ਅੱਜ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਸਾਂਝੇ ਕਰਨਗੇ ਗੁਰਮਤਿ ਵਿਚਾਰ ਅੱਜ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਸਾਂਝੇ ਕਰਨਗੇ ਗੁਰਮਤਿ ਵਿਚਾਰਾਂ
Publish Date: Fri, 13 Nov 2026 03:46 PM (IST)
Updated Date: Fri, 13 Nov 2026 03:48 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ• ਨਵਾਂਸ਼ਹਿਰ : ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਤਿੰਨ ਰੋਜ਼ਾ ਮਹਾਨ ਕੀਰਤਨ ਸਮਾਗਮ ਦੇ ਪਹਿਲੇ ਦਿਨ ਅੱਜ 14 ਨਵੰਬਰ ਨੂੰ ਆਤਮ ਰਸ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਨਛੱਤਰ ਸਿੰਘ, ਭਾਈ ਗੁਰਕੀਰਤ ਸਿੰਘ ਅਤੇ ਭਾਈ ਸਿਮਰਪ੍ਰੀਤ ਸਿੰਘ ਸਾਂਝੇ ਰੂਪ ਵਿੱਚ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਅੱਜ ਦੇ ਸਮਾਗਮ ਸ਼ਾਮ 5 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਪੰਡਾਲ ਵਿੱਚ ਸੁਸ਼ੋਭਿਤ ਕਰਨ ਨਾਲ ਆਰੰਭ ਹੋਣਗੇ। ਸੋਦਰੁ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਸੁਖਵਿੰਦਰ ਸਿੰਘ ਜਵੱਦੀ ਗੁਰਬਾਣੀ ਕੀਰਤਨ ਨਾਲ ਸਮਾਗਮ ਦੀ ਸ਼ੁਰੂਆਤ ਕਰਨਗੇ। ਇਸ ਤੋਂ ਬਾਅਦ ਹਜ਼ੂਰੀ ਰਾਗੀ ਜੱਥਿਆਂ ਵੱਲੋਂ ਸਾਂਝੇ ਰੂਪ ਵਿੱਚ ਆਤਮ ਰਸ ਕੀਰਤਨ ਦਰਬਾਰ ਦੀ ਛਹਿਬਰ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਰਾਤ 9 ਵਜੇ ਤੋਂ 10 ਵਜੇ ਤੱਕ ਪੰਥ ਦੇ ਮਹਾਨ ਵਿਦਵਾਨ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸਰਪ੍ਰਸਤ ਗਿਆਨੀ ਸਰਬਜੀਤ ਸਿੰਘ ਲੁਧਿਆਣੇ ਵਾਲੇ ਗੁਰ ਇਤਿਹਾਸ ਅਤੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਸੁਰਜੀਤ ਸਿੰਘ ਨੇ ਦੱਸਿਆ ਕਿ ਕੀਰਤਨ ਸਮਾਗਮ ਦੌਰਾਨ ਪਿੰਡਾਂ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਬੱਸਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮਾਗਮਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੰਗਤਾਂ ਦੇ ਸਵਾਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਪਹਿਲੇ ਦਿਨ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਨਤਮਸਤਕ ਹੋਣ ਦੀ ਉਮੀਦ ਹੈ। ਉਨ੍ਹਾਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਤਿੰਨੋਂ ਦਿਨ ਵੱਧ-ਚੜ੍ਹ ਕੇ ਕੀਰਤਨ ਦਰਬਾਰ ਵਿੱਚ ਸ਼ਮੂਲੀਅਤ ਕਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।