2 ਵਿਦੇਸ਼ੀ ਪਿਸਟਲਾਂ, 3 ਮੈਗਜੀਨ ਅਤੇ 10 ਜਿੰਦਾ ਰੌਂਦ ਸਮੇਤ ਦੋ ਨੌਜਵਾਨ ਕਾਬੂ-ਐੱਸਐੱਸਪੀ 2 ਵਿਦੇਸ਼ੀ ਪਿਸਟਲਾਂ, 3 ਮੈਗਜੀਨ ਅਤੇ 10 ਜਿੰਦਾ ਰੌਂਦ ਸਮੇਤ ਦੋ ਨੌਜਵਾਨ ਕਾਬੂ-ਐੱਸਐੱਸਪੀ
Publish Date: Mon, 16 Nov 2026 03:58 PM (IST)
Updated Date: Mon, 16 Nov 2026 04:00 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਨਵਾਂਸ਼ਹਿਰ ਪੁਲਿਸ ਨੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਦੋ ਵਿਦੇਸ਼ੀ ਪਿਸਤੌਲ, ਤਿੰਨ ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਵਿਦੇਸ਼ ਵਿੱਚ ਬੈਠੇ ਦੋ ਵਿਅਕਤੀਆਂ ਨੇ ਅਸਲਾ ਮੁਹੱਈਆ ਕਰਵਾਇਆ ਸੀ ਅਤੇ ਕਿਸੇ ਵਿਅਕਤੀ ਦਾ ਕਤਲ ਕਰਨ ਦਾ ਟਾਰਗੇਟ ਵੀ ਦਿੱਤਾ ਸੀ। ਇਸ ਸਬੰਧੀ ਐੱਸਐੱਸਪੀ ਤੁਸ਼ਾਰ ਗੁਪਤਾ ਨੇ ਨਵਾਂਸ਼ਹਿਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਜਾਬ ਪੁਲਿਸ ਦੇ ਡੀਜੀਪੀ ਤੇ ਲੁਧਿਆਣਾ ਰੇਂਜ ਦੇ ਡੀਆਈਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਮੁਹਿੰਮ ਦੌਰਾਨ ਇਹ ਸਫ਼ਲਤਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਐੱਸਪੀ ਜਾਂਚ ਹਰਿੰਦਰ ਸਿੰਘ ਮਾਨ, ਐੱਸਪੀ ਆਪਰੇਸ਼ਨ ਸਰਬਜੀਤ ਸਿੰਘ ਬਾਹੀਆ ਅਤੇ ਡੀਐੱਸਪੀ ਜਾਂਚ ਜਤਿੰਦਰ ਚੌਹਾਨ ਦੀ ਅਗਵਾਈ ਹੇਠ ਸੀਆਈਏ ਸਟਾਫ਼ ਅਤੇ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਵੱਲੋਂ ਕਾਰਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਰੋਹਿਤ ਤੇ ਦਿਸ਼ਾਤ ਵਾਸੀ ਵਾਲਮੀਕਿ ਮੁਹੱਲਾ, ਨਵਾਂਸ਼ਹਿਰ, ਪ੍ਰਣਵ ਸਹਿਗਲ ਵਾਸੀ ਵਿਕਾਸ ਨਗਰ ਤੇ ਸਰਬਜੀਤ ਸਿੰਘ ਵਾਸੀ ਮੀਰਪੁਰ ਜੱਟਾਂ ਦੇ ਇਸ਼ਾਰੇ ’ਤੇ ਕੰਮ ਕਰਦੇ ਹਨ। ਇਹ ਦੋਵੇਂ ਮਹਾਲੋਂ ਦੇ ਸ਼ਮਸ਼ਾਨਘਾਟ ਨੇੜੇ ਬੈਠ ਕੇ ਕਿਸੇ ਦਾ ਕਤਲ ਕਰਨ ਦੀ ਯੋਜਨਾ ਬਣਾ ਰਹੇ ਹਨ। ਸੂਚਨਾ ਦੇ ਆਧਾਰ ’ਤੇ ਪੁਲਿਸ ਨੇ ਮੌਕੇ ’ਤੇ ਛਾਪਾ ਮਾਰ ਕੇ ਰੋਹਿਤ ਤੇ ਦਿਸ਼ਾਤ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇੱਕ ਵਿਦੇਸ਼ੀ ਪੀਐਕਸ5 30 ਬੋਰ ਪਿਸਤੌਲ, ਇੱਕ ਵਿਦੇਸ਼ੀ ਸਟਾਰ ਪਿਸਤੌਲ 30 ਬੋਰ, ਤਿੰਨ ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਹੋਏ। ਐੱਸਐੱਸਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਪਿਸਤੌਲ ਵਿਦੇਸ਼ ਵਿੱਚ ਬੈਠੇ ਪ੍ਰਣਵ ਸਹਿਗਲ ਤੇ ਸਰਬਜੀਤ ਸਿੰਘ ਨੇ ਮੁਲਜ਼ਮਾਂ ਨੂੰ ਮੁਹੱਈਆ ਕਰਵਾਏ ਸਨ। ਇਨ੍ਹਾਂ ਦੋਵਾਂ ਨੇ ਹੀ ਮੁਲਜ਼ਮਾਂ ਨੂੰ ਕਿਸੇ ਵਿਅਕਤੀ ਦਾ ਕਤਲ ਕਰਨ ਦਾ ਟਾਰਗੇਟ ਦਿੱਤਾ ਸੀ। ਪੁਲਿਸ ਦਾ ਕਹਿਣਾ ਹੈ ਕਿ ਸਮੇਂ ਸਿਰ ਕਾਰਵਾਈ ਕਰਕੇ ਸੰਭਾਵਿਤ ਵਾਰਦਾਤ ਨੂੰ ਟਾਲ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਥਾਣਾ ਸਿਟੀ ਨਵਾਂਸ਼ਹਿਰ ਵਿੱਚ 25 ਸਤੰਬਰ 2026 ਨੂੰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਹੈ ਅਤੇ ਉਹ ਇਸ ਮਾਮਲੇ ਵਿੱਚ ਫ਼ਰਾਰ ਚੱਲ ਰਹੇ ਸਨ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।