ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ’ਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ ਹੈ : ਐੱਸਐੱਸਪੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ’ਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ ਹੈ-ਐੱਸਐੱਸਪੀ ਤੁਸ਼ਾਰ ਗੁਪਤਾ
Publish Date: Wed, 21 Oct 2026 05:08 PM (IST)
Updated Date: Wed, 21 Oct 2026 05:09 PM (IST)
ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਤੇ ਸ਼ਹੀਦਾਂ ਨੂੰ ਕੀਤਾ ਸਿਜਦਾ, ਸ਼ਹੀਦ ਪਰਿਵਾਰਾਂ ਨੂੰ ਕੀਤਾ ਸਨਮਾਨਿਤ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਬਹਾਦਰ ਪੁਲਿਸ ਮੁਲਾਜ਼ਮਾਂ ਦੇ ਸਨਮਾਨ ਵਿਚ ਅੱਜ ਜੇਐੱਸਐਫਐੱਚ ਖ਼ਾਲਸਾ ਸ.ਸ. ਸਕੂਲ ਦੇ ਖੇਡ ਮੈਦਾਨ ਵਿਖੇ ਪੁਲਿਸ ਯਾਦਗਾਰ ਦਿਵਸ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ। ਐੱਸਐੱਸਪੀ ਤੁਸ਼ਾਰ ਗੁਪਤਾ ਨੇ ਸ਼ਰਧਾਂਜਲੀ ਸਮਾਰੋਹ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਪੰਜਾਬ ਪੁਲਿਸ ਨੂੰ ਇੱਕ ਬੇਮਿਸਾਲ ਫੋਰਸ ਦੱਸਿਆ, ਜਿਸ ਨੇ ਸ਼ਾਂਤੀ ਅਤੇ ਸੰਕਟ ਦੋਵਾਂ ਸਮਿਆਂ ਵਿਚ ਬੇਮਿਸਾਲ ਲਗਨ ਨਾਲ ਦੇਸ਼ ਦੀ ਸੇਵਾ ਕੀਤੀ। ਇਸ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਅਤੇ ਸ਼ਹੀਦਾਂ ਪ੍ਰਤੀ ਆਪਣਾ ਸਨਮਾਨ ਪ੍ਰਗਟ ਕੀਤਾ। ਐੱਸਐੱਸਪੀ ਤੁਸ਼ਾਰ ਗੁਪਤਾ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਕਰਕੇ ਹੀ ਅਸੀਂ ਅੱਜ ਚੈਨ ਦੀ ਨੀਂਦ ਸੌਂ ਰਹੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੋਲ ਬਹਾਦਰੀ, ਹਿੰਮਤ ਅਤੇ ਅੱਤਵਾਦ ਨੂੰ ਜੜ੍ਹੋਂ ਖਤਮ ਕਰਨ ਦੀ ਵਚਨਬੱਧਤਾ ਦੀ ਸ਼ਾਨਦਾਰ ਵਿਰਾਸਤ ਹੈ ਅਤੇ ਸੂਬੇ ਵਿਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਵਿੱਚ ਪੰਜਾਬ ਪੁਲਿਸ ਦਾ ਯੋਗਦਾਨ ਬੇਮਿਸਾਲ ਹੈ। ਇਸ ਦੌਰਾਨ ਪੁਲਿਸ ਸ਼ਹੀਦ ਸਮਾਰਕ ਤੇ ਯਾਦਗਾਰੀ ਪਰੇਡ ਹੋਈ, ਜਿੱਥੇ ਪੁਲਿਸ ਸ਼ਹੀਦਾਂ ਦੇ ਨਾਮ ਪੜ੍ਹੇ ਗਏ, ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ। ਸਮਾਰੋਹ ਤੋਂ ਬਾਅਦ ਐੱਸਐੱਸਪੀ ਤੁਸ਼ਾਰ ਗੁਪਤਾ ਨੇ ਪੁਲਿਸ ਸ਼ਹੀਦਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਲਗਾਤਾਰ ਮਦਦ ਦਾ ਭਰੋਸਾ ਦਿਵਾਇਆ। ਐੱਸਐੱਸਪੀ ਨੇ ਕਿਹਾ ਕਿ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ, ਉਨ੍ਹਾਂ ਦੀਆਂ ਭਾਵਨਾਵਾਂ ਦਾ ਆਦਰ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਉਣਾ ਪੁਲਿਸ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਹੈ। ਸ਼ਹੀਦ ਪਰਿਵਾਰਾਂ ਪ੍ਰਤੀ ਸਨਮਾਨ ਅਤੇ ਸੰਵੇਦਨਸ਼ੀਲਤਾ ਬਣਾਈ ਰੱਖਣਾ ਵਿਭਾਗ ਦੀ ਵਚਨਬੱਧਤਾ ਦਾ ਅਨਿੱਖੜਵਾਂ ਹਿੱਸਾ ਹੈ। ਸਮਾਰੋਹ ਦੌਰਾਨ ਵੱਖ-ਵੱਖ ਨਿਆਂਇਕ, ਸਿਵਲ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੇ ਦੇਸ਼ ਅਤੇ ਸਮਾਜ ਦੀ ਸੁਰੱਖਿਆ ਲਈ ਆਪਣੇ ਪ੍ਰਾਣਾਂ ਦਾ ਸਰਵਉੱਚ ਬਲੀਦਾਨ ਦੇਣ ਵਾਲੇ ਬਹਾਦਰ ਪੁਲਿਸ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਸਿਜਦਾ ਕੀਤਾ।