- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡਿਪਟੀ ਕਮਿਸ਼ਨਰ ਨੇ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਮੁਕੰਮਲ ਕਰਨ ਲਈ ਚਾਰਜ ਅਫਸਰਾਂ ਨਾਲ ਮੀਟਿੰਗ ਕੀਤੀ

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਸ੍ਰੀ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਸੈਂਸਸ 2027 ਦੇ ਦੂਜੇ ਫੇਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਮੂਹ ਚਾਰਜ ਅਫਸਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਸੈਂਸਸ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਕੇ ਸਵੈ ਗਣਨਾ ਦੀ ਪ੍ਰਕਿਰਿਆ ਵਿੱਚ ਭਾਗੀਦਾਰ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੈਂਸਸ 2027 ਦੇ ਦੂਜੇ ਫੇਸ ਤਹਿਤ ਸਵੈ ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਚੱਲੇਗੀ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਲੋਕਾਂ ਨੂੰ ਸਵੈ ਗਣਨਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ। ਤਾਂ ਜੋ ਜਨਗਣਨਾ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਇਸ ਤੋਂ ਬਾਅਦ 1 ਦਸੰਬਰ 2026 ਤੋਂ ਜਨਗਣਨਾ ਦਾ ਦੂਜਾ ਫੇਸ ਸ਼ੁਰੂ ਹੋਵੇਗਾ, ਜਿਸ ਦੌਰਾਨ ਜ਼ਿਲ੍ਹੇ ਦੇ ਸਾਰੇ ਇਨੂਮੀਰੇਟਰ ਅਤੇ ਸੁਪਰਵਾਈਜ਼ਰ ਆਪਣੇ ਨਿਰਧਾਰਤ ਬਲਾਕਾਂ ਵਿੱਚ ਘਰ-ਘਰ ਜਾ ਕੇ ਜਨਗਣਨਾ ਦਾ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਸੈਂਸਸ ਆਪਰੇਸ਼ਨਜ਼, ਚੰਡੀਗੜ੍ਹ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਜਨਗਣਨਾ ਸਬੰਧੀ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਪ੍ਰਚਾਰ ਵੈਨ ਭੇਜੀ ਗਈ ਹੈ। ਇਹ ਵੈਨ ਅਗਲੇ 10 ਦਿਨਾਂ ਦੌਰਾਨ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਜਾ ਕੇ ਲੋਕਾਂ ਨੂੰ ਸੈਂਸਸ ਦੀ ਮਹੱਤਤਾ ਅਤੇ ਇਸ ਦੀ ਪ੍ਰਕਿਰਿਆ ਬਾਰੇ ਜਾਗਰੂਕ ਕਰੇਗੀ। ਇਹ ਵੈਨ ਨਵਾਂਸ਼ਹਿਰ ਵਿਚ ਚਾਰ ਦਿਨ, ਬਲਾਚੌਰ ਵਿਚ ਤਿੰਨ ਦਿਨ ਅਤੇ ਬੰਗਾ ਵਿਚ ਤਿੰਨ ਦਿਨ ਪ੍ਰਚਾਰ ਕਰੇਗੀ। ਤਹਿਸੀਲ ਨਵਾਂਸ਼ਹਿਰ ਵਿਚ 11 ਤੋਂ 15 ਨਵੰਬਰ, ਤਹਿਸੀਲ ਬੰਗਾ ਵਿਚ 16 ਤੋਂ 18 ਨਵੰਬਰ ਅਤੇ ਤਹਿਸੀਲ ਬਲਾਚੌਰ ਵਿਚ 19 ਤੋਂ 21 ਨਵੰਬਰ ਤੱਕ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਜਨਗਣਨਾ ਸਬੰਧੀ ਜਾਣਕਾਰੀ ਹਰ ਵਰਗ ਤੱਕ ਪਹੁੰਚਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਅਰੁਣ ਮਹਾਜਨ ਡਿਪਟੀ ਈਐਸਏ, ਗੁਰਿੰਦਰ ਵੱਧਣ ਇਨਵੈਸਟੀਗੇਟਰ, ਸੁਖਵਿੰਦਰ ਸਿੰਘ ਯੰਗ ਪ੍ਰੋਫੈਸ਼ਨਲ, ਜ਼ਿਲ੍ਹਾ ਸਿੱਖਿਆ ਦਫ਼ਤਰ ਦੇ ਨੁਮਾਇੰਦਿਆਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।