ਐਲਪੀਜੀ, ਪੈਟਰੋਲ ਤੇ ਡੀਜ਼ਲ ਦੀ ਕੋਈ ਕਮੀ ਨਹੀਂ-ਡਿਪਟੀ ਕਮਿਸ਼ਨਰ
ਐਲਪੀਜੀ, ਪੈਟਰੋਲ ਤੇ ਡੀਜ਼ਲ ਦੀ ਕੋਈ ਕਮੀ ਨਹੀਂ-ਡਿਪਟੀ ਕਮਿਸ਼ਨਰ
Publish Date: Sat, 28 Mar 2026 03:33 PM (IST)
Updated Date: Sat, 28 Mar 2026 03:35 PM (IST)

ਪ੍ਰਦੀਪ ਭਨੋਟ, ਪੰਜਾਬੀ ਜਾਗਰਣ, ਨਵਾਂਸ਼ਹਿਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਜ਼ਿਲ੍ਹੇ ਚ ਐਲਪੀਜੀ, ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਵੱਲੋਂ ਜ਼ਰੂਰੀ ਵਸਤਾਂ ਦੀ ਨਿਰਵਿਘਨ ਉਪਲੱਬਧਤਾ ਲਈ ਪੂਰੀ ਸਪਲਾਈ ਚੇਨ ਉਤੇ ਬਾਰੀਕੀ ਨਾਲ ਨਿਗ੍ਹਾ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਤਿੰਨ ਗੈਸ ਏਜੰਸੀਆਂ ਅਤੇ ਤਿੰਨ ਪੈਟਰੋਲ ਪੰਪਾਂ ਦੀ ਰੋਜ਼ਾਨਾ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਐਲਪੀਜੀ ਸਿਲੰਡਰਾਂ ਅਤੇ ਪੈਟਰੋਲੀਅਮ ਪਦਾਰਥਾਂ ਦੀ ਕਾਲਾ ਬਾਜ਼ਾਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅਧਿਕਾਰੀਆਂ ਵੱਲੋਂ 16 ਗੈਸ ਏਜੰਸੀਆਂ ਅਤੇ 30 ਪੈਟਰੋਲ ਪੰਪਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ ਅਤੇ ਅਜੇ ਤੱਕ ਜਾਂਚ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਖਾਮੀ ਨਹੀਂ ਪਾਈ ਗਈ। ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਐਲਪੀਜੀ ਸਿਲੰਡਰਾਂ, ਪੈਟਰੋਲ ਅਤੇ ਡੀਜ਼ਲ ਦੀ ਉਪਲੱਬਧਤਾ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਨਾਲ ਘਬਰਾਉਣਾ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਚੀਜਾਂ ਦੇ ਲੋੜੀਂਦੀ ਮਾਤਰਾ ਵਿਚ ਸਟਾਕ ਮੌਜੂਦ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡਰ ਕੇ ਪੈਟਰੋਲ, ਡੀਜ਼ਲ ਅਤੇ ਐਲਪੀਜੀ ਸਿਲੰਡਰ ਖ਼ਰੀਦ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਅਜਿਹੀਆਂ ਗਤੀਵਿਧੀਆਂ ਬਿਨਾਂ ਵਜ੍ਹਾ ਸੁਚੱਜੇ ਪ੍ਰਬੰਧ ਅਤੇ ਸਪਲਾਈ ਚੇਨ ਨੂੰ ਪ੍ਰਭਾਵਿਤ ਕਰਦੀਆਂ ਹਨ। ਉੁਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜ਼ਰੂਰੀ ਵਸਤਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਰੂਰੀ ਸੇਵਾਵਾਂ ਪ੍ਰਬੰਧਨ ਕਾਨੂੰਨ ਨੂੰ ਲਾਗੂ ਕੀਤਾ ਜਾ ਚੁੱਕਾ ਹੈ। ਉਨ੍ਹਾਂ ਤਾੜਨਾ ਕੀਤੀ ਕਿ ਜ਼ਰੂਰੀ ਵਸਤਾਂ ਦੀ ਕਾਲਾਬਜ਼ਾਰੀ ਅਤੇ ਗੈਰ-ਕਾਨੂੰਨੀ ਢੰਗ ਨਾਲ ਭੰਡਾਰ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਐਲਪੀਜੀ ਸਿਲੰਡਰ ਬੁੱਕ ਕਰਨ ਲਈ ਮਿਸਡ ਕਾਲ ਕੀਤੀ ਜਾਵੇ ਤੇ ਨਿਰਵਿਘਨ ਸਪਲਾਈ ਲਈ ਆਪਣੀ ਗੈਸ ਏਜੰਸੀ ਪਾਸ ਈ-ਕੇਵਾਈਸੀ ਨੂੰ ਕਰਵਾਉਣਾ ਯਕੀਨੀ ਬਣਾਇਆ ਜਾਵੇ।