ਬਲਾਚੌਰ-ਪੋਜੇਵਾਲ ਸੜਕ ਦਾ ਕੰਮ ਲੰਬੇ ਸਮੇਂ ਤੋਂ ਅਧੂਰਾ, ਲੋਕ ਪਰੇਸ਼ਾਨ ਬਲਾਚੌਰ-ਪੋਜੇਵਾਲ ਸੜਕ ਦਾ ਕੰਮ ਲੰਬੇ ਸਮੇਂ ਤੋਂ ਅਧੂਰਾ, ਲੋਕ ਪਰੇਸ਼ਾਨ
Publish Date: Sat, 29 Aug 2026 05:29 PM (IST)
Updated Date: Sat, 29 Aug 2026 05:31 PM (IST)
- ਲੋਕਾਂ ਵੱਲੋਂ ਸੜਕ ਦਾ ਕੰਮ ਜਲਦੀ ਮੁਕੰਮਲ ਕਰਨ ਦੀ ਕੀਤੀ ਗਈ ਮੰਗ ਹਰਦੀਪ ਚੌਧਰੀ, ਪੰਜਾਬੀ ਜਾਗਰਣ ਪੋਜੇਵਾਲ ਸਰਾਂ : ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਵਿਚ ਆਏ ਕਰੀਬ ਚਾਰ ਸਾਲ ਹੋ ਚੁੱਕੇ ਹਨ ਅਤੇ ਸਰਕਾਰ ਵੱਲੋਂ ਇਸ਼ਤਿਹਾਰਾਂ ਰਾਹੀਂ ਆਪਣੀਆਂ ਪ੍ਰਾਪਤੀਆਂ ਗਿਣਾਈਆਂ ਜਾ ਰਹੀਆਂ ਹਨ ਪਰ ਬਲਾਚੌਰ ਹਲਕੇ ਦੇ ਬਲਾਕ ਸੜੋਆ ਵਿਚ ਕਈ ਸੜਕਾਂ ਦੇ ਨਿਰਮਾਣ ਕਾਰਜ ਲੰਬੇ ਸਮੇਂ ਤੋਂ ਅਧੂਰੇ ਪਏ ਹਨ। ਇਸ ਦੀ ਪ੍ਰਮੁੱਖ ਉਦਾਹਰਨ ਬਲਾਚੌਰ ਤੋਂ ਪੋਜੇਵਾਲ ਨੂੰ ਜਾਣ ਵਾਲੀ ਸੜਕ ਹੈ, ਜਿਸ ਦਾ ਨਿਰਮਾਣ ਕਾਰਜ ਕਾਫ਼ੀ ਸਮੇਂ ਤੋਂ ਚੱਲ ਰਿਹਾ ਹੈ ਪਰ ਹਾਲੇ ਤੱਕ ਪੂਰੀ ਤਰ੍ਹਾਂ ਮੁਕੰਮਲ ਨਹੀਂ ਹੋ ਸਕਿਆ। ਸੜਕ ਦਾ ਕੰਮ ਅਧੂਰਾ ਹੋਣ ਕਾਰਨ ਇਲਾਕੇ ਦੇ ਲੋਕਾਂ ਨੂੰ ਰੋਜ਼ਾਨਾ ਆਉਣ-ਜਾਣ ਵਿਚ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ ’ਤੇ ਸੜਕ ਬੰਦ ਕੀਤੀ ਹੋਈ ਹੈ, ਜਦਕਿ ਕਈ ਥਾਵਾਂ ’ਤੇ ਵੱਡੇ-ਵੱਡੇ ਟੋਏ ਪਏ ਹੋਏ ਹਨ। ਕਿਤੇ ਸੜਕ ਦੀ ਇੱਕ ਸਾਈਡ ਤਿਆਰ ਕਰ ਦਿੱਤੀ ਗਈ ਹੈ ਅਤੇ ਦੂਜੀ ਸਾਈਡ ਤੋਂ ਆਵਾਜਾਈ ਚਲਾਈ ਜਾ ਰਹੀ ਹੈ। ਇਸ ਕਾਰਨ ਸੜਕ ਤੰਗ ਹੋਣ ਕਰ ਕੇ ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਖਾਸ ਤੌਰ ’ਤੇ ਆਵਾਜਾਈ ਦੇ ਸਮੇਂ ਕਾਫ਼ੀ ਦਿੱਕਤ ਆਉਂਦੀ ਹੈ। ਇਲਾਕੇ ਵਿਚ ਕਈ ਥਾਵਾਂ ’ਤੇ ਸਲੈਬਾਂ ਅਤੇ ਹੋਰ ਨਿਰਮਾਣ ਕਾਰਜ ਵੀ ਲੰਬੇ ਸਮੇਂ ਤੋਂ ਅਧੂਰੇ ਪਏ ਹਨ। ਇਸ ਤੋਂ ਇਲਾਵਾ ਕਟਵਾਰਾ ਤੋਂ ਕਰੀਮਪੁਰ ਨੂੰ ਜਾਣ ਵਾਲੀ ਸੜਕ ਸਮੇਤ ਇਲਾਕੇ ਦੀਆਂ ਹੋਰ ਕਈ ਸੜਕਾਂ ਦੇ ਕੰਮ ਵੀ ਕਾਫ਼ੀ ਸਮੇਂ ਤੋਂ ਮੁਕੰਮਲ ਨਹੀਂ ਹੋਏ। ਸੜਕਾਂ ਦੇ ਨਿਰਮਾਣ ਕਾਰਜ ਵਿਚ ਹੋ ਰਹੀ ਦੇਰੀ ਕਾਰਨ ਆਮ ਲੋਕਾਂ, ਦੁਕਾਨਦਾਰਾਂ, ਵਿਦਿਆਰਥੀਆਂ ਅਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਭ ਤੋਂ ਵੱਧ ਪਰੇਸ਼ਾਨੀ ਉਸ ਸਮੇਂ ਹੁੰਦੀ ਹੈ, ਜਦੋਂ ਸੜਕ ਦੇ ਇੱਕ ਪਾਸੇ ਸੀਮੈਂਟਿਡ ਸਲੈਬ ਤਿਆਰ ਕੀਤੀ ਗਈ ਹੋਵੇ ਅਤੇ ਦੂਜੇ ਪਾਸੇ ਤੋਂ ਆਵਾਜਾਈ ਚੱਲ ਰਹੀ ਹੋਵੇ। ਇਸ ਕਾਰਨ ਸੜਕ ਦੀ ਚੌੜਾਈ ਘੱਟ ਹੋ ਜਾਂਦੀ ਹੈ ਅਤੇ ਵਾਹਨਾਂ ਨੂੰ ਲੰਘਣ ਵਿਚ ਮੁਸ਼ਕਿਲ ਆਉਂਦੀ ਹੈ। ਬਰਸਾਤ ਦੇ ਮੌਸਮ ਵਿਚ ਟੋਇਆਂ ਅਤੇ ਅਧੂਰੇ ਨਿਰਮਾਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵੀ ਵਧ ਜਾਂਦੀਆਂ ਹਨ। ਇਲਾਕੇ ਦੇ ਲੋਕਾਂ ਨੇ ਸਰਕਾਰ ਅਤੇ ਸਬੰਧਿਤ ਵਿਭਾਗ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਬਲਾਚੌਰ-ਪੋਜੇਵਾਲ ਸੜਕ ਸਮੇਤ ਇਲਾਕੇ ਦੀਆਂ ਸਾਰੀਆਂ ਅਧੂਰੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਨੂੰ ਤਰਜੀਹ ਦੇ ਆਧਾਰ ’ਤੇ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ। ਲੋਕਾਂ ਨੂੰ ਆਉਣ-ਜਾਣ ਲਈ ਸੁਚਾਰੂ ਅਤੇ ਸੁਰੱਖਿਅਤ ਰਸਤਾ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਬਲਾਚੌਰ ਆਉਣ-ਜਾਣ ਸਮੇਂ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਲੋਕਾਂ ਦਾ ਕਹਿਣਾ ਹੈ ਕਿ ਬਲਾਚੌਰ ਹਲਕੇ ਦੇ ਕਈ ਰਾਜਨੀਤਿਕ ਆਗੂ ਸਮੇਂ-ਸਮੇਂ ’ਤੇ ਇਸ ਸੜਕ ਦੀ ਸਮੱਸਿਆ ਸਬੰਧੀ ਪ੍ਰਸ਼ਾਸਨ ਅਤੇ ਸਰਕਾਰ ਦੇ ਧਿਆਨ ਵਿਚ ਮਾਮਲਾ ਲਿਆ ਚੁੱਕੇ ਹਨ, ਪਰ ਇਸ ਦੇ ਬਾਵਜੂਦ ਕੰਮ ਵਿਚ ਤੇਜ਼ੀ ਨਹੀਂ ਆਈ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੜਕ ਦਾ ਕੰਮ ਤੁਰੰਤ ਮੁਕੰਮਲ ਕਰਵਾਇਆ ਜਾਵੇ। ਜ਼ਿਕਰਯੋਗ ਹੈ ਕਿ ਇਹ ਸੜਕ ਹਲਕਾ ਬਲਾਚੌਰ ਦੀ ਵਿਧਾਇਕਾ ਸੰਤੋਸ਼ ਕਟਾਰੀਆ ਦੇ ਪਿੰਡ ਨੂੰ ਬਲਾਚੌਰ ਤਹਿਸੀਲ ਨਾਲ ਜੋੜਦੀ ਇੱਕ ਮਹੱਤਵਪੂਰਨ ਸੜਕ ਹੈ। ਇਸ ਲਈ ਲੋਕਾਂ ਦਾ ਕਹਿਣਾ ਹੈ ਕਿ ਇਸ ਸੜਕ ਦੇ ਨਿਰਮਾਣ ਕਾਰਜ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕਰਵਾਇਆ ਜਾਣਾ ਚਾਹੀਦਾ ਹੈ। ਇਲਾਕਾ ਵਾਸੀਆਂ ਨੂੰ ਉਮੀਦ ਹੈ ਕਿ ਸਰਕਾਰ ਅਤੇ ਸਬੰਧਿਤ ਵਿਭਾਗ ਇਸ ਗੰਭੀਰ ਸਮੱਸਿਆ ਵੱਲ ਤੁਰੰਤ ਧਿਆਨ ਦੇ ਕੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨਗੇ।