ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ : ਵਿਨੈ ਬੁਬਲਾਨੀ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਜਾਵੇ-ਰੋਲ ਅਬਜ਼ਰਵਰ ਵਿਨੈ ਬੁਬਲਾਨੀ
Publish Date: Fri, 27 Nov 2026 06:15 PM (IST)
Updated Date: Fri, 27 Nov 2026 06:16 PM (IST)
ਸਟਾਫ਼ ਰਿਪੋਰਟਰ,. ਪੰਜਾਬੀ ਜਾਗਰਣ, ਨਵਾਂਸ਼ਹਿਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ (ਐੱਸਆਈਆਰ) ਜਿਸ ਦੀ ਯੋਗਤਾ ਮਿਤੀ 01 ਜਨਵਰੀ 2027 ਨਿਰਧਾਰਤ ਕੀਤੀ ਗਈ ਹੈ, ਦੇ ਕੰਮ ਦੀ ਸਮੀਖਿਆ ਕਰਨ ਲਈ ਕਮਿਸ਼ਨਰ ਰੂਪਨਗਰ ਮੰਡਲ-ਕਮ-ਰੋਲ ਅਬਜ਼ਰਵਰ ਵਿਨੈ ਬੁਬਲਾਨੀ ਆਈਏਐਸ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦਿਲਬਾਗ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨਾਂ ਤੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੌਕੇ ਵਿਧਾਨ ਸਭਾ ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਵੀ ਮੌਜੂਦ ਸਨ। ਇਸ ਮੌਕੇ ਰੋਲ ਅਬਜ਼ਰਵਰ ਵਿਨੈ ਬੁਬਲਾਨੀ ਨੇ ਕਿਹਾ ਕਿ ਬਿਨਾਂ ਸੁਣਵਾਈ ਕਿਸੇ ਵੀ ਵਿਅਕਤੀ ਦੀ ਵੋਟ ਨਹੀਂ ਕੱਟੀ ਜਾਏਗੀ। ਉਨ੍ਹਾਂ ਕਿਹਾ ਕਿ ਵੋਟ ਲਈ ਹੁਣ ਹੋਰ ਦਸਤਾਵੇਜ਼ਾਂ ਦੇ ਨਾਲ-ਨਾਲ ਅਧਾਰ ਕਾਰਡ ਵੀ ਜਾਇਜ਼ ਹੋਵੇਗਾ। ਉਨ੍ਹਾਂ ਕਿਹਾ ਕਿ ਜਨਮ ਮਿਤੀ ਤੇ ਰਿਹਾਇਸ਼ ਪਤੇ ਦੇ ਸਬੂਤ ਵਜੋਂ ਆਧਾਰ ਕਾਰਡ, ਜਨਮ ਸਰਟੀਫਿਕੇਟ, ਮੈਟ੍ਰਿਕ ਸਰਟੀਫਿਕੇਟ, ਜ਼ਮੀਨ ਰਿਕਾਰਡ, ਬਿਜਲੀ ਬਿੱਲ ਆਦਿ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿਚ ਆਪਣੀ ਵੋਟ ਸਬੰਧੀ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ, ਇਤਰਾਜ਼ ਜਾਂ ਸਮੱਸਿਆ ਰੱਖਣ ਵਾਲਾ ਕੋਈ ਵੀ ਵਿਅਕਤੀ ਉਨ੍ਹਾਂ ਦੀ ਈਮੇਲ ਆਈ.ਡੀ. div.com.rpr0punjab.gov.in ਅਤੇ ਟੈਲੀਫ਼ੋਨ ਨੰਬਰ 01881-220400 ਤੇ ਸੰਪਰਕ ਕਰ ਸਕਦਾ ਹੈ। ਉਨ੍ਹਾਂ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਨ੍ਹਾਂ ਦੇ ਬੀਐਲਏ ਆਪਣੇ-ਆਪਣੇ ਬੀਐਲਓ ਨਾਲ ਜ਼ਰੂਰ ਸੰਪਰਕ ਰੱਖਣ। ਤਾਂ ਜੋ ਕੋਈ ਵੀ ਵਿਅਕਤੀ ਵੋਟ ਬਣਾਉਣ ਤੋਂ ਬਿਨਾਂ ਰਹਿ ਨਾ ਸਕੇ। ਉਨ੍ਹਾਂ ਕਿਹਾ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨ ਆਪਣੀ ਵੋਟ ਜ਼ਰੂਰ ਬਣਾਉਣ। ਇਸ ਮੌਕੇ ਉਨ੍ਹਾਂ ਵੱਲੋਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕਰਦਿਆਂ ਇਨ੍ਹਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ। ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 22 ਨਵੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਸੂਬੇ ਦੇ ਸਾਰੇ ਪੋਲਿੰਗ ਬੂਥਾਂ ਤੇ ਵਿਸ਼ੇਸ਼ ਕੈਂਪ ਲਗਾਏ ਗਏ ਸਨ। ਇਸੇ ਲੜੀ ਤਹਿਤ ਅਗਲਾ ਵਿਸ਼ੇਸ਼ ਕੈਂਪ 6 ਦਸੰਬਰ 2026 ਨੂੰ ਲਗਾਇਆ ਜਾਵੇਗਾ। ਜ਼ਿਲ੍ਹੇ ਦੇ ਤਿੰਨਾਂ ਵਿਧਾਨ ਸਭਾ ਚੋਣ ਹਲਕਿਆਂ ਦੇ ਸਮੂਹ 618 ਪੋਲਿੰਗ ਬੂਥਾਂ ਤੇ ਵਿਸ਼ੇਸ਼ ਕੈਂਪ ਲਗਾਉਣ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਕਰਨ ਅਤੇ ਹਰੇਕ ਪੋਲਿੰਗ ਬੂਥ ਤੇ ਬੂਥ ਲੈਵਲ ਅਫ਼ਸਰਾਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ 6 ਦਸੰਬਰ ਨੂੰ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਸੁਚਾਰੂ ਸੰਚਾਲਨ ਯਕੀਨੀ ਬਣਾਇਆ ਜਾਵੇ ਅਤੇ ਬੀਐੱਲਓਜ਼ ਤੇ ਸੁਪਰਵਾਈਜ਼ਰਾਂ ਨੂੰ ਸਮੇਂ ਸਿਰ ਲੋੜੀਂਦੀ ਕਾਰਵਾਈ ਮੁਕੰਮਲ ਕਰਨ ਲਈ ਪਾਬੰਦ ਕੀਤਾ ਜਾਵੇ।। ਵਿਨੈ ਬੁਬਲਾਨੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੱਲੋਂ ਨਿਯੁਕਤ ਕੀਤੇ ਬੂਥ ਲੈਵਲ ਏਜੰਟਾਂ (ਬੀਐਲਏ) ਨੂੰ ਇਸ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਕੈਂਪਾਂ ਵਾਲੇ ਦਿਨ ਬੂਥ ਲੈਵਲ ਏਜੰਟ ਸਬੰਧਤ ਬੂਥ ਲੈਵਲ ਅਫ਼ਸਰਾਂ ਨਾਲ ਤਾਲਮੇਲ ਕਰਕੇ ਪੋਲਿੰਗ ਸਟੇਸ਼ਨਾਂ ਤੇ ਹਾਜ਼ਰ ਰਹਿਣ। ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਵਿਸ਼ੇਸ਼ ਤੌਰ ਤੇ ਸਪੱਸ਼ਟ ਕੀਤਾ ਕਿ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ) ਦੌਰਾਨ ਨਵੀਂ ਵੋਟ ਬਣਵਾਉਣ ਲਈ ਲਾਜ਼ਮੀ ਸਵੈ-ਘੋਸ਼ਣਾ ਫਾਰਮ ਦੀ ਸ਼ਰਤ ਹੁਣ ਵਿਸ਼ੇਸ਼ ਸਰਸਰੀ ਸੁਧਾਈ (ਐਸ.ਐਸ.ਆਰ) ਦੌਰਾਨ ਲਾਗੂ ਨਹੀਂ ਹੈ। ਨਵੀਂ ਵੋਟ ਬਣਵਾਉਣ ਲਈ ਬਿਨੈਕਾਰ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਸੱਤ ਦਸਤਾਵੇਜ਼ਾਂ ਦੀ ਸੂਚੀ ਵਿੱਚੋਂ ਕਿਸੇ ਇੱਕ ਦਸਤਾਵੇਜ਼ ਦੀ ਕਾਪੀ ਫਾਰਮ ਨੰਬਰ 6 ਨਾਲ ਨੱਥੀ ਕਰਕੇ ਅਰਜ਼ੀ ਦੇ ਸਕਦਾ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਕਾਰਡ ਬਣਵਾਉਣ, ਵੋਟਰ ਸੇਵਾਵਾਂ ਅਤੇ ਵਿਸ਼ੇਸ਼ ਸੰਖੇਪ ਸੁਧਾਈ ਦੀ ਪ੍ਰਕਿਰਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਜ਼ਿਲ੍ਹਾ ਅਤੇ ਵਿਧਾਨ ਸਭਾ ਚੋਣ ਹਲਕਾ ਪੱਧਰ ਤੇ ਸਥਾਪਿਤ ਹੈਲਪ ਡੈਸਕਾਂ ਤੋਂ ਇਲਾਵਾ ਵੋਟਰ ਹੈਲਪਲਾਈਨ ਨੰਬਰ 1950 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਮੀਟਿੰਗ ਵਿੱਚ ਹਾਜ਼ਰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਇਸ ਸਮੁੱਚੀ ਪ੍ਰਕਿਰਿਆ ਸਬੰਧੀ ਸਹਿਮਤੀ ਪ੍ਰਗਟਾਈ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦੇ ਕੰਮ ਨੂੰ ਸੁਚਾਰੂ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੀਟਿੰਗ ਤੋਂ ਬਾਅਦ ਰੋਲ ਅਬਜ਼ਰਵਰ ਵਿਨੈ ਬੁਬਲਾਨੀ ਨੇ ਵਿਧਾਨ ਸਭਾ ਹਲਕਾ 047 ਨਵਾਂ ਸ਼ਹਿਰ ਦੇ ਪੋਲਿੰਗ ਬੂਥ ਨੰਬਰ 44, ਪੋਲਿੰਗ ਬੂਥ ਨੰਬਰ 46 ਅਤੇ ਪੋਲਿੰਗ ਬੂਥ ਨੰਬਰ 109 ਦੇ ਬੂਥ ਲੈਵਲ ਅਫਸਰਾਂ ਵੱਲੋਂ ਵੋਟਰ ਸੂਚੀਆਂ ਤੇ ਦਾਅਵੇ ਤੇ ਇਤਰਾਜ਼ਾਂ ਸਬੰਧੀ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟ ਬਣਾਉਣ ਤੋਂ ਰਹਿ ਗਏ ਵਿਅਕਤੀਆਂ ਅਤੇ ਯੋਗਤਾ ਮਿਤੀ 1 ਜਨਵਰੀ 2027 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਵੋਟ ਬਣਾਉਣ ਤੇ ਵਿਸ਼ੇਸ਼ ਜ਼ੋਰ ਦਿੱਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਰਵਿੰਦ ਕੁਮਾਰ, ਐੱਸਡੀਐੱਮ ਨਵਾਂਸ਼ਹਿਰ ਕੁਲਦੀਪ ਚੰਦ, ਐੱਸਡੀਐੱਮ ਬੰਗਾ ਵਰੁਣ ਕੁਮਾਰ, ਐੱਸਡੀਐੱਮ ਬਲਾਚੌਰ ਕਰਨ ਗੁਪਤਾ, ਚੋਣ ਤਹਿਸੀਲਦਾਰ ਅਮਨਦੀਪ ਸਿੰਘ, ਆਮ ਆਦਮੀ ਪਾਰਟੀ ਤੋਂ ਸ਼ਿਵ ਰਾਮ, ਲੱਕੀ ਲੱਧੜ, ਕਾਂਗਰਸ ਤੋਂ ਸੁਰਜੀਤ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਮੁਨੀਸ਼ ਅਗਨੀਹੌਤਰੀ, ਬਲਵਿੰਦਰ ਕੁਮਾਰ, ਬਹੁਜਨ ਸਮਾਜ ਪਾਰਟੀ ਤੋਂ ਗੁਰਮੁੱਖ ਸਿੰਘ ਨੌਰਥ, ਸ਼੍ਰੋਮਣੀ ਅਕਾਲੀ ਦਲ ਤੋਂ ਨਰਿੰਦਰ ਸਿੰਘ (ਰਾਜੂ ਕਾਹਮਾ), ਸੀਪੀਆਈ (ਐਮ) ਰਣਜੀਤ ਸਿੰਘ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਹੋਰ ਨੁਮਾਇੰਦੇ ਵੀ ਹਾਜ਼ਰ ਸਨ।