ਡੀਸੀ ਨੇ ਸੜਕ ਸੁਰੱਖਿਆ ਨਾਲ ਜੁੜੇ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਦਿੱਤੇ ਡਿਪਟੀ ਕਮਿਸ਼ਨਰ ਨੇ ਸੜਕ ਸੁਰੱਖਿਆ ਨਾਲ ਜੁੜੇ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਦੇ ਨਿਰਦੇਸ਼ ਦਿੱਤੇ
Publish Date: Wed, 30 Sep 2026 05:20 PM (IST)
Updated Date: Wed, 30 Sep 2026 05:21 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸੜਕ ਸੁਰੱਖਿਆ ਨਾਲ ਸਬੰਧਿਤ ਵੱਖ-ਵੱਖ ਅਹਿਮ ਮੁੱਦਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਅਤੇ ਸੜਕ ਹਾਦਸਿਆਂ ਦੀ ਰੋਕਥਾਮ ਅਤੇ ਟ੍ਰੈਫਿਕ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਸਬੰਧਿਤ ਵਿਭਾਗਾਂ ਨੂੰ ਲੋੜੀਂਦੀ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਮੀਟਿੰਗ ਵਿਚ ਮਾਨਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਦੀ ਸਮੀਖਿਆ ਕੀਤੀ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਟ੍ਰੈਫਿਕ ਵਿਵਸਥਾ ਨਾਲ ਜੁੜੇ ਮੁੱਦਿਆਂ ਤੇ ਚਰਚਾ ਹੋਈ, ਜਿਸ ਵਿਚ ਡਾ. ਅੰਬੇਡਕਰ ਚੌਕ ਦੀ ਟ੍ਰੈਫਿਕ ਲਾਈਟ, ਚੰਡੀਗੜ੍ਹ-ਫਗਵਾੜਾ ਸੜਕ ਦੇ ਨਵਾਂਸ਼ਹਿਰ ਵੱਲ ਜਾਂਦੇ ਹਿੱਸੇ ਤੇ ਲਾਈਟ ਪੋਲ ਲਗਾਉਣ, ਲੰਗੜੋਆ ਅਤੇ ਮਹਾਲੋਂ ਦੇ ਐਂਟਰੀ/ਐਗਜ਼ਿਟ ਪੁਆਇੰਟਾਂ ਤੇ ਟ੍ਰੈਫਿਕ ਪ੍ਰਬੰਧ ਅਤੇ ਟ੍ਰੈਫਿਕ ਫਰਨੀਚਰ ਨਾਲ ਸਬੰਧਤ ਕੰਮ ਸ਼ਾਮਲ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਈ-ਡੀਏਆਰ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਸੜਕ ਹਾਦਸਿਆਂ ਨਾਲ ਜੁੜੇ ਮਾਮਲਿਆਂ ਦਾ ਡਾਟਾ ਸਮੇਂ ਸਿਰ ਅਪਡੇਟ ਕਰਨ ਅਤੇ ਆਪਸੀ ਤਾਲਮੇਲ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿਚ ਰਾਹ-ਵੀਰ ਯੋਜਨਾ ਅਤੇ ਫਰਿਸ਼ਤੇ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਸੜਕ ਹਾਦਸਾ ਪੀੜਤਾਂ ਨੂੰ ਸਮੇਂ ਸਿਰ ਸਹਾਇਤਾ ਦੇਣ ਦੀ ਵਿਵਸਥਾ ਨੂੰ ਹੋਰ ਅਸਰਦਾਰ ਬਣਾਉਣ ’ਤੇ ਜ਼ੋਰ ਦਿੱਤਾ। ਪੀਐੱਮ-ਰਾਹਤ ਯੋਜਨਾ ਦੀ ਵੀ ਸਮੀਖਿਆ ਕੀਤੀ, ਇਸ ਤੋਂ ਇਲਾਵਾ ਹੈਲਮਟ ਨਿਯਮਾਂ ਦੀ ਪਾਲਣਾ, ਚਾਲਾਨ ਦੀ ਸਥਿਤੀ, ਐੱਲਈਡੀ/ਚਿੱਟੀਆਂ ਤੇਜ਼ ਲਾਈਟਾਂ ਸਬੰਧੀ ਜ਼ਬਤੀ ਦੀ ਕਾਰਵਾਈ ਅਤੇ ਗਲਤ ਲੇਨ ਵਿਚ ਵਾਹਨ ਚਲਾਉਣ ਦੇ ਮਾਮਲਿਆਂ ’ਤੇ ਵੀ ਵਿਸਥਾਰ ਨਾਲ ਚਰਚਾ ਹੋਈ। ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਹਿੱਟ ਐਂਡ ਰਨ ਮਾਮਲਿਆਂ ਦੀ ਵੀ ਸਮੀਖਿਆ ਕੀਤੀ ਅਤੇ ਜ਼ਿਲ੍ਹੇ ਵਿਚ ਹਾਦਸਾ ਸੰਭਾਵਿਤ ਬਲੈਕ ਸਪਾਟਸ ਦੀ ਪਛਾਣ ਅਤੇ ਉਨ੍ਹਾਂ ਦੇ ਸੁਧਾਰ ਦੇ ਪ੍ਰਸਤਾਵ ਤੇ ਵਿਚਾਰ-ਵਟਾਂਦਰਾ ਹੋਇਆ। ਇਸ ਤੋਂ ਇਲਾਵਾ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਵਾਹਨਾਂ ਦੀ ਸੁਰੱਖਿਆ ਵਿਵਸਥਾ, ਪੈਦਲ ਯਾਤਰੀਆਂ ਦੀ ਸੁਰੱਖਿਆ ਅਤੇ ਪਿਛਲੇ ਮਹੀਨੇ ਦੌਰਾਨ ਪੈਦਲ ਯਾਤਰੀਆਂ ਨਾਲ ਸਬੰਧਿਤ ਸੱਟ ਅਤੇ ਮੌਤ ਦੇ ਮਾਮਲਿਆਂ ਦੀ ਵੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਕਿਹਾ ਕਿ ਸੜਕ ਸੁਰੱਖਿਆ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਵੱਖ-ਵੱਖ ਵਿਭਾਗਾਂ ਦੇ ਬਿਹਤਰ ਤਾਲਮੇਲ ਨਾਲ ਹੀ ਸੜਕ ਹਾਦਸਿਆਂ ਵਿੱਚ ਕਮੀ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦੇ ਟੀਚੇ ਨੂੰ ਹਾਸਲ ਕੀਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਨੀਲ ਫੋਗਾਟ, ਸਹਾਇਕ ਕਮਿਸ਼ਨਰ (ਜ) ਰਮਨਜੀਤ, ਆਰਟੀਓ ਇੰਦਰ ਪਾਲ ਸਿੰਘ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ, ਪੁਲਿਸ ਵਿਭਾਗ, ਸਿਹਤ ਵਿਭਾਗ, ਨਗਰ ਕੌਂਸਲ, ਐੱਨਐੱਚਏਆਈ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।