ਭਾਈ ਸੰਗਤ ਸਿੰਘ ਖਾਲਸਾ ਕਾਲਜ ’ਚ ਅਧਿਆਪਕ ਦਿਵਸ ਮਨਾਇਆ ਭਾਈ ਸੰਗਤ ਸਿੰਘ ਖਾਲਸਾ ਕਾਲਜ ਵਿਖੇ ਅਧਿਆਪਕ ਦਿਵਸ ਮਨਾਇਆ
Publish Date: Sun, 06 Sep 2026 04:37 PM (IST)
Updated Date: Sun, 06 Sep 2026 04:40 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸਤਿਕਾਰ ਸਹਿਤ ਮਨਾਇਆ। ਇਹ ਦਿਵਸ ਭਾਰਤ ਦੇ ਮਹਾਨ ਵਿਦਵਾਨ, ਸਿੱਖਿਆ ਸ਼ਾਸਤਰੀ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਨੂੰ ਸਮਰਪਿਤ ਹੁੰਦਾ ਹੈ। ਇਸ ਮੌਕੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਸਮਾਜ ਦੇ ਨਿਰਮਾਣ ਵਿਚ ਨਿਭਾਈ ਜਾ ਰਹੀ ਮਹੱਤਵਪੂਰਨ ਭੂਮਿਕਾ ਨੂੰ ਯਾਦ ਕੀਤਾ। ਸਮਾਗਮ ਦੌਰਾਨ ਅਧਿਆਪਕਾਂ ਪ੍ਰਤੀ ਸਤਿਕਾਰ ਅਤੇ ਉਨ੍ਹਾਂ ਦੇ ਸਮਰਪਣ ਦੀ ਭਾਵਨਾ ਨੂੰ ਉਜਾਗਰ ਕਰਦਿਆਂ ਵੱਖ-ਵੱਖ ਸਰਗਰਮੀਆਂ ਵੀ ਕਰਵਾਈਆਂ। ਇਸ ਮੌਕੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਦੇ ਨਾਲ-ਨਾਲ ਸਮਾਜ ਅਤੇ ਰਾਸ਼ਟਰ ਦੇ ਨਿਰਮਾਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਅਧਿਆਪਕ ਦਾ ਫਰਜ਼ ਕੇਵਲ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਵਿਚ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਵੀ ਹੈ। ਉਨ੍ਹਾਂ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜੀਵਨ ਅਤੇ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਅਧਿਆਪਕ ਦੇ ਕਿੱਤੇ ਨੂੰ ਹਮੇਸ਼ਾ ਉੱਚਾ ਸਥਾਨ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਤਕਨੀਕੀ ਯੁੱਗ ਵਿਚ ਅਧਿਆਪਕਾਂ ਦੀ ਜ਼ਿੰਮੇਵਾਰੀ ਹੋਰ ਵੀ ਵੱਧ ਗਈ ਹੈ ਅਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਨੂੰ ਆਧੁਨਿਕ ਗਿਆਨ ਅਤੇ ਤਕਨਾਲੋਜੀ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀਆਂ ਨੈਤਿਕ, ਸੱਭਿਆਚਾਰਕ ਅਤੇ ਸਮਾਜਿਕ ਕਦਰਾਂ-ਕੀਮਤਾਂ ਨਾਲ ਵੀ ਜੋੜ ਕੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਫਲਤਾ ਪਿੱਛੇ ਅਧਿਆਪਕਾਂ ਦੀ ਮਿਹਨਤ, ਮਾਰਗ ਦਰਸ਼ਨ ਅਤੇ ਸਮਰਪਣ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਆਪਣੇ ਫਰਜ਼ਾਂ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।