- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਣ ਐਲਾਨੇ ਬਿਜਲੀ ਕੱਟਾ ਨੇ ਲੋਕਾਂ ਦੇ ਕੱਢੇ ਵੱਟ

ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ
ਬਲਾਚੌਰ : ਸੂਬੇ ਦੀ ਸਰਕਾਰ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਨਾਲ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਨ੍ਹਾਂ ਸਾਰੇ ਦਾਅਵਿਆਂ ਤੋਂ ਬਿਲਕੁੱਲ ਵੱਖਰੀ ਦਿਖਾਈ ਦੇ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਭਾ ਹਲਕਾ ਬਲਾਚੌਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਨੀ ਟੌਂਸਾ ਵੱਲੋਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਸੂਬੇ ਦੀ ਸਰਕਾਰ ਵੱਲੋਂ ਪੰਜਾਬ ਨੂੰ ਸੱਚਮੁੱਚ ਹਨੇਰੇ ਵਿਚ ਧੱਕਣ ਦਾ ਇੱਕ ਹੋਰ ਸ਼ਰਮਨਾਕ ਰਿਕਾਰਡ ਹਾਸਲ ਕਰ ਲਿਆ ਹੈ। ਜਿੱਥੇ ਦਿਨ ਅਤੇ ਰਾਤ ਵੇਲੇ ਲੰਮੇ ਲੰਮੇ ਬਿਜਲੀ ਦੇ ਕੱਟ ਲੱਗ ਰਹੇ ਹਨ, ਉੱਥੇ ਹੀ ਲੋਕਾਂ ਨੂੰ ਰਾਤ ਵੇਲੇ ਆਪਣੇ ਘਰਾਂ ਨੂੰ ਚਾਨਣ ਕਰਨ ਲਈ ਮੋਮਬੱਤੀਆਂ ਦੀ ਵਰਤੋਂ ਕਰ ਰਹੇ ਹਨ ਅਤੇ ਦਿਨ ਤੇ ਰਾਤ ਵੇਲੇ ਪੱਖੀਆਂ ਦੀ ਝੱਲ ਮਾਰ ਕੇ ਗਰਮੀ ਤੋਂ ਰਾਹਤ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦਾ ਬਿਜਲੀ ਸੰਕਟ ਦਿਨ ਪ੍ਰਤੀ ਦਿਨ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਜਿਸ ਕਾਰਨ ਕਿਸਾਨ ਨਿਰਾਸ਼ਾ ਦੇ ਆਲਮ ਵਿਚ ਹਨ ਅਤੇ ਉਨ੍ਹਾਂ ਨੂੰ ਆਪਣੀਆਂ ਪੁੱਤਾਂ ਵਾਂਗ ਕੜੀ ਮਿਹਨਤ ਕਰ ਕੇ ਅਤੇ ਆਪਣੇ ਪਾਸੋਂ ਪੈਸੇ ਖਰਚ ਕਰ ਕੇ ਪਾਲੀਆਂ ਫਸਲਾਂ ਨੂੰ ਬਚਾਉਣ ਲਈ ਮਹਿੰਗੇ ਭਾਅ ਦਾ ਡੀਜ਼ਲ ਵਰਤਨਾਂ ਪੈ ਰਿਹਾ ਹੈ। ਜਿਸ ਨਾਲ ਉਨ੍ਹਾਂ ਦੀ ਲਾਗਤ ਵੱਧਣ ਕਾਰਨ ਘਾਟੇ ਦਾ ਸਾਹਮਣਾ ਕਰ ਰਹੇ ਹਨ।
ਹਨੀ ਟੌਸਾ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਭਾਗ ਦੌਰਾਨ ਜਿੱਥੇ ਕਿਸਾਨਾਂ, ਦੁਕਾਨਦਾਰਾਂ ਅਤੇ ਛੋਟੇ ਕਾਰੋਬਾਰੀਆਂ ਸਮੇਤ ਸਨਅਤੀ ਖੇਤਰ ਨੂੰ ਵਿਸ਼ੇਸ਼ ਤੌਰ ’ਤੇ ਬਿਜਲੀ ਸਪਲਾਈ ਨਿਰਵਿਘਨ ਦਿੱਤੀ ਜਾਂਦੀ ਸੀ, ਉੱਥੇ ਹੀ ਮੌਜੂਦਾ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਲੰਮੇ ਲੰਮੇ ਬਿਜਲੀ ਕੱਟਾਂ ਕਾਰਨ ਛੋਟੇ ਕਾਰੋਬਾਰੀ, ਕਾਰਖਾਨੇ, ਦੁਕਾਨਦਾਰਾਂ ਨੂੰ ਵੀ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਕੱਟਾਂ ਕਾਰਨ ਉਨ੍ਹਾਂ ਨੂੰ ਜਿੱਥੇ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ, ਉੱਥੇ ਹੀ ਆਪਣੇ ਪਰਿਵਾਰਕ ਖਰਚੇ ਚਲਾਉਣੇ ਮੁਸ਼ਕਿਲ ਹੈ ਗਏ ਹਨ। ਇੱਥੇ ਹੀ ਵੱਸ ਨਹੀਂ ਇਨ੍ਹਾਂ ਬਿਜਲੀ ਕੱਟਾਂ ਕਾਰਨ ਆਪਣੇ ਪੇਪਰਾਂ ਦੀ ਤਿਆਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਿਜਲੀ ਉਤਪਾਦਨ ਸਬੰਧੀ ਸਮੱਸਿਆਵਾਂ ਲਈ ਅਕਸਰ ਕੋਲੇ ਦੀ ਘਾਟ ਦਾ ਹਵਾਲਾ ਦੇ ਕੇ ਪੱਲਾ ਝਾੜਿਆ ਜਾਂਦਾ ਹੈ, ਪਰ ਬਿਜਲੀ ਉਤਪਾਦਨ ਸਿਰਫ ਕੋਲੇ ਦੀ ਉਪਲਬਧਤਾ ਤੇ ਨਿਰਭਰ ਨਹੀਂ ਕਰਦਾ। ਪਲਾਂਟਾਂ ਦੀ ਸਮੇਂ ਸਿਰ ਮੁਰੰਮਤ, ਰੱਖ-ਰਖਾਅ ਅਤੇ ਹੋਰ ਲੋੜੀਂਦੇ ਪ੍ਰਬੰਧ ਵੀ ਬਰਾਬਰ ਜ਼ਰੂਰੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਮਾਮਲਿਆਂ ਵਿਚ ਸਰਕਾਰ ਦੀ ਕਾਰਗੁਜ਼ਾਰੀ ਸੰਤੋਸ਼ਜਨਕ ਨਹੀਂ ਰਹੀ। ਜਿਸ ਦੇ ਨਤੀਜੇ ਵਜੋਂ ਲੋਕਾਂ ਨੂੰ ਬਿਜਲੀ ਕੱਟਾਂ ਦੀਆਂ ਮੁਸ਼ਕਿਲਾਂ ਦਾ ਅੱਜ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀ ਝੋਨੇ ਦੀ ਫਸਲ ਨੂੰ ਬਚਾਉਣਾ ਚਾਹੁੰਦੀ ਹੈ ਤਾਂ ਖੇਤੀਬਾੜੀ ਖੇਤਰ ਲਈ ਲੋੜ ਅਨੁਸਾਰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣੀ ਹੋਵੇਗੀ। ਇਸ ਦੇ ਨਾਲ ਹੀ ਘਰੇਲੂ ਖਪਤਕਾਰਾਂ ਅਤੇ ਉਦਯੋਗਿਕ ਤੇ ਵਪਾਰਕ ਅਦਾਰਿਆਂ ਨੂੰ ਵੀ ਨਿਰਧਾਰਿਤ ਸਪਲਾਈ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਬਿਜਲੀ ਸੰਕਟ ਦਾ ਤੁਰੰਤ ਹੱਲ ਨਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਨਾ ਦਿੱਤਾ ਤਾਂ ਉਨ੍ਹਾਂ ਵੱਲੋਂ ਲੋਕਾਂ ਦੇ ਹੱਕਾਂ ਲਈ ਸੜਕਾਂ ਤੋਂ ਉਤਰ ਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।