ਐੱਮਬੀਜੀ ਕਾਲਜ ’ਚ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਐਮਬੀਜੀ ਕਾਲਜ 'ਚ ਵੋਟਰ ਰਜਿਸਟ੍ਰੇਸ਼ਨ ਕੈਂਪ ਆਯੋਜਿਤ
Publish Date: Wed, 26 Aug 2026 07:15 PM (IST)
Updated Date: Wed, 26 Aug 2026 07:16 PM (IST)
ਹਰਦੀਪ ਚੌਧਰੀ, ਪੰਜਾਬੀ ਜਾਗਰਣ, ਪੋਜੇਵਾਲ ਸਰਾਂ : ਪ੍ਰਿੰਸੀਪਲ-ਕਮ-ਡਿਪਟੀ ਡਾਇਰੈਕਟਰ ਡਾ. ਮਨੀਸ਼ ਕੁਮਾਰ ਦੀ ਅਗਵਾਈ ਹੇਠ ਐੱਮਬੀਜੀ ਸਰਕਾਰੀ ਕਾਲਜ ਪੋਜੇਵਾਲ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ (ਇਲੈਕਟੋਰਲ ਲਿਟਰੇਸੀ ਕਲੱਬ) ਵੱਲੋਂ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਪ੍ਰਤੀ ਜਾਗਰੂਕ ਕਰਨ ਲਈ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ। ਇਸ ਦੌਰਾਨ ਵਿਦਿਆਰਥੀਆਂ ਦੀ ਵੋਟ ਆਨਲਾਈਨ ਬਣਾਉਣ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਵਿਚ ਸਹਾਇਤਾ ਪ੍ਰਦਾਨ ਕਰਨ ਲਈ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ। ਕੈਂਪ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਕਰਨਵੀਰ ਕਟਾਰੀਆ ਅਤੇ ਬਲਾਕ ਸਮਿਤੀ ਦੇ ਮੈਂਬਰ ਭੁਪਿੰਦਰ ਲੱਕੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਲੱਬ ਦੇ ਇੰਚਾਰਜ ਅਸਿਸਟੈਂਟ ਪ੍ਰੋ. ਡਾ. ਰਾਜਵਿੰਦਰ ਕੌਰ ਅਤੇ ਡਾ. ਇੰਦਰਜੀਤ ਕੌਰ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਆਖਿਆ।।ਕਰਨਵੀਰ ਕਟਾਰੀਆ ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ, ਇਸ ਦੀ ਮਹੱਤਤਾ ਅਤੇ ਲੋਕਤੰਤਰਿਕ ਪ੍ਰਣਾਲੀ ਵਿਚ ਨੌਜਵਾਨਾਂ ਦੀ ਭੂਮਿਕਾ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਅਤੇ ਹੋਰਨਾਂ ਨੂੰ ਵੀ ਵੋਟ ਬਣਾਉਣ ਅਤੇ ਪਾਉਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਡਾ. ਰਾਜਵਿੰਦਰ ਕੌਰ ਅਤੇ ਡਾ. ਇੰਦਰਜੀਤ ਕੌਰ ਅਤੇ ਅਸਿਸਟੈਂਟ ਪ੍ਰੋ. ਰਾਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਦਿਆਂ ਕਿਹਾ ਕਿ ਮਜ਼ਬੂਤ ਲੋਕਤੰਤਰ ਲਈ ਹਰ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਬਹੁਤ ਮਹੱਤਵ ਪੂਰਨ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਦੇ ਨਾਲ-ਨਾਲ ਚੋਣ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਕਰਨ ਦੀ ਅਪੀਲ ਕੀਤੀ। ਕੈਂਪ ਦੌਰਾਨ ਕਾਲਜ ਦੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਵੋਟਰ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਵਿਚ ਆਪਣੀ ਜ਼ਿੰਮੇਵਾਰ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕਰਨਾ ਸੀ।