ਸਕੂਲ ’ਚ ਵਿਦਿਆਰਥੀਆਂ ਦੇ ਟੈੱਟਨਸ ਟੀਕੇ ਲਗਾਏ ਸਕੂਲ 'ਚ ਵਿਦਿਆਰਥੀਆਂ ਦੇ ਟੈਟਨਸ ਟੀਕੇ ਲਗਾਏ
Publish Date: Tue, 01 Sep 2026 04:46 PM (IST)
Updated Date: Tue, 01 Sep 2026 04:49 PM (IST)
ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਵਿਦਿਆਰਥੀਆਂ ਨੂੰ ਸਿਹਤਮੰਦ ਰੱਖਣ ਅਤੇ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਜਾਗਰੂਕਤਾ ਮੁਹਿੰਮਾਂ ਤਹਿਤ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ। ਸੀਨੀਅਰ ਮੈਡੀਕਲ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਐੱਚਓ ਸੜੋਆ ਦੇ ਇੰਚਾਰਜ ਜਤਿੰਦਰ ਸਿੰਘ ਦੀ ਅਗਵਾਈ ਵਿਚ ਕਰਵਾਏ ਗਏ ਇਸ ਟੀਕਾਕਰਨ ਦੌਰਾਨ ਪੰਜਵੀਂ ਅਤੇ ਦਸਵੀਂ ਜਮਾਤ ਵਿਚ ਪੜ੍ਹਦੇ 11 ਅਤੇ 16 ਸਾਲ ਦੀ ਉਮਰ ਦੇ ਵਿਦਿਆਰਥੀਆਂ ਨੂੰ ਟੈੱਟਨਸ ਤੋਂ ਬਚਾਅ ਲਈ ਟੀਕੇ ਲਗਾਏ। ਇਸ ਮੌਕੇ ਏਐੱਨਐੱਮ ਰਾਜ ਰਾਣੀ ਅਤੇ ਆਸ਼ਾ ਵਰਕਰ ਬਲਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਟੈਟਨਸ ਬਿਮਾਰੀ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਟੈੱਟਨਸ ਇੱਕ ਗੰਭੀਰ ਬਿਮਾਰੀ ਹੈ ਅਤੇ ਇਸ ਤੋਂ ਬਚਾਅ ਲਈ ਟੀਕਾਕਰਨ ਬਹੁਤ ਮਹੱਤਵ ਪੂਰਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਟੀਕਾਕਰਨ ਦੀ ਮਹੱਤਤਾ ਦੇ ਨਾਲ-ਨਾਲ ਨਿੱਜੀ ਸਫ਼ਾਈ, ਸਿਹਤ ਸੰਭਾਲ ਅਤੇ ਸੱਟ ਜਾਂ ਜ਼ਖ਼ਮ ਹੋਣ ਦੀ ਸਥਿਤੀ ਵਿਚ ਲੋੜੀਂਦੀ ਸਾਵਧਾਨੀ ਵਰਤਣ ਸਬੰਧੀ ਵੀ ਜਾਗਰੂਕ ਕੀਤਾ। ਸਿਹਤ ਵਿਭਾਗ ਦੀ ਟੀਮ ਨੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਸਿਹਤ ਸਬੰਧੀ ਸਵਾਲਾਂ ਦੇ ਜਵਾਬ ਵੀ ਦਿੱਤੇ। ਟੀਮ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਪ੍ਰਤੀ ਜਾਗਰੂਕ ਹੋਣਾ ਅਤੇ ਸਮੇਂ ਸਿਰ ਲੋੜੀਂਦੇ ਟੀਕੇ ਲਗਵਾਉਣਾ ਬੇਹੱਦ ਜ਼ਰੂਰੀ ਹੈ। ਵਿਦਿਆਰਥੀਆਂ ਨੇ ਵੀ ਸਿਹਤ ਕਰਮਚਾਰੀਆਂ ਵੱਲੋਂ ਦਿੱਤੀ ਜਾਣਕਾਰੀ ਨੂੰ ਧਿਆਨ ਨਾਲ ਸੁਣਿਆ ਅਤੇ ਸਿਹਤ ਪ੍ਰਤੀ ਜਾਗਰੂਕ ਰਹਿਣ ਦਾ ਸੰਕਲਪ ਲਿਆ। ਸਕੂਲ ਦੀ ਪ੍ਰਿੰ. ਗੀਤਿਕਾ ਚੰਦੇਲ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖਣਾ ਵੀ ਸਕੂਲ ਦੀ ਅਹਿਮ ਜ਼ਿੰਮੇਵਾਰੀ ਹੈ। ਸਕੂਲ ਦੇ ਚੇਅਰਮੈਨ ਸੰਜੇ ਮਲਹੋਤਰਾ ਨੇ ਵੀ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਸਮਾਜ ਦੀ ਤਰੱਕੀ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਸਮੇਂ-ਸਮੇਂ ’ਤੇ ਅਜਿਹੇ ਸਿਹਤ ਜਾਗਰੂਕਤਾ ਅਤੇ ਟੀਕਾਕਰਨ ਪ੍ਰੋਗਰਾਮ ਕਰਵਾਏ ਜਾਣੇ ਚਾਹੀਦੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਬਿਮਾਰੀਆਂ ਤੋਂ ਬਚਾਅ ਅਤੇ ਸਿਹਤਮੰਦ ਜੀਵਨਸ਼ੈਲੀ ਬਾਰੇ ਜਾਣਕਾਰੀ ਮਿਲਦੀ ਰਹੇ। ਉਨ੍ਹਾਂ ਸਿਹਤ ਵਿਭਾਗ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਸਕੂਲ ਦੇ ਅਧਿਆਪਕਾਂ ਨੇ ਟੀਕਾਕਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਿਹਤ ਵਿਭਾਗ ਦੀ ਟੀਮ ਨੂੰ ਪੂਰਾ ਸਹਿਯੋਗ ਦਿੱਤਾ। ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਪਹਿਲ ਦੇਣ ਲਈ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਦੀ ਮਾਪਿਆਂ ਅਤੇ ਇਲਾਕਾ ਵਾਸੀਆਂ ਵੱਲੋਂ ਵੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।