ਸੁਰੱਖਿਅਤ ਬਚਪਨ ਅਭਿਆਨ ਤਹਿਤ ਦੋ ਰੋਜ਼ਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਸੁਰੱਖਿਅਤ ਬਚਪਨ ਅਭਿਆਨ ਤਹਿਤ ਦੋ ਰੋਜ਼ਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ
Publish Date: Fri, 20 Nov 2026 04:40 PM (IST)
Updated Date: Fri, 20 Nov 2026 04:43 PM (IST)
ਬੱਚਿਆਂ ਨੂੰ ਜਿਨਸੀ ਸ਼ੋਸ਼ਣ ਅਤੇ ਸਾਈਬਰ ਅਪਰਾਧਾਂ ਤੋਂ ਬਚਾਉਣ ਲਈ ਅਧਿਆਪਕਾਂ ਨੂੰ ਕੀਤਾ ਜਾਗਰੂਕ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸਏਐੱਸ ਨਗਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਦੇ ਨਿਰਦੇਸ਼ਾਂ ਤਹਿਤ ਅਤੇ ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀਜੇਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਦੀ ਅਗਵਾਈ ਹੇਠ ਅਧਿਆਪਕਾਂ ਲਈ ਬੱਚਿਆਂ ਦੀ ਸੁਰੱਖਿਆ ਅਤੇ ਪੋਕਸੋ ਐਕਟ ਸਬੰਧੀ ਦੋ ਰੋਜ਼ਾ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਸੁਰੱਖਿਅਤ ਬਚਪਨ ਅਭਿਆਨ ਤਹਿਤ ਕੀਤਾ ਗਿਆ। ਇਸ ਦੌਰਾਨ ਨਿਆਂਇਕ ਅਧਿਕਾਰੀਆਂ, ਪੈਨਲ ਵਕੀਲਾਂ ਅਤੇ ਮਾਹਿਰ ਰਿਸੋਰਸ ਪਰਸਨਾਂ ਵੱਲੋਂ ਅਧਿਆਪਕਾਂ ਨੂੰ ਬੱਚਿਆਂ ਦੇ ਅਧਿਕਾਰਾਂ, ਉਨ੍ਹਾਂ ਦੀ ਸੁਰੱਖਿਆ ਅਤੇ ਕਾਨੂੰਨੀ ਸਹਾਇਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਬੁਲਾਰਿਆਂ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਸਕੂਲੀ ਬੱਚਿਆਂ ਨੂੰ ਜਿਨਸੀ ਅਪਰਾਧਾਂ ਤੋਂ ਸੁਰੱਖਿਆ ਪ੍ਰਦਾਨ ਕਰਨ, ਪੋਕਸੋ ਐਕਟ-2012 ਦੇ ਉਪਬੰਧਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਦੀ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਧਿਆਪਕਾਂ ਦੀ ਭੂਮਿਕਾ ਬੇਹੱਦ ਅਹਿਮ ਹੈ ਅਤੇ ਅਧਿਆਪਕ ਬੱਚਿਆਂ ਦੀਆਂ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਦੇ ਸਕਦੇ ਹਨ। ਸਿਖਲਾਈ ਦੌਰਾਨ ਅਧਿਆਪਕਾਂ ਨੂੰ ਬਾਲ ਅਧਿਕਾਰਾਂ, ਪੋਕਸੋ ਐਕਟ ਦੀਆਂ ਮੁੱਖ ਧਾਰਾਵਾਂ, ਸੁਰੱਖਿਅਤ ਅਤੇ ਅਸੁਰੱਖਿਅਤ ਛੋਹ, ਸਾਈਬਰ ਸੁਰੱਖਿਆ, ਇੰਟਰਨੈੱਟ ਅਤੇ ਸੋਸ਼ਲ ਮੀਡੀਆ ਰਾਹੀਂ ਪੈਦਾ ਹੋਣ ਵਾਲੇ ਖਤਰਿਆਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਬੱਚਿਆਂ ਨਾਲ ਸੰਵੇਦਨਸ਼ੀਲਤਾ ਨਾਲ ਪੇਸ਼ ਆਉਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸਥਿਤੀ ਵਿੱਚ ਢੁੱਕਵੀਂ ਕਾਨੂੰਨੀ ਪ੍ਰਕਿਰਿਆ ਅਪਣਾਉਣ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਬੱਚਿਆਂ ਦੇ ਸੁਰੱਖਿਅਤ ਅਤੇ ਬਿਹਤਰ ਭਵਿੱਖ ਲਈ ਸੁਰੱਖਿਅਤ ਬਚਪਨ ਅਭਿਆਨ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਅਤੇ ਸਕੂਲਾਂ ਵਿੱਚ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਸੁਰੱਖਿਆ ਪ੍ਰਤੀ ਜਾਗਰੂਕ ਕਰਨ। ਕਿਸੇ ਵੀ ਤਰ੍ਹਾਂ ਦੀ ਮੁਫ਼ਤ ਕਾਨੂੰਨੀ ਸਹਾਇਤਾ ਜਾਂ ਜਾਣਕਾਰੀ ਪ੍ਰਾਪਤ ਕਰਨ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕਾਨੂੰਨੀ ਸਹਾਇਤਾ ਲਈ ਟੋਲ-ਫ੍ਰੀ ਹੈਲਪਲਾਈਨ ਨੰਬਰ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।