ਮਿਡ-ਡੇ-ਮੀਲ ਦੀ ਗੁਣਵੱਤਾ ਦੀ ਕੀਤੀ ਜਾਵੇ ਸਮੇਂ-ਸਮੇਂ ’ਤੇ ਜਾਂਚ : ਸ਼ਰਮਾ
ਮਿਡ-ਡੇ-ਮੀਲ ਦੀ ਗੁਣਵੱਤਾ ਦੀ ਕੀਤੀ ਜਾਵੇ ਸਮੇਂ-ਸਮੇਂ 'ਤੇ ਜਾਂਚ-ਚੇਅਰਮੈਨ ਮੁਕੰਦ ਸ਼ਰਮਾ
Publish Date: Thu, 15 Jan 2026 04:58 PM (IST)
Updated Date: Fri, 16 Jan 2026 04:04 AM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ: ਪੰਜਾਬ ’ਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਨੂੰ ਲਾਗੂ ਕਰਨ ਤੇ ਪੋਸ਼ਣ ਸੁਰੱਖਿਆ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰਨ ਲਈ ਚੇਅਰਮੈਨ ਪੰਜਾਬ ਸਟੇਟ ਫੂਡ ਕਮਿਸ਼ਨ ਬਾਲ ਮੁਕੰਦ ਸ਼ਰਮਾ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਸਿੱਖਿਆ ਵਿਭਾਗ, ਸਿਹਤ ਵਿਭਾਗ, ਮਾਰਕਫੈੱਡ/ਪਨਸਪ, ਸਮਾਜਿਕ ਸੁਰੱਖਿਆ, ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਆਦਿ ਵਿਭਾਗ ਦੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਸਕੂਲੀ ਭੋਜਨ, ਪੋਸ਼ਣ ਬਾਗ਼ (ਪੋਸ਼ਣ ਵਾਟਿਕਾ) ਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ ਬੱਚਿਆਂ ਤੇ ਲੋਕਾਂ ਅੰਦਰ ਵੱਧ ਤੋਂ ਵੱਧ ਜਾਗਰੂਕਤਾ ਵਧਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ। ਉਨ੍ਹਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਿਹਤ ਵਿਭਾਗ ਨਾਲ ਮਿਲ ਕੇ ਸਕੂਲਾਂ, ਆਂਗਣਵਾੜੀ ਕੇਂਦਰ ’ਚ ਸਾਫ਼-ਸੁਥਰਾ ਤੇ ਪੌਸ਼ਟਿਕ ਖਾਣਾ ਬਣਾਉਣ ਸਬੰਧੀ ਟ੍ਰੇਨਿੰਗ ਦੇਣ ਦੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲਾਂ ਤੇ ਆਂਗਣਵਾੜੀ ਕੇਂਦਰ ’ਚ ਜਿੱਥੇ ਜਗ੍ਹਾ ਉਪਲੱਬਧ ਹੈ, ਉੱਥੇ ਪੋਸ਼ਣ ਵਾਟਿਕਾ ਬਣਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਪੋਸ਼ਣ ਵਾਟਿਕਾ ’ਚ ਜੰਗਲਾਤ ਵਿਭਾਗ, ਬਾਗਬਾਨੀ ਵਿਭਾਗ ਨਾਲ ਤਾਲਮੇਲ ਕਰ ਕੇ ਵਧੀਆ ਪੌਦੇ ਤੇ ਸਬਜ਼ੀਆਂ ਉਗਾਈਆਂ ਜਾਣ ਤਾਂ ਜੋ ਬੱਚਿਆਂ ਨੂੰ ਤਾਜ਼ੇ ਫ਼ਲ ਤੇ ਹੋਰ ਪੌਸ਼ਟਿਕ ਆਹਾਰ ਮਿਲ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰੀ ਸਕੂਲਾਂ ਦੇ ਪਾਣੀ ਦੀ ਸੈਂਪਲਿੰਗ ਨੂੰ ਯਕੀਨੀ ਬਣਾਇਆ ਜਾਵੇ ਤੇ ਜ਼ਿਲ੍ਹੇ ’ਚ ਸਾਰੇ ਸਰਕਾਰੀ ਸਕੂਲਾਂ ਦੀ ਪਾਣੀ ਦੀ ਸੈਂਪਲਿੰਗ ਕਰ ਕੇ ਰਿਪੋਰਟ ਕਮਿਸ਼ਨ ਨੂੰ ਭੇਜੀ ਜਾਵੇ। ਉਨ੍ਹਾਂ ਕਿਹਾ ਕਿ ਮਿਡ-ਡੇ-ਮੀਲ ਦੇ ਖਾਣੇ ਦੀ ਗੁਣਵੱਤਾ ਦੀ ਜਾਂਚ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤੇ ਮਿਡ-ਡੇ-ਮੀਲ ਦੇ ਰਾਸ਼ਨ ਦੀ ਸਟੋਰੇਜ ਵਿਵਸਥਾ ਖੁੱਲ੍ਹੇ ਤੇ ਹਵਾਦਾਰ ਕਮਰੇ ’ਚ ਹੋਵੇ ਤਾਂ ਜੋ ਰਾਸ਼ਨ ਖ਼ਰਾਬ ਨਾ ਹੋ ਸਕੇ। ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ’ਚ ਮੈਡੀਕਲ ਚੈੱਕਅਪ ਕੈਂਪ ਨਿਰੰਤਰ ਲਾਏ ਜਾਣ ਤੇ ਸਕੂਲੀ ਬੱਚਿਆਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾਵੇ। ਉਨਾਂ ਦੱਸਿਆ ਕਿ ਸਰਕਾਰ ਸਕੂਲੀ ਬੱਚਿਆਂ ਨੂੰ ਹੋਈ ਕਿਸੇ ਵੀ ਤਰ੍ਹਾਂ ਦੀ ਗੰਭੀਰ ਬਿਮਾਰੀ ਦਾ ਸਾਰਾ ਇਲਾਜ ਖੁਦ ਉਠਾਉਂਦੀ ਹੈ। ਚਾਹੇ ਉਹ ਇਲਾਜ ਪੀਜੀਆਈ ਰਾਹੀਂ ਹੋਵੇ ਜਾਂ ਕਿਸੇ ਪ੍ਰਾਈਵੇਟ ਹਸਪਤਾਲ ਰਾਹੀਂ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਕੇਂਦਰਾਂ ਦੀਆਂ ਨਵੀਆਂ ਇਮਾਰਤਾਂ ਬਣਾਈਆਂ ਜਾ ਰਹੀਆਂ ਹਨ, ਜਿੱਥੇ ਬੱਚਿਆਂ ਨੂੰ ਸਾਰੀਆਂ ਸਹੂਲਤਾਂ ਮੁਹੱਈਆਂ ਹੋਣਗੀਆਂ। ਉਨ੍ਹਾਂ ਜ਼ਿਲ੍ਹਾ ਖੁਰਾਕ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਡਿਪੂਆਂ ਦੀ ਲਗਾਤਾਰ ਨਿਗਰਾਨੀ ਕਰਨ ਤਾਂ ਜੋ ਲਾਭਪਾਤਰੀਆਂ ਨੂੰ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾਣ ਵਾਲੀ ਕਣਕ ਠੀਕ ਮਾਤਰਾ ’ਚ ਮਿਲ ਸਕੇ ਤੇ ਆਂਗਣਵਾੜੀ ਕੇਂਦਰ, ਰਾਸ਼ਨ ਡਿਪੂਆਂ ਦੇ ਬਾਹਰ ਕਮਿਸ਼ਨ ਦਾ ਨੰਬਰ ਲਿਖਿਆ ਜਾਵੇ ਤਾਂ ਜੋ ਕਿਸੇ ਵੀ ਲਾਭਪਾਤਰੀ ਨੂੰ ਕੋਈ ਸਮੱਸਿਆ ਹੋਵੇ ਤਾਂ ਉਹ ਆਪਣੀ ਸ਼ਿਕਾਇਤ ਦਰਜ ਕਰਵਾ ਸਕਣ। ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅਵਨੀਤ ਕੌਰ ਨੂੰ ਕਿਹਾ ਕਿ ਉਹ ਹਰ ਮਹੀਨੇ ਸਬੰਧਤ ਵਿਭਾਗਾਂ ਦੀ ਮੀਟਿੰਗ ਕਰ ਕੇ ਉਸ ਦੀ ਰਿਪੋਰਟ ਕਮਿਸ਼ਨ ਨੂੰ ਭੇਜਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ’ਚ ਆਪਸੀ ਤਾਲਮੇਲ ਹੋਣਾ ਬਹੁਤ ਜ਼ਰੂਰੀ ਹੈ ਤਾਂ ਹੀ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਨੂੰ ਮਿਲ ਸਕੇਗਾ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਆਪਸੀ ਤਾਲਮੇਲ ਕਰ ਕੇ ਮੀਟਿੰਗ ’ਚ ਦਿੱਤੇ ਸੁਝਾਅ, ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ। ਮੀਟਿੰਗ ’ਚ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ, ਡੀਡੀਪੀਓ ਨਿਧੀ ਸਿਨਹਾ, ਮੁੱਖ ਖੇਤੀਬਾੜੀ ਅਫ਼ਸਰ ਰਾਜੇਸ਼ ਕੁਮਾਰ ਸ਼ਰਮਾ, ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸੰਯੋਗਤਾ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।