ਐੱਸਜੀਪੀਸੀ ਪ੍ਰਧਾਨ ਧਾਮੀ ਵੱਲੋਂ ਕੀਤੇ ਜਾ ਰਹੇ ਕਾਰਜ ਪ੍ਰਸ਼ੰਸਾਯੋਗ : ਪ੍ਰਿੰ. ਰਣਜੀਤ ਸਿੰਘ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਜਾ ਰਹੇ ਕਾਰਜ ਪ੍ਰਸ਼ੰਸਾਯੋਗ-ਪ੍ਰਿੰ. ਰਣਜੀਤ ਸਿੰਘ
Publish Date: Tue, 06 Oct 2026 07:20 PM (IST)
Updated Date: Tue, 06 Oct 2026 07:23 PM (IST)
ਨਰਿੰਦਰ ਮਾਹੀ, ਪੰਜਾਬੀ ਜਾਗਰਣ ਬੰਗਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਪ੍ਰਿੰ. ਡਾ. ਰਣਜੀਤ ਸਿੰਘ ਦੀ ਅਗਵਾਈ ਵਿਚ ਸਮੂਹ ਸਟਾਫ਼ ਦੀ ਮੀਟਿੰਗ ਹੋਈ। ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਿੱਖ ਪੰਥ, ਸਿੱਖਿਆ, ਧਾਰਮਿਕ ਅਤੇ ਸਮਾਜਿਕ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਪ੍ਰਿੰ. ਡਾ. ਰਣਜੀਤ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਮਾਨਦਾਰ, ਬੇਦਾਗ, ਉੱਚੇ-ਸੁੱਚੇ ਕਿਰਦਾਰ ਅਤੇ ਗੁਰਸਿੱਖੀ ਜੀਵਨ ਜਿਊਣ ਵਾਲੇ ਨੇਕ ਇਨਸਾਨ ਹਨ। ਉਨ੍ਹਾਂ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵੱਲੋਂ ਸਿੱਖਿਆ ਅਤੇ ਧਾਰਮਿਕ ਖੇਤਰ ਵਿਚ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਇਨ੍ਹਾਂ ਦਾ ਸਿੱਧਾ ਲਾਭ ਵਿਦਿਆਰਥੀਆਂ ਅਤੇ ਸਿੱਖ ਸੰਸਥਾਵਾਂ ਨੂੰ ਮਿਲ ਰਿਹਾ ਹੈ। ਸ਼੍ਰੋਮਣੀ ਕਮੇਟੀ ਦੀਆਂ ਵਿੱਦਿਅਕ ਸੰਸਥਾਵਾਂ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਸਹੂਲਤਾਂ ਦੇਣ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਕਾਲਜਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਆਈਸੀਟੀ ਲੈਬਾਂ, ਸਮਾਰਟ ਕਲਾਸ ਰੂਮ ਅਤੇ ਹੋਰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਯੂਪੀਐੱਸਸੀ, ਪੀਸੀਐੱਸ, ਐੱਨਡੀਏ ਆਦਿ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਦੀ ਸਹੂਲਤ ਪ੍ਰਦਾਨ ਕੀਤੀ। ਜਿਸ ਨਾਲ ਆਮ ਪਰਿਵਾਰਾਂ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਵੀ ਉੱਚ ਪੱਧਰੀ ਪ੍ਰੀਖਿਆਵਾਂ ਦੀ ਤਿਆਰੀ ਕਰਨ ਦੇ ਵਧੀਆ ਮੌਕੇ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਜਥੇ. ਧਾਮੀ ਦੇ ਕਾਰਜਕਾਲ ਦੌਰਾਨ ਵਿੱਦਿਅਕ ਸੰਸਥਾਵਾਂ ਵਿਚ ਧਾਰਮਿਕ ਅਧਿਆਪਕਾਂ ਦੀ ਪੱਕੇ ਤੌਰ ’ਤੇ ਨਿਯੁਕਤੀ ਕੀਤੀ ਗਈ ਤਾਂ ਕਿ ਵਿਦਿਆਰਥੀ ਸਿੱਖ ਵਿਰਸੇ ਅਤੇ ਅਮੀਰ ਵਿਰਾਸਤ ਤੋਂ ਜਾਣੂ ਹੋ ਸਕਣ। ਪ੍ਰਿੰ. ਡਾ. ਰਣਜੀਤ ਸਿੰਘ ਅਤੇ ਸਮੂਹ ਸਟਾਫ਼ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਹੈ। ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਸ ਦੇ ਪ੍ਰਧਾਨ ਪ੍ਰਤੀ ਸਤਿਕਾਰ ਦੀ ਭਾਵਨਾ ਬਣਾਈ ਰੱਖਣਾ ਹਰੇਕ ਦੀ ਜ਼ਿੰਮੇਵਾਰੀ ਹੈ।