ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ : ਡਾ. ਹਰੀਸ਼ ਕਿਰਪਾਲ ਕਾਨੂੰਨ ਤੋਂ ਬਚ ਨਹੀਂ ਸਕਣਗੇ ਲਿੰਗ ਜਾਂਚ ਕਰਨ ਵਾਲੇ-ਡਾ. ਹਰੀਸ਼ ਕਿਰਪਾਲ
Publish Date: Sun, 18 Oct 2026 05:48 PM (IST)
Updated Date: Sun, 18 Oct 2026 05:51 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ ਬਲਾਚੌਰ : ਸਿਵਲ ਸਰਜਨ ਡਾ. ਅਮਨ ਸੂਦ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰੀਸ਼ ਕਿਰਪਾਲ ਵੱਲੋਂ ਬਲਾਚੌਰ ਵਿਚ ਚਾਰ ਨਿੱਜੀ ਅਲਟਰਾਸਾਊਂਡ ਸਕੈਨ ਸੈਂਟਰਾਂ ਦੀ ਅਚਾਨਕ ਚੈਕਿੰਗ ਕੀਤੀ। ਇਸ ਦੌਰਾਨ ਸੈਂਟਰਾਂ ਦੇ ਰਿਕਾਰਡ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਕਾਰਵਾਈ ਦੌਰਾਨ ਕਾਰਜਕਾਰੀ ਪੀਐੱਨਡੀਟੀ ਕੋਆਰਡੀਨੇਟਰ ਹਰਨੇਕ ਸਿੰਘ ਵੀ ਮੌਜੂਦ ਰਹੇ। ਇਸ ਮੌਕੇ ਡਾ. ਹਰੀਸ਼ ਕਿਰਪਾਲ ਨੇ ਸਪੱਸ਼ਟ ਕੀਤਾ ਕਿ ਪੀਸੀਪੀਐੱਨਡੀਟੀ ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਗਰਭ ਅਵਸਥਾ ਦੌਰਾਨ ਭਰੂਣ ਦੇ ਲਿੰਗ ਦੀ ਜਾਂਚ ਕਰਨਾ ਜਾਂ ਕਰਵਾਉਣਾ ਕਾਨੂੰਨਨ ਅਪਰਾਧ ਹੈ ਅਤੇ ਦੋਸ਼ੀ ਪਾਏ ਜਾਣ ’ਤੇ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕੰਨਿਆ ਭਰੂਣ ਹੱਤਿਆ ਨੂੰ ਰੋਕਣ ਅਤੇ ਅਲਟਰਾਸਾਊਂਡ ਤਕਨੀਕ ਦੀ ਦੁਰਵਰਤੋਂ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਸਾਰੇ ਅਲਟਰਾਸਾਊਂਡ ਸਕੈਨ ਸੈਂਟਰਾਂ ਨੂੰ ਹਦਾਇਤ ਕੀਤੀ ਕਿ ਪੀਸੀਪੀਐਨਡੀਟੀ ਐਕਟ ਦੇ ਸਾਰੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਲੋੜੀਂਦੇ ਰਿਕਾਰਡ ਨੂੰ ਨਿਯਮਾਂ ਅਨੁਸਾਰ ਸੰਭਾਲਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਸਾਹਮਣੇ ਆਉਣ ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਾ. ਕਿਰਪਾਲ ਨੇ ਕਿਹਾ ਕਿ ਕੰਨਿਆ ਭਰੂਣ ਹੱਤਿਆ ਸਮਾਜ ਲਈ ਗੰਭੀਰ ਕਲੰਕ ਹੈ। ਇਸ ਬੁਰਾਈ ਨੂੰ ਖ਼ਤਮ ਕਰਨ ਲਈ ਕਾਨੂੰਨੀ ਕਾਰਵਾਈ ਦੇ ਨਾਲ-ਨਾਲ ਲੋਕਾਂ ਦੀ ਸੋਚ ਵਿੱਚ ਤਬਦੀਲੀ ਲਿਆਉਣੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਧੀਆਂ ਨੂੰ ਪੁੱਤਰਾਂ ਦੇ ਬਰਾਬਰ ਮੌਕੇ ਅਤੇ ਸਨਮਾਨ ਦੇਣਾ ਸਮੇਂ ਦੀ ਮੁੱਖ ਲੋੜ ਹੈ। ਔਰਤਾਂ ਸਮਾਜ ਦੀ ਨੀਂਹ ਹਨ ਅਤੇ ਹਰ ਖੇਤਰ ਵਿਚ ਅਹਿਮ ਯੋਗਦਾਨ ਪਾ ਰਹੀਆਂ ਹਨ। ਇਸ ਲਈ ਧੀਆਂ ਪ੍ਰਤੀ ਸਨਮਾਨ, ਸਮਾਨਤਾ ਅਤੇ ਸਕਾਰਾਤਮਕ ਸੋਚ ਅਪਣਾਉਣੀ ਚਾਹੀਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਲਿੰਗ ਜਾਂਚ ਜਾਂ ਕੰਨਿਆ ਭਰੂਣ ਹੱਤਿਆ ਸਬੰਧੀ ਕਿਸੇ ਵੀ ਗੈਰ-ਕਾਨੂੰਨੀ ਸਰਗਰਮੀ ਬਾਰੇ ਸਿਹਤ ਵਿਭਾਗ ਨੂੰ ਸੂਚਿਤ ਕਰਨ ਅਤੇ ਧੀਆਂ ਦੀ ਰੱਖਿਆ ਲਈ ਆਪਣੀ ਸਮਾਜਿਕ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਵੱਲੋਂ ਸਪੱਸ਼ਟ ਕੀਤਾ ਕਿ ਕੰਨਿਆ ਭਰੂਣ ਹੱਤਿਆ ਵਿਰੁੱਧ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।