- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੀਰੀ-ਪੀਰੀ ਖਾਲਸਾ ਮਾਰਚ ਦਾ ਸਵਾਗਤ ਕੱਲ੍ਹ

ਨਰਿੰਦਰ ਮਾਹੀ, ਪੰਜਾਬੀ ਜਾਗਰਣ, ਬੰਗਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਵਿਦਿਅਕ ਸੰਸਥਾ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ 17 ਸਤੰਬਰ ਨੂੰ ਆਰੰਭ ਹੋਣ ਜਾ ਰਹੇ ਮੀਰੀ-ਪੀਰੀ ਖਾਲਸਾ ਮਾਰਚ ਨਗਰ ਕੀਰਤਨ ਦਾ ਕਾਲਜ ਦੇ ਸਾਹਮਣੇ ਪਹੁੰਚਣ ’ਤੇ ਸ਼ਰਧਾ ਅਤੇ ਸਤਿਕਾਰ ਸਹਿਤ ਸਵਾਗਤ ਕੀਤਾ ਜਾਵੇਗਾ। ਪ੍ਰਿੰ. ਡਾ. ਰਣਜੀਤ ਸਿੰਘ ਨੇ ਦੱਸਿਆ ਕਿ ਇਹ ਮੀਰੀ ਪੀਰੀ ਖਾਲਸਾ ਮਾਰਚ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਬੰਗਾ ਦੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪਹੁੰਚੇਗਾ, ਜਿੱਥੇ ਰਾਤ ਦਾ ਵਿਸ਼ਰਾਮ ਹੋਵੇਗਾ। ਇਸ ਉਪਰੰਤ 18 ਸਤੰਬਰ ਨੂੰ ਇਹ ਮੀਰੀ-ਪੀਰੀ ਖਾਲਸਾ ਮਾਰਚ ਨਗਰ ਕੀਰਤਨ ਬੰਗਾ ਤੋਂ ਅੱਗੇ ਰਵਾਨਾ ਹੋ ਕੇ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ, ਫਗਵਾੜਾ ਵਿਖੇ ਪਹੁੰਚੇਗਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖ ਵਿਰਸੇ ਨਾਲ ਜੁੜਨਾ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਜਿਹੇ ਖਾਲਸਾ ਮਾਰਚ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਵਿਰਸੇ, ਸੇਵਾ, ਸਿਮਰਨ ਅਤੇ ਗੁਰੂ ਸਾਹਿਬਾਨ ਦੇ ਉੱਚੇ-ਸੁੱਚੇ ਆਦਰਸ਼ਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਮੂਹ ਸਟਾਫ਼, ਵਿਦਿਆਰਥੀਆਂ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 17 ਸਤੰਬਰ ਬਾਅਦ ਦੁਪਹਿਰ ਨੂੰ ਕਾਲਜ ਦੇ ਸਾਹਮਣੇ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਨਗਰ ਕੀਰਤਨ ਦਾ ਸ਼ਰਧਾ ਅਤੇ ਸਤਿਕਾਰ ਸਹਿਤ ਸਵਾਗਤ ਕਰਨ ਅਤੇ ਇਸ ਪਵਿੱਤਰ ਮੀਰੀ-ਪੀਰੀ ਖਾਲਸਾ ਮਾਰਚ ਬਣਨ।