੀਂ ਕੀਤੀ। ਇਸ ਕਰਕੇ ਸਮੂਹ ਸੀਐੱਚਓ ਵਿਚ ਭਾਰੀ ਰੋਸ ਅਤੇ ਨਿਰਾਸ਼ਾ ਹੈ। ਆਗੂਆਂ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਹੈ। ਪਿਛਲੇ ਕਈ ਸਾਲਾਂ ਤੋਂ ਸਰਕਾਰ ਵੱਲੋਂ ਮੀਟਿੰਗਾਂ ਕਰ ਕੇ ਸਿਰਫ਼ ਲਾਅਰੇਬਾਜ਼ੀ ਅਤੇ ਸਮਾਂ ਟਪਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ, ਜਦਕਿ ਸੀਐੱਚਓ ਦੀਆਂ ਜਾਇਜ਼ ਮੰਗਾਂ ਅੱਜ ਵੀ ਪੈਂਡਿੰਗ ਹਨ। ਹੁਣ ਸਮਾਂ ਆ ਗਿਆ ਹੈ ਕਿ ਸਰਕਾਰ ਭਰੋਸਿਆਂ ਦੀ ਥਾਂ ਲਿਖਤੀ ਨੋਟੀਫਿਕੇਸ਼ਨ ਜਾਰੀ ਕਰਕੇ ਆਪਣੇ ਵਾਅਦਿਆਂ ਨੂੰ ਅਮਲੀ ਜਾਮਾ ਪਹਿਨਾਵੇ। ਯੂਨੀਅਨ ਆਗੂਆਂ ਨੇ ਦੁਹਰਾਇਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਵਿਚ ਰੁਪਏ 5000 ਸਬੰਧੀ ਜਾਰੀ ਪੱਤਰ ਵਿਚੋਂ ਬੈਂਚਮਾਰਕ ਦੀ ਸ਼ਰਤ ਹਟਾ ਕੇ ਇਸ ਰਕਮ ਨੂੰ ਬੇਸਿਕ ਤਨਖ਼ਾਹ ਵਿਚ ਸ਼ਾਮਲ ਕਰਨਾ, ਸਮੂਹ ਸੀਐੱਚਓ ਨੂੰ ਲੌਇਲਟੀ ਬੋਨਸ ਜਾਰੀ ਕਰਨਾ, ਸੀਐੱਚਓ ਦਾ ਰੈਗੂਲਰ ਕੈਡਰ ਸੈਂਕਸ਼ਨ ਕਰਨਾ, ਤਨਖ਼ਾਹ ਅਤੇ ਇੰਸੈਂਟਿਵ ਨੂੰ ਮਰਜ ਕਰਨਾ ਅਤੇ ਇੰਸੈਂਟਿਵ ਪਰਫਾਰਮਾ ਨੂੰ ਰਿਵਾਈਜ਼ ਕਰਨਾ ਸ਼ਾਮਲ ਹਨ। ਆਗੂਆਂ ਨੇ ਦੱਸਿਆ ਕਿ 4 ਅਗਸਤ 2026 ਨੂੰ ਸਰਕਾਰ ਨਾਲ ਸਬ-ਕਮੇਟੀ ਦੀ ਮੀਟਿੰਗ ਨਿਰਧਾਰਤ ਹੈ। ਉਨ੍ਹਾਂ ਕਿਹਾ ਕਿ ਸੀਐੱਚਓ ਇਸ ਮੀਟਿੰਗ ਤੋਂ ਬਹੁਤ ਉਮੀਦ ਰੱਖਦੇ ਹਨ, ਪਰ ਜੇਕਰ ਇਸ ਮੀਟਿੰਗ ਵਿਚ ਵੀ ਸਰਕਾਰ ਨੇ ਸਿਰਫ਼ ਭਰੋਸੇ ਅਤੇ ਲਾਰੇ ਹੀ ਦਿੱਤੇ ਅਤੇ ਮੰਗਾਂ ਦੇ ਹੱਲ ਲਈ ਕੋਈ ਠੋਸ ਫ਼ੈਸਲਾ ਨਾ ਕੀਤਾ, ਤਾਂ ਇਸ ਤੋਂ ਬਾਅਦ ਪੰਜਾਬ ਸਰਕਾਰ ਵਿਰੁੱਧ ਪੱਕਾ ਧਰਨਾ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਜਾਵੇਗਾ। ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ। ਆਗੂਆਂ ਨੇ ਕਿਹਾ ਕਿ ਅੱਜ ਦੀ ਸੰਕੇਤਿਕ ਭੁੱਖ ਹੜਤਾਲ ਸਰਕਾਰ ਲਈ ਇੱਕ ਚਿਤਾਵਨੀ ਹੈ। ਇਸ ਰਾਹੀਂ ਸੀਐੱਚਓ ਇਹ ਸੰਦੇਸ਼ ਦੇਣਾ ਚਾਹੁੰਦੇ ਹਨ ਕਿ ਉਹ ਆਪਣੇ ਜਾਇਜ਼ ਹੱਕਾਂ ਅਤੇ ਸਨਮਾਨ ਲਈ ਹਰ ਤਰ੍ਹਾਂ ਦਾ ਲੋਕਤੰਤਰੀ ਸੰਘਰਸ਼ ਕਰਨ ਲਈ ਤਿਆਰ ਹਨ। ਜੇਕਰ ਸਰਕਾਰ ਨੇ ਹੁਣ ਵੀ ਉਨ੍ਹਾਂ ਦੀ ਆਵਾਜ਼ ਨਾ ਸੁਣੀ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਵੀ ਤਿੱਖਾ ਅਤੇ ਵਿਆਪਕ ਕੀਤਾ ਜਾਵੇਗਾ।