ਟੈੱਟ ਖ਼ਿਲਾਫ਼ ਮਤਾ ਨਾ ਪਾਸ ਕਰਨ ਦਾ ਰੋਸ; ਅਧਿਆਪਕਾਂ ਫੂਕਿਆ ਸਰਕਾਰ ਦਾ ਪੁਤਲਾ
'ਟੈੱਟ' ਖ਼ਿਲਾਫ਼ ਮਤਾ ਨਾ ਪਾਸ ਕਰਨ ਦੇ ਰੋਸ ਵਜੋਂ ਅਧਿਆਪਕਾਂ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
Publish Date: Thu, 19 Mar 2026 06:36 PM (IST)
Updated Date: Fri, 20 Mar 2026 04:11 AM (IST)

ਸੰਦੀਪ ਬੈਂਸ, ਪੰਜਾਬੀ ਜਾਗਰਣ, ਨਵਾਂਸ਼ਹਿਰ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਟੈੱਟ ਦੇ ਟੈਸਟ ਦੀ ਬੇਲੋੜੀ ਸ਼ਰਤ ਦੇ ਖ਼ਿਲਾਫ਼ ਬਿੱਲ ਨਾ ਪਾਸ ਕਰਨ ਦੇ ਰੋਸ ਵਜੋਂ ਸੂਬੇ ਭਰ ਵਿਚ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਪੁਤਲੇ ਸਾੜਨ ਦੇ ਕੀਤੇ ਐਲਾਨ ਦੇ ਤਹਿਤ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਜਸਵਿੰਦਰ ਔਜਲਾ, ਵਿਕਰਮਜੀਤ ਸਿੰਘ, ਵਿਆਸ ਲਾਲ, ਵਿਨੇ ਕੁਮਾਰ, ਨਵੀਨ ਕਰੀਹਾ ਆਦਿ ਅਧਿਆਪਕ ਆਗੂਆਂ ਦੀ ਅਗਵਾਈ ਹੇਠ ਸਥਾਨਕ ਜ਼ਿਲ੍ਹਾ ਹੈਡਕੁਆਟਰ ਵਿਖੇ ਸਰਕਾਰ ਖ਼ਿਲਾਫ਼ ਰੋਸ ਧਰਨਾ ਦੇਣ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਸੁਪਰੀਮ ਕੋਰਟ ਰਾਹੀਂ ਟੈੱਟ ਦੀ ਬਿਲਕੁਲ ਬੇਲੋੜੀ ਅਤੇ ਗੈਰਵਿਧਾਨਿਕ ਸ਼ਰਤ ਜਬਰੀ ਥੋਪਣ, ਪੰਜਾਬ ਸਰਕਾਰ ਵੱਲੋਂ ਬਜਟ ਸੈਸ਼ਨ ਦੌਰਾਨ ਅਧਿਆਪਕਾਂ ਦੀ ਸੇਵਾ ਸੁਰੱਖਿਆ ਲਈ ਟੈੱਟ ਖਿਲਾਫ ਬਿੱਲ ਨਾ ਲਿਆਉਣ ਅਤੇ ਸੁਪਰੀਮ ਕੋਰਟ ਵਿਚ ਟੈੱਟ ਦੇ ਖਿਲਾਫ ਰੀਵਿਊ ਪਟੀਸ਼ਨ ਦਾਖਲ ਨਾ ਕਰਨ, ਸਿੱਖਿਆ ਵਿਭਾਗ ਵੱਲੋਂ ਕੁਝ ਵਰਗਾਂ ਨੂੰ ਟੈੱਟ ਤੋਂ ਛੋਟ ਦੇਣ ਦਾ ਪੱਤਰ ਰੱਦ ਕਰਨ, ਸੰਘਰਸ਼ ਦੌਰਾਨ ਜਲ ਤੋਪਾਂ, ਲਾਠੀਚਾਰਜ ਅਤੇ ਅਥਰੂ ਗੈਸ ਦੇ ਗੋਲਿਆਂ ਦੀ ਅੰਨ੍ਹੇਵਾਹ ਵਰਤੋਂ ਕਰਕੇ ਅਧਿਆਪਕਾਂ ਨੂੰ ਜ਼ਖ਼ਮੀਂ ਕਰਕੇ ਰਾਸ਼ਟਰ ਨਿਰਮਾਤਾ ਅਧਿਆਪਕਾਂ ਦੇ ਮਾਨ-ਸਨਮਾਨ ਨੂੰ ਸੱਟ ਮਾਰਨ ਦੇ ਵਿਰੋਧ ਵਿਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਵਿਚ ਅਧਿਆਪਕਾਂ ਦੀ ਕਿਸੇ ਵੀ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਅਧਿਆਪਕਾਂ ਦੇ ਹਰ ਵਰਗ ਤੇ ਪੁਲਸੀਆ ਤਸ਼ੱਦਦ ਹੀ ਕੀਤਾ ਹੈ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਲੰਗੜਾ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤੀ ਗਈ। ਤਨਖਾਹ ਦੁਹਰਾਈ ਦੇ ਬਕਾਏ, ਮਹਿੰਗਾਈ ਭੱਤੇ ਦੀਆਂ ਰਹਿੰਦੀਆਂ ਕਿਸ਼ਤਾਂ ਅਤੇ ਜਾਰੀ ਕੀਤੀਆਂ ਕਿਸ਼ਤਾਂ ਦੇ ਬਕਾਏ ਮਿੱਟੀ ਘੱਟੇ ਰੋਲ਼ ਦਿੱਤੇ ਗਏ ਹਨ। ਸੋਧਣ ਦੇ ਨਾਂ ਤੇ ਬੰਦ ਕੀਤੇ ਸਮੁੱਚੇ ਭੱਤੇ ਬਹਾਲ ਨਹੀਂ ਕੀਤੇ ਜਾ ਰਹੇ, ਤਨਖਾਹ ਕਮਿਸ਼ਨ ਦੀ ਪੂਰੀ ਰਿਪੋਰਟ ਵੀ ਜਾਰੀ ਨਹੀਂ ਕੀਤੀ, ਸਕੂਲਾਂ ਵਿਚ ਅਧਿਆਪਕਾਂ ਦੀਆਂ ਅਤੇ ਸਕੂਲ ਮੁਖੀਆਂ ਦੀਆਂ ਹਜ਼ਾਰਾਂ ਪੋਸਟਾਂ ਖਾਲੀ ਹੋਣ ਦੇ ਬਾਵਜੂਦ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਨਹੀਂ ਦਿੱਤਾ ਜਾ ਰਿਹਾ। ਸਰਕਾਰ ਵੱਲੋਂ ਖਜਾਨਾ ਭਰੇ ਹੋਣ ਦੇ ਦਮਗੱਜੇ ਮਾਰੇ ਜਾ ਰਹੇ ਹਨ ਪਰ ਅਧਿਆਪਕਾਂ ਦੇ ਵਿੱਤੀ ਮਸਲੇ ਹੱਲ ਨਹੀਂ ਕੀਤੇ ਜਾ ਰਹੇ। ਬਹੁ-ਗਿਣਤੀ ਅਧਿਆਪਕ ਫਰਵਰੀ ਮਹੀਨੇ ਦੀ ਤਨਖਾਹ ਨੂੰ ਤਰਸ ਰਹੇ ਹਨ। ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਸੇਵਾ ਨਿਭਾ ਰਹੇ ਅਧਿਆਪਕਾਂ ਦੇ ਸਿਰ ਤੇ ਛਾਂਟੀ ਦੀ ਤਲਵਾਰ ਲਟਕਾ ਦਿੱਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਟੈੱਟ ਦੀ ਬੇਲੋੜੀ ਸ਼ਰਤ ਖ਼ਿਲਾਫ਼ ਮੰਤਰੀ ਮੰਡਲ ਵਿਚ ਮਤਾ ਪਾਸ ਕਰੇ ਅਤੇ ਸੁਪਰੀਮ ਕੋਰਟ ਵਿਚ ਵੀ ਇਸਦੇ ਖ਼ਿਲਾਫ਼ ਰੀਵਿਊ ਪਟੀਸ਼ਨ ਦਾਇਰ ਕਰੇ। ਇਸ ਮੌਕੇ ਸ਼ੰਕਰ ਦਾਸ, ਚੰਦਰ ਸ਼ੇਖਰ, ਸਤਨਾਮ ਮੀਰਪੁਰੀ, ਜਤਿੰਦਰ ਸਿੰਘ, ਸੁਖਜਿੰਦਰ ਰਾਮ, ਮਨਜੀਤ ਰਾਮ, ਹਰਵਿੰਦਰ ਬਲਾਚੌਰ, ਪਰਸ਼ੋਤਮ ਲਾਲ, ਗੁਰਨਾਮ ਸਿੰਘ, ਮਨਮੋਹਨ ਸਿੰਘ ਚੱਢਾ, ਸਰਬਜੀਤ ਸਿੰਘ, ਅਨਿਲ ਕੁਮਾਰ, ਰਾਜਵਿੰਦਰ ਕੌਰ, ਦਲਜੀਤ, ਸਰਬਜੀਤ ਕੌਰ, ਕੁਲਵਿੰਦਰ ਕੌਰ,ਰਮਾ ਕਾਂਤਾ ਆਦਿ ਵੀ ਮੌਜੂਦ ਸਨ।