ਲੋਕਾਂ ਨੂੰ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਕੀਤਾ ਜਾਗਰੂਕ ਡੇਂਗੂ ਸਰਵੇ ਦੌਰਾਨ ਪਿੰਡ ਦੇ ਲੋਕਾਂ ਨੂੰ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਕੀਤਾ ਜਾਗਰੂਕ
Publish Date: Thu, 17 Sep 2026 05:37 PM (IST)
Updated Date: Thu, 17 Sep 2026 05:38 PM (IST)
ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਿੰਦਰਜੀਤ ਕੌਰ ਦੀ ਯੋਗ ਅਗਵਾਈ ਹੇਠ ਸਿਹਤ ਵਿਭਾਗ ਮੁਜ਼ੱਫਰਪੁਰ ਦੀ ਡੇਂਗੂ ਵਿਰੋਧੀ ਟੀਮ ਵੱਲੋਂ ਡੇਂਗੂ ਦੀ ਰੋਕਥਾਮ ਅਤੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਪਿੰਡ ਕੋਟ ਰਾਂਝਾ ਵਿਖੇ ਡੇਂਗੂ ਸਰਵੇ ਕੀਤਾ। ਇਸ ਦੌਰਾਨ ਸਿਹਤ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਨੇ ਦੱਸਿਆ ਕਿ ਘਰਾਂ ਦੇ ਆਲੇ-ਦੁਆਲੇ ਪਏ ਪਾਣੀ ਦੇ ਸਰੋਤਾਂ, ਕੂਲਰਾਂ, ਗਮਲਿਆਂ, ਪੁਰਾਣੇ ਬਰਤਨਾਂ, ਟਾਇਰਾਂ ਅਤੇ ਹੋਰ ਅਜਿਹੀਆਂ ਥਾਵਾਂ ਦੀ ਜਾਂਚ ਕੀਤੀ ਗਈ ਜਿੱਥੇ ਪਾਣੀ ਖੜ੍ਹਾ ਹੋਣ ਕਾਰਨ ਡੇਂਗੂ ਮੱਛਰ ਦੀ ਪੈਦਾਵਾਰ ਹੋ ਸਕਦੀ ਹੈ। ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ ਅਤੇ ਪਾਣੀ ਵਾਲੇ ਬਰਤਨਾਂ ਨੂੰ ਹਫ਼ਤੇ ਵਿਚ ਘੱਟੋ-ਘੱਟ ਇੱਕ ਵਾਰ ਖਾਲੀ ਕਰ ਕੇ ਸਾਫ਼ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਤਹਿਤ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀਆਂ ਥਾਵਾਂ ਦੀ ਜਾਂਚ ਕਰਕੇ ਖੜ੍ਹੇ ਪਾਣੀ ਨੂੰ ਤੁਰੰਤ ਸਾਫ ਕੀਤਾ ਜਾਵੇ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਡੇਂਗੂ ਦੇ ਲੱਛਣ ਜਿਵੇਂ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਸਰੀਰ ਅਤੇ ਜੋੜਾਂ ਵਿਚ ਦਰਦ ਜਾਂ ਚਮੜੀ ਤੇ ਦਾਣੇ ਆਦਿ ਹੋਣ ਤੇ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਹੈਲਥ ਇੰਸਪੈਕਟਰ ਰਾਜੀਵ ਕੁਮਾਰ, ਮਪਹਵ ਮਨਦੀਪ ਸਿੰਘ, ਗੁਲਸ਼ਨ ਕੁਮਾਰ ਤੇ ਪਰਮਜੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।