ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ : ਡਾ. ਗੀਤਾਂਜਲੀ ਨਿਮੋਨੀਆ ਦੇ ਲੱਛਣਾਂ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ-ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ
Publish Date: Fri, 13 Nov 2026 04:10 PM (IST)
Updated Date: Fri, 13 Nov 2026 04:12 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ• ਨਵਾਂਸ਼ਹਿਰ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ ਹਰਪਿੰਦਰ ਸਿੰਘ ਤੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਅਜੇ ਬਸਰਾ ਦੀ ਯੋਗ ਅਗਵਾਈ ਹੇਠ ਯੂ.ਪੀ.ਐੱਚ.ਸੀ., ਨਵਾਂਸ਼ਹਿਰ ਵਿਖੇ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਅਤੇ ਇਸ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸਾਂਸ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀ ਕਰਵਾਈ ਗਈ। ਇਸ ਮੌਕੇ ਮੈਡੀਕਲ ਅਫ਼ਸਰ ਡਾ ਗਗਨਦੀਪ ਨੇ ਕਿਹਾ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਸਿਹਤ ਸੁਰੱਖਿਆ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ। ਨਿਮੋਨੀਆ ਬੱਚਿਆਂ ਵਿੱਚ ਹੋਣ ਵਾਲੀ ਇੱਕ ਗੰਭੀਰ ਬਿਮਾਰੀ ਹੈ, ਪਰ ਸਮੇਂ ਸਿਰ ਇਸ ਦੀ ਪਛਾਣ, ਸਹੀ ਇਲਾਜ ਅਤੇ ਜਾਗਰੂਕਤਾ ਰਾਹੀਂ ਇਸ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਂਸ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨੂੰ ਨਿਮੋਨੀਆ ਦੀ ਰੋਕਥਾਮ, ਇਸ ਦੇ ਲੱਛਣਾਂ ਅਤੇ ਸਮੇਂ ਸਿਰ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਨਿਮੋਨੀਆ ਫੇਫੜਿਆਂ ਦੀ ਲਾਗ ਹੈ, ਜਿਸ ਕਾਰਨ ਫੇਫੜਿਆਂ ਵਿੱਚ ਸੋਜ ਅਤੇ ਤਰਲ ਪਦਾਰਥ ਇਕੱਠਾ ਹੋ ਸਕਦਾ ਹੈ। ਇਸ ਦੇ ਮੁੱਖ ਲੱਛਣਾਂ ਵਿੱਚ ਖੰਘ, ਬੁਖਾਰ, ਤੇਜ਼ ਸਾਹ ਆਉਣਾ, ਸਾਹ ਲੈਣ ਵਿੱਚ ਤਕਲੀਫ਼ ਅਤੇ ਛਾਤੀ ਦਾ ਹੇਠਲਾ ਹਿੱਸਾ ਅੰਦਰ ਵੱਲ ਧੱਸਣਾ ਸ਼ਾਮਲ ਹਨ। ਬੱਚੇ ਵਿੱਚ ਅਜਿਹੇ ਲੱਛਣ ਦਿਖਾਈ ਦੇਣ ’ਤੇ ਮਾਪਿਆਂ ਨੂੰ ਬਿਨਾਂ ਦੇਰੀ ਕੀਤੇ ਨੇੜੇ ਦੀ ਸਿਹਤ ਸੰਸਥਾ ਵਿੱਚ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ। ਗੰਭੀਰ ਹਾਲਤ ਵਿੱਚ ਬੱਚੇ ਨੂੰ ਸਾਹ ਲੈਣ ਵਿੱਚ ਬਹੁਤ ਮੁਸ਼ਕਲ, ਦੁੱਧ ਜਾਂ ਖੁਰਾਕ ਲੈਣ ਵਿੱਚ ਅਸਮਰੱਥਾ, ਸੁਸਤੀ ਜਾਂ ਦੌਰੇ ਪੈਣ ਵਰਗੇ ਲੱਛਣ ਵੀ ਹੋ ਸਕਦੇ ਹਨ, ਜਿਨ੍ਹਾਂ ਵਿੱਚ ਤੁਰੰਤ ਡਾਕਟਰੀ ਸਹਾਇਤਾ ਲੈਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਨਿਮੋਨੀਆ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਬੱਚੇ ਦੇ ਜਨਮ ਤੋਂ ਪਹਿਲੇ ਛੇ ਮਹੀਨਿਆਂ ਤੱਕ ਸਿਰਫ਼ ਮਾਂ ਦਾ ਦੁੱਧ ਪਿਲਾਉਣਾ ਅਤੇ ਛੇ ਮਹੀਨਿਆਂ ਤੋਂ ਬਾਅਦ ਮਾਂ ਦੇ ਦੁੱਧ ਦੇ ਨਾਲ ਉਮਰ ਅਨੁਸਾਰ ਪੂਰਕ ਖੁਰਾਕ ਦੇਣਾ ਬੱਚੇ ਦੀ ਰੋਗਾਂ ਨਾਲ ਲੜਨ ਦੀ ਸਮਰੱਥਾ ਵਧਾਉਣ ਵਿੱਚ ਸਹਾਇਕ ਹੈ। ਇਸ ਤੋਂ ਇਲਾਵਾ ਬੱਚਿਆਂ ਦਾ ਸੰਪੂਰਨ ਟੀਕਾਕਰਨ, ਵਿਟਾਮਿਨ-ਏ ਦੀਆਂ ਖੁਰਾਕਾਂ ਅਤੇ ਨਿੱਜੀ ਸਫ਼ਾਈ ਦਾ ਧਿਆਨ ਰੱਖਣਾ ਵੀ ਬਹੁਤ ਮਹੱਤਵਪੂਰਨ ਹੈ। ਸਿਹਤ ਕਰਮਚਾਰੀਆਂ ਨੇ ਦੱਸਿਆ ਕਿ ਨਿਮੋਨੀਆ ਦੀ ਰੋਕਥਾਮ ਲਈ ਨਿਯਮਿਤ ਤੌਰ ’ਤੇ ਹੱਥ ਧੋਣ ਦੀ ਆਦਤ ਅਪਣਾਉਣੀ ਚਾਹੀਦੀ ਹੈ। ਘਰਾਂ ਵਿੱਚ ਧੂੰਏਂ, ਤੰਬਾਕੂਨੋਸ਼ੀ ਅਤੇ ਹੋਰ ਹਵਾ ਪ੍ਰਦੂਸ਼ਣ ਤੋਂ ਬੱਚਿਆਂ ਨੂੰ ਬਚਾਉਣਾ ਚਾਹੀਦਾ ਹੈ ਅਤੇ ਘਰਾਂ ਵਿੱਚ ਹਵਾਦਾਰੀ ਦਾ ਉਚਿਤ ਪ੍ਰਬੰਧ ਰੱਖਣਾ ਚਾਹੀਦਾ ਹੈ। ਇਸ ਦੌਰਾਨ ਨਿਊਮੋਕੋਕਲ ਕੰਜੂਗੇਟ ਵੈਕਸੀਨ (ਪੀ.ਸੀ.ਵੀ.) ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਦੱਸਿਆ ਗਿਆ ਕਿ ਪੀ.ਸੀ.ਵੀ. ਟੀਕਾ ਨਿਊਮੋਕੋਕਲ ਬੈਕਟੀਰੀਆ ਕਾਰਨ ਹੋਣ ਵਾਲੀਆਂ ਗੰਭੀਰ ਬਿਮਾਰੀਆਂ, ਖਾਸ ਕਰਕੇ ਨਿਮੋਨੀਆ ਤੋਂ ਬਚਾਅ ਵਿੱਚ ਮਦਦ ਕਰਦਾ ਹੈ। ਇਸ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਟੀਕਾਕਰਨ ਨਿਰਧਾਰਿਤ ਸਮੇਂ ਅਨੁਸਾਰ ਪੂਰਾ ਕਰਵਾਉਣਾ ਚਾਹੀਦਾ ਹੈ। ਸਿਹਤ ਵਿਭਾਗ ਵੱਲੋਂ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਬੱਚਿਆਂ ਵਿੱਚ ਨਿਮੋਨੀਆ ਦੇ ਲੱਛਣ ਦਿਖਾਈ ਦੇਣ ’ਤੇ ਘਰੇਲੂ ਇਲਾਜ ਜਾਂ ਦੇਰੀ ਕਰਨ ਦੀ ਬਜਾਏ ਤੁਰੰਤ ਡਾਕਟਰੀ ਸਲਾਹ ਲਈ ਜਾਵੇ। ਇਸ ਮੌਕੇ ਏ.ਐੱਨ.ਐੱਮ. ਜੋਤੀ, ਬਲਜੀਤ, ਸੁਰੇਖਾ ਅਤੇ ਅਨੁਪਮ ਸਮੇਤ ਨਵਾਂਸ਼ਹਿਰ ਸ਼ਹਿਰੀ ਖੇਤਰ ਦੀਆਂ ਸਮੂਹ ਆਸ਼ਾ ਵਰਕਰਾਂ ਹਾਜ਼ਰ ਸਨ।