ਲੀਓ ਵੈਕਸੀਨ ਦੀਆਂ ਦੋ ਬੂੰਦਾਂ ਬੱਚਿਆਂ ਦੇ ਉੱਜਵਲ ਭਵਿੱਖ ਲਈ ਬੇਹੱਦ ਅਹਿਮ : ਸਿਵਲ ਸਰਜਨ
ਲੀਓ ਵੈਕਸੀਨ ਦੀਆਂ ਦੋ ਬੂੰਦਾਂ ਬੱਚਿਆਂ ਦੇ ਉੱਜਵਲ ਭਵਿੱਖ ਲਈ ਬੇਹੱਦ ਅਹਿਮ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ
Publish Date: Sun, 28 Jun 2026 05:57 PM (IST)
Updated Date: Sun, 28 Jun 2026 05:58 PM (IST)

- •ਸਿਵਲ ਸਰਜਨ ਨੇ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੀ ਕੀਤੀ ਸ਼ੁਰੂਆਤ -• ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਾ ਰਹੇ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹੇ ਵਿਚ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਲਈ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ ਕੀਤੀ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਪੋਲੀਓ ਦੀ ਨਾਮੁਰਾਦ ਬਿਮਾਰੀ ਤੋਂ ਬੱਚਿਆਂ ਨੂੰ ਬਚਾਉਣ ਲਈ ਉਨ੍ਹਾਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਉਪਰੰਤ ਰਿਬਨ ਕੱਟ ਕੇ ਇਸ ਤਿੰਨ ਦਿਨਾ ਮੁਹਿੰਮ ਦਾ ਉਦਘਾਟਨ ਕੀਤਾ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਹਰਪਿੰਦਰ ਸਿੰਘ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਵੀ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ। ਇਸ ਮੌਕੇ ਉਨ੍ਹਾਂ ਨਾਲ ਮੈਡੀਕਲ ਅਫਸਰ ਮਨਦੀਪ ਵਿਰਦੀ, ਐੱਲਐੱਚਵੀ ਗਗਨਦੀਪ ਕੌਰ, ਈਪੀਆਈ ਸਹਾਇਕ ਸੁਸ਼ੀਲ ਕੁਮਾਰ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। ਇਸ ਦੌਰਾਨ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਵੱਖ-ਵੱਖ ਸਿਹਤ ਬਲਾਕਾਂ ਵਿੱਚ ਪਲਸ ਪੋਲੀਓ ਮੁਹਿੰਮ ਤਹਿਤ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੇ ਕੰਮਕਾਜ, ਟੈਲੀਸ਼ੀਟਾਂ ਭਰਨ, ਸੁਪਰਵੀਜ਼ਨ ਤੇ ਬੱਚਿਆਂ ਦੀਆਂ ਉਂਗਲਾਂ ਤੇ ਮਾਰਕਿੰਗ ਕਰਨ ਦੇ ਕੰਮਕਾਜ ਦਾ ਨਿਰੀਖਣ ਕੀਤਾ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਸਮੂਹ ਸਿਹਤ ਅਧਿਕਾਰੀਆਂ ਤੇ ਕਰਮੀਆਂ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਾਡਾ ਦੇਸ਼ ਪੋਲੀਓ ਮੁਕਤ ਹੈ। ਭਾਵੇਂ ਪਿਛਲੇ 15 ਸਾਲਾਂ ਤੋਂ ਸਾਡਾ ਦੇਸ਼ ਵਿੱਚ ਪੋਲੀਓ ਦਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰ ਫਿਰ ਵੀ ਸਾਵਧਾਨੀ ਵਜੋਂ ਬੱਚਿਆਂ ਨੂੰ ਲਗਾਤਾਰ ਪੋਲੀਓ ਰੋਕੂ ਦਵਾਈ ਪਿਲਾਉਣਾ ਬਹੁਤ ਜ਼ਰੂਰੀ ਹੈ, ਕਿਉਂਕਿ ਸਾਡੇ ਗੁਆਂਢੀ ਮੁਲਕ ਪਾਕਿਸਤਾਨ ਅਤੇ ਅਫਗਾਨਿਸਤਾਨ ਵਿੱਚ ਪੋਲੀਓ ਵਾਇਰਸ ਦਾ ਫੈਲਾਅ ਜਾਰੀ ਹੈ। ਇਹ ਪੋਲੀਓ ਵਾਇਰਸ ਸਾਡੇ ਦੇਸ਼ ਵਿੱਚ ਵੀ ਪ੍ਰਵੇਸ਼ ਕਰ ਸਕਦਾ ਹੈ। ਇਹ ਵਾਇਰਸ ਉਨ੍ਹਾਂ ਬੱਚਿਆਂ ਲਈ ਖ਼ਤਰਾ ਪੈਦਾ ਕਰ ਸਕਦਾ ਹੈ, ਜਿਨ੍ਹਾਂ ਨੇ ਪੋਲੀਓ ਰੋਕੂ ਬੂੰਦਾਂ ਨਹੀਂ ਪੀਤੀਆਂ ਹਨ। ਇਸ ਲਈ ਪੋਲੀਓ ਦੀਆਂ ਦੋ ਬੂੰਦਾਂ ਬੱਚਿਆਂ ਦੇ ਉੱਜਵਲ ਭਵਿੱਖ ਬੇਹੱਦ ਅਹਿਮ ਹਨ। ਇਸ ਲਈ ਉਹ ਜ਼ਿਲ੍ਹੇ ਦੇ ਸਾਰੇ ਮਾਪਿਆਂ ਨੂੰ ਇਨ੍ਹਾਂ ਤਿੰਨ ਦਿਨਾਂ ਵਿਚ ਆਪਣੇ ਜ਼ੀਰੋ ਤੋਂ ਪੰਜ ਸਾਲ ਦੇ ਬੱਚਿਆਂ ਨੂੰ ਪੋਲਿਓ ਰੋਕੂ ਬੂੰਦਾਂ ਪਿਲਾਉਣ ਦੀ ਅਪੀਲ ਕਰਦੇ ਹਨ। ਮਾਪੇ ਆਪਣੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਜ਼ਰੂਰ ਪਿਲਾਉਣ ਭਾਵੇਂ ਬੱਚੇ ਦਾ ਜਨਮ ਕੁੱਝ ਘੰਟੇ ਪਹਿਲਾਂ ਹੀ ਕਿਉਂ ਨਾ ਹੋਇਆ ਹੋਵੇ ਜਾਂ ਬੇਸ਼ੱਕ ਬੱਚੇ ਨੂੰ ਖੰਘ, ਜ਼ੁਕਾਮ, ਬੁਖ਼ਾਰ, ਦਸਤ ਜਾਂ ਹੋਰ ਕੋਈ ਬਿਮਾਰੀ ਹੋਵੇ, ਕਿਉਂਕਿ ਇਹ ਦਵਾਈ ਪੀਣ ਨਾਲ ਬੱਚੇ ਦੀ ਸਿਹਤ ’ਤੇ ਕੋਈ ਮਾੜਾ ਅਸਰ ਨਹੀਂ ਹੁੰਦਾ।