ਵਿਧਾਇਕਾ ਨੇ ਬਲਾਕ ਪੱਧਰੀ ਮੁਕਾਬਲਿਆਂ ’ਚ ਕੀਤੀ ਸ਼ਿਰਕਤ ਵਿਧਾਇਕਾ ਨੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਬਲਾਕ ਪੱਧਰੀ ਮੁਕਾਬਲਿਆਂ 'ਚ ਕੀਤੀ ਸ਼ਿਰਕਤ
Publish Date: Sat, 12 Sep 2026 04:00 PM (IST)
Updated Date: Sat, 12 Sep 2026 04:01 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4’ ਤਹਿਤ ਬਲਾਕ ਬਲਾਚੌਰ ਵਿਖੇ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ। ਇਸ ਮੌਕੇ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਪਤੀ ਅਸ਼ੋਕ ਕਟਾਰੀਆ ਵੀ ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਖੇਡ ਮੈਦਾਨ ਵਿਚ ਪਹੁੰਚਣ ’ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਵੱਲੋਂ ਮੁੱਖ ਅਤੇ ਵਿਸ਼ੇਸ਼ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ। ਵਿਧਾਇਕਾ ਵੱਲੋਂ ਵੱਖ-ਵੱਖ ਖੇਡਾਂ ਵਿਚ ਹਿੱਸਾ ਲੈ ਰਹੇ ਖਿਡਾਰੀਆਂ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕਰ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਵਾਲੀਬਾਲ, ਫੁੱਟਬਾਲ ਅਤੇ ਕ੍ਰਿਕਟ ਦੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਖੇਡ ਦੀ ਸ਼ੁਰੂਆਤ ਕਰਵਾਈ। ਵਿਧਾਇਕਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਰਾਹੀਂ ਖਿਡਾਰੀਆਂ ਦੀ ਪ੍ਰਤਿਭਾਵਾਂ ਨੂੰ ਅੱਗੇ ਲਿਆਉਣ ਦਾ ਸ਼ਲਾਘਾਯੋਗ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ ਸਗੋਂ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ-ਵਿਸ਼ਵਾਸ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਰਗੀ ਭੈੜੀ ਅਲਾਮਤ ਤੋਂ ਦੂਰ ਰਹਿ ਕੇ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਅਤੇ ਪੰਜਾਬ ਦਾ ਨਾਮ ਰੋਸ਼ਨ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਹਰ ਸਹੂਲਤ ਦੇਣ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਅਜਿਹੇ ਹੋਰ ਵੱਡੇ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਮੌਕੇ ਇਲਾਕੇ ਦੇ ਸਰਪੰਚਾਂ, ਪੰਚਾਇਤ ਮੈਂਬਰਾਂ, ਸਕੂਲਾਂ ਦੇ ਅਧਿਆਪਕ, ਜ਼ਿਲ੍ਹਾ ਖੇਡ ਅਫ਼ਸਰ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।