ਸਿਵਲ ਸਰਜਨ ਨੇ ਸਿਵਲ ਹਸਪਤਾਲ ’ਚ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਸਿਵਲ ਸਰਜਨ ਨੇ ਸਿਵਲ ਹਸਪਤਾਲ ਬਲਾਚੌਰ 'ਚ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ
Publish Date: Fri, 09 Oct 2026 06:18 PM (IST)
Updated Date: Fri, 09 Oct 2026 06:20 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਸਿਵਲ ਸਰਜਨ ਡਾ. ਅਮਨ ਸੂਦ ਨੇ ਲੈਫ. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦਾ ਅਚਾਨਕ ਦੌਰਾ ਕਰ ਕੇ ਸਿਹਤ ਸੇਵਾਵਾਂ ਅਤੇ ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵਿਸਥਾਰਪੂਰਵਕ ਨਿਰੀਖਣ ਕੀਤਾ। ਨਿਰੀਖਣ ਦੌਰਾਨ ਸਿਵਲ ਸਰਜਨ ਨੇ ਓਪੀਡੀ, ਆਈਪੀਡੀ, ਇੰਡੋਰ ਵਾਰਡ, ਐਮਰਜੈਂਸੀ ਸੇਵਾਵਾਂ, ਲੇਬਰ ਰੂਮ ਅਤੇ ਲੈਬਾਰਟਰੀ ਅਤੇ ਓਟ ਸੈਂਟਰ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ। ਇਸੇ ਦੌਰਾਨ ਸਿਵਲ ਸਰਜਨ ਡਾ. ਅਮਨ ਸੂਦ ਨੇ ਹਸਪਤਾਲ ਵਿਚ ਤਾਇਨਾਤ ਡਾਕਟਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਦੀ ਹਾਜ਼ਰੀ ਵੀ ਚੈੱਕ ਕੀਤੀ। ਉਨ੍ਹਾਂ ਨੇ ਸਟਾਫ਼ ਨੂੰ ਸਮੇਂ ਦੀ ਪਾਬੰਦੀ ਯਕੀਨੀ ਬਣਾਉਣ ਅਤੇ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਨਿਰਵਿਘਨ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਦਵਾਈਆਂ ਦੀ ਉਪਲੱਬਧਤਾ, ਲੈਬ ਟੈਸਟਾਂ ਦੀ ਸਹੂਲਤ, ਮੈਡੀਕਲ ਸਾਜ਼ੋ-ਸਾਮਾਨ ਅਤੇ ਹਸਪਤਾਲ ਦੇ ਸਫ਼ਾਈ ਪ੍ਰਬੰਧਾਂ ਦੀ ਸਮੀਖਿਆ ਕੀਤੀ। ਇਸ ਮੌਕੇ ਡਾ. ਅਮਨ ਸੂਦ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਦਿਆਂ ਦਾਖ਼ਲ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਇਲਾਜ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮਰੀਜ਼ਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਿਹਤ ਸਟਾਫ਼ ਨੂੰ ਮਰੀਜ਼ਾਂ ਦੀ ਸੁਚੱਜੀ ਦੇਖਭਾਲ, ਸਮੇਂ ਸਿਰ ਇਲਾਜ ਅਤੇ ਨਿਮਰਤਾਪੂਰਵਕ ਵਿਹਾਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸਿਵਲ ਸਰਜਨ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਗਰਭਵਤੀ ਔਰਤਾਂ ਦੀ ਸਮੇਂ ਸਿਰ ਜਾਂਚ, ਸੁਰੱਖਿਅਤ ਜਣੇਪਾ, ਜਣੇਪੇ ਤੋਂ ਪਹਿਲਾਂ ਅਤੇ ਬਾਅਦ ਦੀ ਦੇਖਭਾਲ, ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ ਅਤੇ ਟੀਕਾਕਰਨ ਵਰਗੀਆਂ ਸੇਵਾਵਾਂ ਨੂੰ ਸੁਚੱਜੇ ਢੰਗ ਨਾਲ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਾਂ ਅਤੇ ਬੱਚੇ ਦੀ ਸਿਹਤ ਦੀ ਸੁਰੱਖਿਆ ਲਈ ਸਿਹਤ ਕਰਮਚਾਰੀਆਂ ਦੀ ਭੂਮਿਕਾ ਬੇਹੱਦ ਅਹਿਮ ਹੈ। ਡਾ. ਅਮਨ ਸੂਦ ਨੇ ਕਿਹਾ ਕਿ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਸਿਹਤ ਸੇਵਾਵਾਂ ਨਾਲ ਜੋੜਨਾ ਸਮੇਂ ਦੀ ਅਹਿਮ ਲੋੜ ਹੈ। ਓਟ ਸੈਂਟਰ ਰਾਹੀਂ ਯੋਗ ਮਰੀਜ਼ਾਂ ਨੂੰ ਨਿਰਧਾਰਤ ਡਾਕਟਰੀ ਪ੍ਰੋਟੋਕੋਲ ਅਨੁਸਾਰ ਇਲਾਜ ਅਤੇ ਲੋੜੀਂਦੀ ਕੌਂਸਲਿੰਗ ਮੁਹੱਈਆ ਕਰਵਾਉਣ ਦੇ ਨਾਲ ਉਨ੍ਹਾਂ ਦੀ ਨਿੱਜਤਾ ਅਤੇ ਮਾਣ-ਸਨਮਾਨ ਦਾ ਖ਼ਿਆਲ ਰੱਖਣਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀਆਂ ਪ੍ਰਤੀ ਹਮਦਰਦੀ ਵਾਲਾ ਰਵੱਈਆ ਅਪਣਾਉਂਦਿਆਂ ਉਨ੍ਹਾਂ ਨੂੰ ਇਲਾਜ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ਸਿਵਲ ਸਰਜਨ ਨੇ ਸਿਹਤ ਅਧਿਕਾਰੀਆਂ ਅਤੇ ਸਿਹਤ ਕਰਮਚਾਰੀਆਂ ਨੂੰ ਸਫ਼ਾਈ ਦੇ ਮਿਆਰ ਕਾਇਮ ਰੱਖਣ, ਦਵਾਈਆਂ ਦੀ ਉਪਲੱਬਧਤਾ ਅਤੇ ਸਿਹਤ ਸਹੂਲਤਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਲਈ ਕਿਹਾ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪਿਆਰੇ ਲਾਲ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਰਾਮ ਸਿੰਘ, ਸਿਵਲ ਸਰਜਨ ਦੇ ਪੀਏ ਅਜੇ ਕੁਮਾਰ ਤੇ ਨੀਰਜ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।