‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚ ਨਸ਼ਿਆਂ ਦੇ ਖਾਤਮੇ ਲਈ ਸਾਬਤ ਹੋਈ ਮੀਲ ਪੱਥਰ : ਹਰਜੋਤ ਸਿੰਘ ਬੈਂਸ ਯੁੱਧ ਨਸ਼ਿਆਂ ਵਿਰੁੱਧ ਸੂਬੇ ਚ ਨਸ਼ਿਆਂ ਦੇ ਖਾਤਮੇ ਲਈ ਸਾਬਤ ਹੋਈ ਮੀਲ ਪੱਥਰ-ਹਰਜੋਤ ਸਿੰਘ ਬੈਂਸ
Publish Date: Sun, 16 Aug 2026 06:01 PM (IST)
Updated Date: Sun, 16 Aug 2026 06:02 PM (IST)
- ਪੰਜਾਬ ਦੇ ਸਰਕਾਰੀ ਸਕੂਲ ਨਿੱਜੀ ਵਿੱਦਿਅਕ ਅਦਾਰਿਆਂ ਦੇ ਬਰਾਬਰ ਗੁਣਵੱਤਾ ਸਿੱਖਿਆ ਦੇ ਪ੍ਰਤੀਕ ਵਜੋਂ ਉੱਭਰੇ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ, ਸਕੂਲ ਸਿੱਖਿਆ, ਸੂਚਨਾ ਅਤੇ ਲੋਕ ਸੰਪਰਕ ਅਤੇ ਸਥਾਨਕ ਸਰਕਾਰ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਰਤ ਦੇ 80ਵੇਂ ਆਜ਼ਾਦੀ ਦਿਵਸ ਦੇ ਮੌਕੇ ’ਤੇ ਸਰਕਾਰੀ ਆਈਟੀਆਈ ਗਰਾਊਂਡ ਵਿਖੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪਿਛਲੇ ਚਾਰ ਸਾਲਾਂ ਦੀਆਂ ਪਰਿਵਰਤਨਸ਼ੀਲ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਇੱਕ ਜੀਵੰਤ ਅਤੇ ਖੁਸ਼ਹਾਲ ਪੰਜਾਬ ਬਣਾਉਣ ਦੀ ਵਚਨਬੱਧਤਾ ਤੇ ਜ਼ੋਰ ਦਿੱਤਾ। ਇਸ ਮੌਕੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ, ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ, ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰਪਾਲ ਸਿੰਘ ਖੁਰਮੀ, ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ, ਵਾਈਸ ਚੇਅਰਮੈਨ ਕੁਲਜੀਤ ਸਰਹਾਲ, ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਚੌਧਰੀ ਵੀ ਹਾਜ਼ਰ ਸਨ। ਤਿਰੰਗਾ ਲਹਿਰਾਉਣ ਤੋਂ ਬਾਅਦ ਸ. ਬੈਂਸ ਨੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਅਤੇ ਐੱਸਐੱਸਪੀ ਤੁਸ਼ਾਰ ਗੁਪਤਾ ਨਾਲ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਬੇਮਿਸਾਲ ਯੋਗਦਾਨ ਪਾਇਆ ਹੈ ਅਤੇ ਅੱਜ ਵੀ ਦੇਸ਼ ਦੇ ਹਿੱਤਾਂ ਦੀ ਰਾਖੀ ’ਚ ਮੋਹਰੀ ਹਨ। ਉੁਨ੍ਹਾਂ ਸੂਬਾ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਵਿੱਚ ਮਾਵਾਂ ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ, ਮੁਫ਼ਤ ਬਿਜਲੀ, ਪੰਜਾਬ ਸਿੱਖਿਆ ਕ੍ਰਾਂਤੀ ਅਤੇ ਹੋਰ ਪਹਿਲਕਦਮੀਆਂ ਸ਼ਾਮਲ ਹਨ। ਜਿਨ੍ਹਾਂ ਨੇ ਪੰਜਾਬ ਨੂੰ ਉੱਚ ਵਿਕਾਸ ਦੇ ਰਾਹ ’ਤੇ ਪਾਇਆ ਹੈ ਅਤੇ ਆਜ਼ਾਦੀ ਘੁਲਾਟੀਆਂ ਦੇ ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ’ਚ ਮਦਦ ਕੀਤੀ ਹੈ। - 4 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਕੀਤੇ ਦਰਸ਼ਨ ਮੰਤਰੀ ਨੇ ਦੱਸਿਆ ਕਿ ਤੀਰਥ ਯਾਤਰਾ ਸਕੀਮ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕੀਤੇ ਹਨ। ਪੰਜਾਬ ਸਰਕਾਰ ਨੇ ਇਸ ਪ੍ਰੋਗਰਾਮ ਤਹਿਤ ਖਾਟੂ ਸ਼ਿਆਮ, ਸਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਵਰਗੇ ਨਵੇਂ ਸਥਾਨ ਵੀ ਸ਼ਾਮਲ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਅਗਲੀਆਂ ਪੀੜ੍ਹੀਆਂ ਨੂੰ ਇਸ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਵਚਨਬੱਧ ਹੈ। ਸ਼੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ 10 ਏਕੜ ਤੋਂ ਵੱਧ ਰਕਬੇ ਵਿਚ ਬਣਾਇਆ ਜਾਵੇਗਾਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮ ਉਲੀਕੇ ਗਏ ਹਨ, ਜਿਸ ਵਾਸਤੇ ਬਜਟ ਵਿੱਚ 100 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਫਲਸਫੇ ਅਤੇ ਪਵਿੱਤਰ ਬਾਣੀ ਦੇ ਅਧਿਐਨ ਲਈ ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਵੀ ਵਿਕਸਤ ਕੀਤਾ ਜਾ ਰਿਹਾ ਹੈ ਜੋ 10 ਏਕੜ ਤੋਂ ਵੱਧ ਰਕਬੇ ਵਿੱਚ ਬਣਾਇਆ ਜਾਵੇਗਾ। ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਆਵੇਗੀ। - 6.50 ਲੱਖ ਬੂਟੇ ਲਗਾਉਣ ਅਤੇ ਯਾਦਗਾਰੀ ਝੰਡੇ ਵੰਡੇ ਜਾਣਗੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਪੰਜਾਬ ਵਿੱਚ 650 ਏਕੜ ਜ਼ਮੀਨ ’ਤੇ ਗੁਰੂ ਰਵਿਦਾਸ ਜੀ ਦੀਆਂ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 6 ਲੱਖ 50 ਹਜ਼ਾਰ ਬੂਟੇ ਲਗਾਉਣ ਅਤੇ 6 ਲੱਖ 50 ਹਜਾਰ ਯਾਦਗਾਰੀ ਝੰਡੇ ਵੰਡਣ ਸਬੰਧੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੱਕ ਚਾਰ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਇਨ੍ਹਾਂ ਸਮਾਗਮਾਂ ਤਹਿਤ 50 ਮੋਬਾਈਲ ਵੈਨਾਂ ਵੀ ਸਾਰੇ ਜ਼ਿਲ੍ਹਿਆਂ ਦੇ 13,000 ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ ਤੇ ਡਾਕੂਮੈਂਟਰੀਆਂ ਦਿਖਾਉਣ ਲਈ ਜਾ ਰਹੀਆਂ ਹਨ। ਇਸੇ ਤਰ੍ਹਾਂ ਰਾਜ ਭਰ ਵਿੱਚ ਇੱਕ ਸ਼ਾਮ ਸ਼ਿਵ ਕੇ ਨਾਮ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਜਿਸ ਵਿੱਚ ਦੇਸ਼ ਦੇ ਮਸ਼ਹੂਰ ਕਲਾਕਾਰ ਸੰਗਤਾਂ ਨੂੰ ਭਗਵਾਨ ਸ਼ਿਵ ਦੀ ਮਹਿਮਾ ਤੋਂ ਰੂਬਰੂ ਕਰਵਾ ਰਹੇ ਹਨ। ਇਸ ਤੋਂ ਇਲਾਵਾ ਸੂਬੇ ਦੇ 12 ਸ਼ਹਿਰਾਂ ਵਿਚ ਹਮਾਰੇ ਰਾਮ ਦੇ 41 ਸ਼ੋਅ ਕਰਵਾਏ ਜਾ ਰਹੇ ਹਨ। ਭਗਵਾਨ ਸ਼੍ਰੀ ਰਾਮ ਦੇ ਸਦੀਵੀ ਉਪਦੇਸ਼ਾਂ ਅਤੇ ਆਦਰਸ਼ਾਂ ਨੂੰ ਖੂਬਸੁਰਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। - ਆਈਟੀਆਈ ਦੀਆਂ ਸੀਟਾਂ ਵਧਾ ਕੇ 52,000 ਕੀਤੀਆਂ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਵਧਾਉਣ ਲਈ ਪੰਜਾਬ ਸਰਕਾਰ ਨੇ ਆਈਟੀਆਈ ਦੀਆਂ ਸੀਟਾਂ 35,000 ਤੋਂ ਵਧਾ ਕੇ 52,000 ਕਰ ਦਿੱਤੀਆਂ ਹਨ। ਇਸੇ ਤਰ੍ਹਾਂ 25 ਨਵੀਆਂ ਆਈਟੀਆਈ ਬਣਾਈਆਂ ਜਾ ਰਹੀਆਂ ਹਨ, ਜਦੋਂਕਿ 13 ਮੌਜੂਦਾ ਸੰਸਥਾਵਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। - ਸਕੂਲਾਂ ’ਚ ਨਸ਼ਾ ਵਿਰੋਧਾ ਪਾਠਕ੍ਰਮ ਲਾਗੂ ਕੀਤਾ ਸਿੱਖਿਆ ਖੇਤਰ ਵਿੱਚ ਹਾਸਲ ਮੀਲ ਪੱਥਰਾਂ ਬਾਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਰਾਜ ਹੈ, ਜਿਸ ਨੇ ਸਕੂਲਾਂ ਵਿੱਚ ਨਸ਼ਾ ਵਿਰੋਧੀ ਪਾਠਕ੍ਰਮ ਲਾਗੂ ਕੀਤਾ ਹੈ, ਨਾਲ ਹੀ ਪੰਜਾਬ ਆਰਟੀਫੀਸ਼ੀਅਲ ਇੰਟੈਲੀਜੈਂਸ ਸਪੈਕਟ੍ਰਮ ਵੀ ਲਾਗੂ ਕੀਤਾ ਗਿਆ ਹੈ। ਇਸ ਸਾਲ ਸਰਕਾਰੀ ਸਕੂਲਾਂ ਦੇ 361 ਵਿਦਿਆਰਥੀਆਂ ਨੇ ਜੇਈਈ ਮੇਨਜ਼, 64 ਨੇ ਜੇਈਈ ਐਡਵਾਂਸਡ ਅਤੇ 882 ਵਿਦਿਆਰਥੀਆਂ ਨੇ ਨੀਟ ਪ੍ਰੀਖਿਆ ਪਾਸ ਕੀਤੀ। ਪੰਜਾਬ ਸਰਕਾਰ ਨੇ 118 ਸਕੂਲ ਆਫ ਐਮੀਨੈਂਸ ਸਥਾਪਤ ਕੀਤੇ ਹਨ ਅਤੇ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ ਕੀਤੀ ਹੈ, ਜਿਸਦਾ 15,000 ਤੋਂ ਵੱਧ ਵਿਦਿਆਰਥੀ ਮੁਫ਼ਤ ਲਾਭ ਲੈ ਰਹੇ ਹਨ। - ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਵਿਦੇਸ਼ ’ਚ ਸਿਖਲਾਈ ਲਈ ਭੇਜਿਆ ਇਸੇ ਤਰ੍ਹਾਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸੂਬਾ ਸਰਕਾਰ ਨੇ 264 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ, 288 ਪ੍ਰਾਇਮਰੀ ਅਧਿਆਪਕਾਂ ਨੂੰ ਫਿਨਲੈਂਡ ਅਤੇ 243 ਹੈੱਡਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਸਿਖਲਾਈ ਲਈ ਭੇਜਿਆ ਹੈ। - 69,000 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਬੇਰੁਜ਼ਗਾਰੀ ਖਤਮ ਕਰਨ ਦੇ ਵਾਅਦੇ ਨੂੰ ਪੂਰਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 69,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਹੁਨਰ ਸਿਖਲਾਈ ਅਤੇ ਵਿੱਤੀ ਸਹਾਇਤਾ ਦੇ ਕੇ ਸਵੈ-ਰੁਜ਼ਗਾਰ ਦੇ ਮੌਕੇ ਵਧਾਉਣ ਲਈ ਵੀ ਕਈ ਅਹਿਮ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਮੰਤਰੀ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਹੁਣ ਤੱਕ 75,000 ਤੋਂ ਵੱਧ ਨਸ਼ਾ ਤਸਕਰ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ ਗੈਂਗਸਟਰਾਂ ‘ਤੇ ਨਕੇਲ ਕਸਣ ਲਈ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ 59,000 ਤੋਂ ਵੱਧ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਫ਼ਤ ਬਿਜਲੀ ਦੇ ਲਾਭਾਂ ‘ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ ਕਿ ਕਰੀਬ 90 ਪ੍ਰਤੀਸ਼ਤ ਘਰੇਲੂ ਖਪਤਕਾਰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਲੈ ਰਹੇ ਹਨ। ਇਸੇ ਤਰ੍ਹਾਂ ਆਵਾਜਾਈ, ਪ੍ਰਸ਼ਾਸਨਿਕ ਸੁਧਾਰਾਂ, ਪੇਂਡੂ ਵਿਕਾਸ, ਖੇਤੀਬਾੜੀ ਅਤੇ ਹੋਰ ਕਈ ਖੇਤਰਾਂ ਵਿੱਚ ਵੀ ਅਹਿਮ ਪ੍ਰਾਪਤੀਆਂ ਕੀਤੀਆਂ ਗਈਆਂ ਹਨ। ਇਸ ਸਮਾਗਮ ਵਿੱਚ ਪਰੇਡ ਕਮਾਂਡਰ ਡੀਐੱਸਪੀ ਜਤਿੰਦਰ ਸਿੰਘ ਚੌਹਾਨ ਦੀ ਅਗਵਾਈ ਵਿੱਚ ਪੰਜਾਬ ਪੁਲਿਸ, ਪੰਜਾਬ ਮਹਿਲਾ ਪੁਲਿਸ, ਵਿੱਦਿਅਕ ਅਦਾਰਿਆਂ ਆਦਿ ਦੀਆਂ ਟੁਕੜੀਆਂ ਨੇ ਮਾਰਚ ਪਾਸਟ ਕੀਤਾ। ਮਾਰਚ ਪਾਸਟ ਤੋਂ ਬਾਅਦ ਵੱਖ-ਵੱਖ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਦਾ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਮੰਤਰੀ ਨੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ, ਪੁਲਿਸ ਮੁਲਾਜ਼ਮਾਂ ਅਤੇ ਪਰੇਡ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਸਨਮਾਨਿਤ ਕੀਤਾ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਨੂੰ ਵੀ ਸਨਮਾਨਿਤ ਕੀਤਾ। ਉਨ੍ਹਾਂ ਵਿਸ਼ੇਸ਼ ਯੋਗ ਵਿਅਕਤੀਆਂ ਨੂੰ ਟ੍ਰਾਈਸਾਈਕਲ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ।