‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸੰਪੰਨ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਦਾ ਪੰਜਵਾਂ ਦਿਨ ਸਫਲਤਾ ਪੂਰਵਕ ਸੰਪੰਨ
Publish Date: Sat, 03 Oct 2026 04:55 PM (IST)
Updated Date: Sat, 03 Oct 2026 04:58 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਕਰਵਾਈਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਖੇਡਾਂ ਦੇ ਪੰਜਵੇਂ ਦਿਨ ਵੱਖ-ਵੱਖ ਖੇਡ ਮੁਕਾਬਲੇ ਕਰਵਾਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਪੰਜਵੇਂ ਦਿਨ ਗੱਤਕਾ ਮੁਕਾਬਲੇ ਆਈਟੀਆਈ ਕਾਲਜ ਨਵਾਂਸ਼ਹਿਰ, ਬੈਡਮਿੰਟਨ ਮੁਕਾਬਲੇ ਸਟੇਡੀਅਮ ਬਾਹੜੋਵਾਲ, ਕੁਸ਼ਤੀ ਮੁਕਾਬਲੇ ਸ਼੍ਰੀ ਹਰੀ ਗੋਬਿੰਦ ਸਿੰਘ ਬਾਹੜੋਵਾਲ ਕਲੱਬ, ਪਾਵਰ ਲਿਫਟਿੰਗ ਮੁਕਾਬਲੇ ਰਾਜਾ ਸਾਹਿਬ ਸਪੋਰਟਸ ਕਲੱਬ ਗੁਣਾਚੌਰ ਅਤੇ ਫੁੱਟਬਾਲ ਮੁਕਾਬਲੇ ਖਾਲਸਾ ਸਕੂਲ ਵਿਖੇ ਕਰਵਾਏ।।ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਲਾਕ ਪੱਧਰ ਤੇ ਜੇਤੂ ਰਹੇ ਖਿਡਾਰੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਖਿਡਾਰੀਆਂ ਵਿਚ ਖੇਡਾਂ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਸਾਰੇ ਮੁਕਾਬਲੇ ਬਹੁਤ ਹੀ ਵਧੀਆ ਮਾਹੌਲ ਵਿਚ ਕਰਵਾਏ ਗਏ। ਇਸ ਮੌਕੇ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਬੰਗਾ ਵੱਲੋਂ ਸ਼੍ਰੀ ਹਰੀ ਗੋਬਿੰਦ ਸਿੰਘ ਬਾਹੜੋਵਾਲ ਕਲੱਬ ਵਿਖੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਕੁਸ਼ਤੀ ਦੇ ਮੁਕਾਬਲੇ ਵੇਖੇ ਅਤੇ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ। ਉਨ੍ਹਾਂ ਜੇਤੂ ਖਿਡਾਰੀਆਂ ਨੂੰ ਮੈਡਲ ਪ੍ਰਦਾਨ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਖਿਡਾਰੀਆਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਡ ਮੈਦਾਨਾਂ, ਜਿੰਮਾਂ ਅਤੇ ਖੇਡਾਂ ਨਾਲ ਸੰਬੰਧਤ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।।ਉਨ੍ਹਾਂ ਬੰਗਾ ਹਲਕੇ ਵਿਚ ਬਣਾਏ ਜਾ ਰਹੇ ਨਵੇਂ ਕੁਸ਼ਤੀ ਗਰਾਊਂਡਾ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਜ਼ਿਲ੍ਹਾ ਪੱਧਰੀ ਖੇਡਾਂ ਨੂੰ ਸਫਲਤਾ ਪੂਰਵਕ ਕਰਵਾਉਣ ਵਿਚ ਸਹਿਯੋਗ ਦੇਣ ਵਾਲੇ ਸਮੂਹ ਕਨਵੀਨਰਾਂ, ਕੋਚਾਂ, ਸਟਾਫ਼, ਅਧਿਕਾਰੀਆਂ ਅਤੇ ਸਹਿਯੋਗੀ ਸੰਸਥਾਵਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖਿਡਾਰੀਆਂ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਯੋਜਨ ਸੁਚੱਜੇ ਢੰਗ ਨਾਲ ਕੀਤਾ ਜਾ ਰਿਹਾ ਹੈ ਅਤੇ ਖਿਡਾਰੀਆਂ ਨੂੰ ਬਿਹਤਰ ਖੇਡ ਮਾਹੌਲ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ। ਛੇਵੇਂ ਦਿਨ ਜ਼ਿਲ੍ਹਾ ਪੱਧਰੀ ਖੇਡਾਂ ਤਹਿਤ ਬੈਡਮਿੰਟਨ ਅਤੇ ਫੁੱਟਬਾਲ ਦੇ ਫਾਈਨਲ ਮੁਕਾਬਲੇ ਕਰਵਾਏ ਜਾਣਗੇ, ਜਿਸ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।