ਡੀਸੀ ਵੱਲੋਂ ਜ਼ਿਲ੍ਹੇ ’ਚ ਚੱਲ ਰਹੀਆਂ ਗਤੀਵਿਧੀਆਂ ਦਾ ਲਿਆ ਜਾਇਜ਼ਾ ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿਚ ਚੱਲ ਰਹੀਆਂ ਗਤੀਵਿਧੀਆਂ ਦਾ ਲਿਆ ਜਾਇਜ਼ਾ
Publish Date: Thu, 05 Nov 2026 04:00 PM (IST)
Updated Date: Thu, 05 Nov 2026 04:02 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਨਵਾਂਸ਼ਹਿਰ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹੇ ਵਿਚ ਨਸ਼ਾ ਰੋਕੂ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ, ਪੁਨਰਵਾਸ ਅਤੇ ਹੁਨਰ ਵਿਕਾਸ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੀ ਦਲਦਲ ਵਿਚ ਫਸੇ ਲੋਕਾਂ ਨੂੰ ਨਸ਼ਾ ਮੁਕਤ ਕਰਕੇ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਯਤਨਸ਼ੀਲ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ, ਐੱਸਡੀਐੱਮ ਨਵਾਂਸ਼ਹਿਰ ਅਨਮਜੋਤ ਕੌਰ, ਐੱਸਡੀਐੱਮ ਬਲਾਚੌਰ ਸੁਨੀਲ ਫੋਗਾਟ, ਐੱਸਪੀ ਸਰਬਜੀਤ ਬਾਹੀਆ, ਡੀਐੱਸਪੀ ਨਵਾਂਸ਼ਹਿਰ ਪੰਕਜ ਸ਼ਰਮਾ, ਡੀਐੱਸਪੀ ਬੰਗਾ ਹਰਜੀਤ ਸਿੰਘ, ਡੀਐੱਸਪੀ ਬਲਾਚੌਰ ਹਿੰਮਤ ਮਲਹੌਤਰਾ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਦੇ ਇੰਚਾਰਜ ਦਿਨੇਸ਼ ਸੂਰੀ, ਵਾਈਸ ਕੋਆਰਡੀਨੇਟਰ ਬਲਜੀਤ ਰਾਮ, ਹਲਕਾ ਕੋਆਰਡੀਨੇਟਰ ਬੰਗਾ ਹੇਮਰਾਜ ਬਸਰਾ, ਨਵਾਂਸ਼ਹਿਰ ਤੋਂ ਇੰਦਰਜੀਤ ਕੁਮਾਰ ਅਤੇ ਬਲਾਚੌਰ ਤੋਂ ਡਾ. ਭੁਪਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਜ਼ਮੀਨੀ ਪੱਧਰ ਤੇ ਨਸ਼ਾ ਮੁਕਤੀ ਲਈ ਕੰਮ ਕਰ ਰਹੇ ਆਗੂਆਂ ਤੋਂ ਫੀਡਬੈਕ ਅਤੇ ਸੁਝਾਅ ਵੀ ਲਏ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ, ਨਿਗਰਾਨੀ, ਪੁਨਰਵਾਸ ਅਤੇ ਭਾਈਚਾਰਕ ਭਾਗੀਦਾਰੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਵਿਚ ਵਾਰਡ ਅਤੇ ਪਿੰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੇ ਨਾਲ-ਨਾਲ ਆਮ ਲੋਕਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਦੇ ਚਾਹਵਾਨ ਵਿਅਕਤੀਆਂ ਨੂੰ ਪ੍ਰੇਰਿਤ ਕਰਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਪਹੁੰਚਾਉਣਾ ਸਿਵਲ ਪ੍ਰਸ਼ਾਸਨ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਤਸਕਰਾਂ ਖ਼ਿਲਾਫ਼ ਕਾਰਵਾਈ ਤੱਕ ਸੀਮਤ ਨਹੀਂ, ਸਗੋਂ ਨਸ਼ੇ ਦੀ ਲਪੇਟ ਵਿਚ ਆਏ ਨੌਜਵਾਨਾਂ ਨੂੰ ਨਵੀਂ ਜ਼ਿੰਦਗੀ ਅਤੇ ਉੱਜਵਲ ਭਵਿੱਖ ਵੱਲ ਲਿਜਾਣ ਦਾ ਸਾਂਝਾ ਉਪਰਾਲਾ ਹੈ। ਕਿਸੇ ਮਾਂ ਦੀਆਂ ਅੱਖਾਂ ਵਿਚ ਆਪਣੇ ਪੁੱਤਰ ਲਈ ਉਮੀਦ ਮੁੜ ਜਗਾਉਣਾ ਹੀ ਇਸ ਮੁਹਿੰਮ ਦੀ ਅਸਲ ਸਫ਼ਲਤਾ ਹੈ। ਉਨ੍ਹਾਂ ਜ਼ਿਲ੍ਹੇ ਦੇ ਪਛਾਣੇ ਗਏ ਨਸ਼ਾ ਪ੍ਰਭਾਵਿਤ ਹੌਟਸਪੌਟ ਖੇਤਰਾਂ ਦੀ ਮੁੜ ਸੁਰਜੀਤੀ ਲਈ ਨਗਰ ਕੌਂਸਲਾਂ, ਪੇਂਡੂ ਵਿਕਾਸ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਸੁੰਨਸਾਨ ਥਾਵਾਂ ਦੀ ਸਫ਼ਾਈ, ਖੰਡਰ ਇਮਾਰਤਾਂ ਦੀ ਸੰਭਾਲ, ਸਟਰੀਟ ਲਾਈਟਾਂ ਲਗਾਉਣ, ਸੀਸੀਟੀਵੀ ਕੈਮਰਿਆਂ ਦੀ ਵਿਵਸਥਾ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐੱਸਐੱਸਪੀ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਵਿਰੁੱਧ ਕਾਨੂੰਨੀ ਕਾਰਵਾਈ, ਸ਼ੱਕੀ ਟਿਕਾਣਿਆਂ ਦੀ ਨਿਗਰਾਨੀ ਅਤੇ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਪੁਲਿਸ ਦੀ ਮੌਜੂਦਗੀ ਵਧਾਉਣ ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਨਸ਼ਾ ਪੀੜਤਾਂ ਦੀ ਪਛਾਣ, ਇਲਾਜ, ਕਾਊਂਸਲਿੰਗ ਅਤੇ ਪੁਨਰਵਾਸ ਸਹੂਲਤਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਸਫ਼ਲ ਬਣਾਇਆ ਜਾ ਸਕਦਾ ਹੈ।