ਆਮ ਆਦਮੀ ਕਲੀਨਿਕ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਏਸੀਐੱਸ ਨੂੰ ਦਿੱਤਾ ਮੰਗ ਪੱਤਰ ਸਾਂਝਾ ਫਰੰਟ ਆਮ ਆਦਮੀ ਕਲੀਨਿਕ ਨੇ ਏਸੀਐੱਸ ਨੂੰ ਦਿੱਤਾ ਮੰਗ ਪੱਤਰ
Publish Date: Tue, 25 Aug 2026 03:51 PM (IST)
Updated Date: Tue, 25 Aug 2026 03:54 PM (IST)
- ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਵੱਲੋਂ ਸਰਕਾਰ ਨੂੰ ਮੰਗਾਂ ਪੂਰੀਆਂ ਕਰਨ ਦੀ ਅਪੀਲ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਮੰਗ ਪੱਤਰ ਏਸੀਐੱਸ ਡਾ. ਬਲਜੀਤ ਕਮਲ ਨੂੰ ਦਿੱਤਾ ਗਿਆ। ਆਗੂਆਂ ਨੇ ਦੱਸਿਆ ਕਿ 27 ਜੁਲਾਈ ਦੀ ਹੜਤਾਲ ਦੌਰਾਨ ਸਰਕਾਰ/ਵਿਭਾਗ ਨਾਲ ਹੋਈ ਮੀਟਿੰਗ ਵਿਚ ਸਾਂਝਾ ਫਰੰਟ ਦੀਆਂ ਤਿੰਨ ਮੁੱਖ ਮੰਗਾਂ ’ਤੇ ਸਹਿਮਤੀ ਬਣੀ ਸੀ ਜਿਨ੍ਹਾਂ ਵਿਚ ਇਨਸੈਂਟਿਵ ਵਿਚ ਵਾਧਾ ਕਰਨ, ਕੈਜ਼ੂਅਲ ਲੀਵ ਦੇ ਨਾਲ ਮੈਡੀਕਲ ਲੀਵ ਦੀ ਸੁਵਿਧਾ, ਕਰਮਚਾਰੀਆਂ ਨੂੰ ਨੌਕਰੀ ਦੀ ਸੁਰੱਖਿਆ, ਮੌਜੂਦਾ ਐਂਪੈਨਲਮੈਂਟ ਪ੍ਰਣਾਲੀ ਨੂੰ ਖਤਮ ਕਰ ਕੇ ਕਰਮਚਾਰੀਆਂ ਨੂੰ ਡੀਐੱਚਐੱਸ ਦੇ ਅਧੀਨ ਕਾਂਟ੍ਰੈਕਟ ’ਤੇ ਲਿਆਂਦਾ ਜਾਵੇ। ਫਰੰਟ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਅਤੇ ਵਿਭਾਗ ਵੱਲੋਂ ਇਨ੍ਹਾਂ ਮੰਗਾਂ ’ਤੇ ਸਹਿਮਤੀ ਬਣਨ ਦੇ ਬਾਵਜੂਦ 18 ਦਿਨ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਇਨ੍ਹਾਂ ਵਿਚੋਂ ਕੋਈ ਵੀ ਮੰਗ ਜ਼ਮੀਨੀ ਪੱਧਰ ’ਤੇ ਲਾਗੂ ਨਹੀਂ ਕੀਤੀ। ਇਸ ਤੋਂ ਇਲਾਵਾ ਵਿਭਾਗ ਵੱਲੋਂ ਇਹ ਵੀ ਸਪੱਸ਼ਟ ਨਹੀਂ ਕੀਤਾ ਕਿ ਇਨ੍ਹਾਂ ਮੰਗਾਂ ਨਾਲ ਸਬੰਧਿਤ ਫਾਈਲ ਇਸ ਸਮੇਂ ਕਿਸ ਪੱਧਰ ’ਤੇ ਪ੍ਰਕਿਰਿਆ ਅਧੀਨ ਹੈ ਅਤੇ ਇਨ੍ਹਾਂ ਨੂੰ ਲਾਗੂ ਕਰਨ ਲਈ ਹੋਰ ਕਿੰਨਾ ਸਮਾਂ ਲੱਗੇਗਾ। ਸਾਂਝਾ ਫਰੰਟ ਨੇ ਸਰਕਾਰ ਅਤੇ ਸਿਹਤ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਪਹਿਲਾਂ ਹੋਈ ਸਹਿਮਤੀ ਅਨੁਸਾਰ ਇਨ੍ਹਾਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਅਤੇ ਕਰਮਚਾਰੀਆਂ ਨੂੰ ਸਪੱਸ਼ਟ ਜਾਣਕਾਰੀ ਦਿੱਤੀ ਜਾਵੇ। ਫਰੰਟ ਨੇ ਐਲਾਨ ਕੀਤਾ ਕਿ 27 ਅਗਸਤ ਨੂੰ ਸੀਐੱਚਓ ਯੂਨੀਅਨ, ਆਊਟਸੋਰਸਿੰਗ ਯੂਨੀਅਨ, ਫਾਰਮਾਸਿਸਟ ਐਸੋਸੀਏਸ਼ਨ ਅਤੇ ਹੋਰ ਰੈਗੂਲਰ ਯੂਨੀਅਨਾਂ ਵੱਲੋਂ ਕੀਤੇ ਜਾਣ ਵਾਲੇ ਸੰਘਰਸ਼ ਦੀ ਸਾਂਝਾ ਫਰੰਟ ਆਮ ਆਦਮੀ ਕਲੀਨਿਕ ਪੰਜਾਬ ਵੱਲੋਂ ਪੂਰਨ ਹਮਾਇਤ ਕੀਤੀ ਜਾਵੇਗੀ। ਇਸ ਦੌਰਾਨ 27 ਅਗਸਤ ਨੂੰ ਆਮ ਆਦਮੀ ਕਲੀਨਿਕਾਂ ਦੀਆਂ ਓਪੀਡੀ ਸੇਵਾਵਾਂ ਪੂਰੀ ਤਰ੍ਹਾਂ ਬੰਦ ਰੱਖ ਕੇ ਸੰਘਰਸ਼ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਸਾਂਝਾ ਫਰੰਟ ਨੇ ਸਪੱਸ਼ਟ ਕੀਤਾ ਕਿ ਇਹ ਸੰਘਰਸ਼ ਆਪਣੀਆਂ ਜਾਇਜ਼ ਅਤੇ ਪਹਿਲਾਂ ਸਹਿਮਤੀ ਨਾਲ ਮੰਨੀਆਂ ਗਈਆਂ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ। ਫਰੰਟ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਬਿਨਾਂ ਹੋਰ ਦੇਰੀ ਕੀਤੇ ਮੰਗਾਂ ਨੂੰ ਲਾਗੂ ਕੀਤਾ ਜਾਵੇ ਤਾਂ ਜੋ ਕਰਮਚਾਰੀਆਂ ਵਿਚ ਪੈਦਾ ਹੋ ਰਹੀ ਬੇਚੈਨੀ ਨੂੰ ਦੂਰ ਕੀਤਾ ਜਾ ਸਕੇ।