ਸਿਵਲ ਸਰਜਨ ਨੇ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰ ਕੇ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ ਸਿਵਲ ਸਰਜਨ ਨੇ ਜ਼ਿਲ੍ਹਾ ਹਸਪਤਾਲ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ
Publish Date: Wed, 07 Oct 2026 03:54 PM (IST)
Updated Date: Wed, 07 Oct 2026 03:56 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਵਲ ਸਰਜਨ ਡਾ. ਅਮਨ ਸੂਦ ਨੇ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਰਾਹੀਂ ਮਿਆਰੀ, ਪਹੁੰਚਯੋਗ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕੀਤਾ। ਜਿਸ ਦੌਰਾਨ ਉਨ੍ਹਾਂ ਹਸਪਤਾਲ ਵਿਚ ਮਰੀਜ਼ਾਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੌਰੇ ਦੌਰਾਨ ਉਨ੍ਹਾਂ ਵੱਖ-ਵੱਖ ਵਾਰਡਾਂ ਅਤੇ ਸਿਹਤ ਸੇਵਾ ਖੇਤਰਾਂ ਦਾ ਨਿਰੀਖਣ ਕਰਨ ਦੇ ਨਾਲ-ਨਾਲ ਮਰੀਜ਼ਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਤੋਂ ਹਸਪਤਾਲ ਵਿਚ ਮਿਲ ਰਹੀਆਂ ਸਿਹਤ ਸਹੂਲਤਾਂ, ਇਲਾਜ, ਦਵਾਈਆਂ ਅਤੇ ਜਾਂਚ ਸੇਵਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਮਰੀਜ਼ਾਂ ਨੇ ਹਸਪਤਾਲ ਵੱਲੋਂ ਮਿਲ ਰਹੀਆਂ ਸਿਹਤ ਸਹੂਲਤਾਂ ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਲੋੜੀਂਦੀਆਂ ਦਵਾਈਆਂ ਹਸਪਤਾਲ ਅੰਦਰੋਂ ਹੀ ਮੁਫ਼ਤ ਮਿਲ ਰਹੀਆਂ ਹਨ ਅਤੇ ਮੈਡੀਕਲ ਲੈਬ ਦੇ ਲੋੜੀਂਦੇ ਟੈਸਟ ਵੀ ਹਸਪਤਾਲ ਅੰਦਰ ਹੀ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਰੀਜ਼ਾਂ ਤੋਂ ਸਿੱਧਾ ਫੀਡ ਬੈਕ ਲੈਣਾ ਸਿਹਤ ਸੇਵਾਵਾਂ ਦੀ ਗੁਣਵੱਤਾ ਨੂੰ ਪਰਖਣ ਦਾ ਅਹਿਮ ਸਾਧਨ ਹੈ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਹਰੇਕ ਮਰੀਜ਼ ਨੂੰ ਬਿਨਾਂ ਕਿਸੇ ਬੇਲੋੜੀ ਦੇਰੀ ਜਾਂ ਖੱਜਲ-ਖੁਆਰੀ ਦੇ ਲੋੜੀਂਦਾ ਇਲਾਜ ਅਤੇ ਸਿਹਤ ਸਹੂਲਤ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ। ਸਿਵਲ ਸਰਜਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਸਨਮਾਨ ਜਨਕ ਅਤੇ ਹਮਦਰਦੀ ਭਰਿਆ ਵਿਵਹਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹਸਪਤਾਲ ਵਿਚ ਸਾਫ਼-ਸੁਥਰਾ, ਸੁਚੱਜਾ ਅਤੇ ਮਰੀਜ਼ ਪੱਖੀ ਮਾਹੌਲ ਬਣਾਈ ਰੱਖਣਾ ਸਾਰੇ ਸਟਾਫ਼ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦਾ ਸੰਤੁਸ਼ਟ ਹੋਣਾ ਹੀ ਸਾਡੀਆਂ ਸਿਹਤ ਸੇਵਾਵਾਂ ਦੀ ਅਸਲ ਕਸੌਟੀ ਹੈ। ਹਰੇਕ ਮਰੀਜ਼ ਨੂੰ ਸਮੇਂ ਸਿਰ ਇਲਾਜ, ਲੋੜੀਂਦੀਆਂ ਦਵਾਈਆਂ ਅਤੇ ਜ਼ਰੂਰੀ ਜਾਂਚ ਸਹੂਲਤਾਂ ਮੁਹੱਈਆ ਕਰਵਾਉਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਪਲੱਬਧ ਕਰਵਾਈਆਂ ਜਾ ਰਹੀਆਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ, ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਬਸਰਾ, ਸਿਵਲ ਸਰਜਨ ਦੇ ਪੀਏ ਅਜੇ ਕੁਮਾਰ ਅਤੇ ਨੀਰਜ ਕੁਮਾਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।