ਪਰਵਿੰਦਰ ਸਿੰਘ ਦਾ ਕਤਲ ਪੰਜਾਬ ’ਚ ਅਮਨ ਕਾਨੂੰਨ ਦੀ ਮਾੜੀ ਹਾਲਤ ਦਾ ਸਬੂਤ : ਡਾ. ਸਤਵਿੰਦਰ ਪਾਲ ਸਿੰਘ ਪਰਮਿੰਦਰ ਸਿੰਘ ਦਾ ਕਤਲ ਪੰਜਾਬ ’ਚ ਅਮਨ ਕਾਨੂੰਨ ਦੀ ਮਾੜੀ ਹਾਲਤ ਦਾ ਸਬੂਤ-ਡਾ. ਸਤਵਿੰਦਰ ਪਾਲ ਸਿੰਘ
Publish Date: Thu, 15 Oct 2026 04:12 PM (IST)
Updated Date: Thu, 15 Oct 2026 04:15 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਨੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਘਟਨਾ ਸਿਰਫ਼ ਇੱਕ ਵਿਅਕਤੀ ਦਾ ਕਤਲ ਨਹੀਂ, ਸਗੋਂ ਹਰ ਉਸ ਪੰਜਾਬੀ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਜੋ ਸਮਾਜ ਵਿਚ ਫੈਲੀਆਂ ਬੁਰਾਈਆਂ ਖ਼ਿਲਾਫ਼ ਖੜ੍ਹਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੱਜ ਬਹੁਤ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਿਹਾ ਹੈ। ਜਿੱਥੇ ਨਸ਼ਿਆਂ ਦਾ ਛੇਵਾਂ ਦਰਿਆ ਪਿੰਡਾਂ-ਸ਼ਹਿਰਾਂ ਦੇ ਘਰ-ਘਰ ਤੱਕ ਪਹੁੰਚ ਚੁੱਕਾ ਹੈ ਅਤੇ ਹਰ ਰੋਜ਼ ਮਾਵਾਂ ਦੇ ਪੁੱਤ ਇਸ ਦੀ ਭੇਟ ਚੜ੍ਹ ਰਹੇ ਹਨ। ਇੱਕ ਡਾਕਟਰ ਹੋਣ ਦੇ ਨਾਤੇ ਉਨ੍ਹਾਂ ਆਪਣੀ ਲੰਬੀ ਸਰਕਾਰੀ ਸੇਵਾ ਦੌਰਾਨ ਨਸ਼ਿਆਂ ਕਾਰਨ ਤਬਾਹ ਹੁੰਦੇ ਪਰਿਵਾਰਾਂ ਨੂੰ ਨੇੜਿਓਂ ਦੇਖਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਸ਼ਾਮੁਕਤ ਪੰਜਾਬ ਦੇ ਦਾਅਵੇ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਫਿਰੌਤੀਆਂ, ਧਮਕੀਆਂ ਅਤੇ ਦਿਨ-ਦਿਹਾੜੇ ਗੋਲੀਬਾਰੀ ਆਮ ਗੱਲ ਬਣ ਗਈ ਹੈ। ਵਪਾਰੀ, ਡਾਕਟਰ, ਆਮ ਨਾਗਰਿਕ ਅਤੇ ਸਮਾਜ ਸੇਵੀ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਨੌਜਵਾਨਾਂ ਨੂੰ ਰੁਜ਼ਗਾਰ ਦੀ ਬਜਾਏ ਗੈਂਗਸਟਰਵਾਦ ਅਤੇ ਹਥਿਆਰਾਂ ਦੀ ਚਮਕ-ਦਮਕ ਵੱਲ ਧੱਕਿਆ ਜਾ ਰਿਹਾ ਹੈ, ਜਿਸ ਲਈ ਸਰਕਾਰ ਦੀ ਨਾਕਾਮੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੈ। ਉਨ੍ਹਾਂ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਮੁੱਚਾ ਅਕਾਲੀ ਪਰਿਵਾਰ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹਾ ਹੈ ਅਤੇ ਇਨਸਾਫ਼ ਮਿਲਣ ਤੱਕ ਇਹ ਲੜਾਈ ਜਾਰੀ ਰਹੇਗੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਤਲ ਦੇ ਸਾਰੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਮਿਸਾਲੀ ਸਜ਼ਾ ਦਿੱਤੀ ਜਾਵੇ। ਮਾਮਲੇ ਦੀ ਨਿਰਪੱਖ ਅਤੇ ਸਮਾਂ ਬੱਧ ਜਾਂਚ ਕਰਵਾਈ ਜਾਵੇ। ਪੀੜਤ ਪਰਿਵਾਰ ਨੂੰ ਸੁਰੱਖਿਆ ਅਤੇ ਬਣਦੀ ਸਹਾਇਤਾ ਦਿੱਤੀ ਜਾਵੇ। ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੇ ਗਠਜੋੜ ਨੂੰ ਤੋੜਨ ਲਈ ਠੋਸ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ। ਅਸੀਂ ਇਸ ਨੂੰ ਨਸ਼ਿਆਂ ਅਤੇ ਗੈਂਗਸਟਰਾਂ ਦੇ ਹਵਾਲੇ ਨਹੀਂ ਹੋਣ ਦੇਵਾਂਗੇ।