ਲੋਕਾਂ ’ਚ ਆਪ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ : ਵਰਿਆਮ ਲੋਕਾਂ 'ਚ ਆਪ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ
Publish Date: Wed, 26 Aug 2026 07:21 PM (IST)
Updated Date: Wed, 26 Aug 2026 07:25 PM (IST)
ਜਗਤਾਰ ਮਹਿੰਦੀਪੁਰੀਆ, ਪੰਜਾਬੀ ਜਾਗਰਣ, ਬਲਾਚੌਰ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ, ਰੁਜਗਾਰ ਅਤੇ ਮਹਿੰਗਾਈ, ਬੇਰੁਗਾਰੀ ਨੂੰ ਖਤਮ ਕਰਨ, ਨਸ਼ਿਆਂ ਦਾ ਲੱਕ ਤੋੜਨ ਵਰਗੇ ਬੁਨਿਆਦੀ ਮੁੱਦਿਆ ’ਤੇ ਬੁਰੀ ਤਰ੍ਹਾਂ ਨਾਲ ਫੇਲ੍ਹ ਸਾਬਤ ਹੋਈ ਹੈ। ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਵੱਡੇ-ਵੱਡੇ ਵਾਅਦੇ ਅੱਜ ਜਮੀਨੀ ਪੱਧਰ ਤੇ ਪੂਰੇ ਹੋਣ ਦੀ ਵਜਾਏ ਹਵਾ ਹਵਾਈ ਹੋਏ ਹਨ। ਜਿਸ ਕਾਰਨ ਪੰਜਾਬ ਦੇ ਆਮ ਲੋਕਾਂ ਅਤੇ ਮੱਧ ਵਰਗੀ ਲੋਕਾਂ ਵਿਚ ਆਪ ਸਰਕਾਰ ਪ੍ਰਤੀ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਵਰਿਆਮ ਨੇ ਸੂਬੇ ਦੀ ਸਰਕਾਰ ਪ੍ਰਤੀ ਨਾਰਾਜ਼ਗੀ ਜਾਹਰ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਬਦਲਾਅ ਦੇ ਵੱਡੇ-ਵੱਡੇ ਸੁਪਨੇ ਦਿਖਾਏ ਸਨ, ਪਰ ਸੂਰਤ ਏ ਹਾਲ ਹੈ ਕਿ ਅੱਜ ਲੋਕ ਆਪਣੇ ਆਪ ਨੂੰ ਪਹਿਲਾਂ ਨਾਲੋਂ ਵੀ ਵੱਧ ਮੁਸ਼ਕਿਲਾਂ ਵਿਚ ਘਿਰਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਦੇ ਦਾਅਵਿਆਂ ਦਾ ਅਸਲ ਮੁਲਾਂਕਣ ਸਰਕਾਰੀ ਇਸ਼ਤਿਹਾਰਾਂ ਨਾਲ ਨਹੀ, ਸਗੋ ਲੋਕਾਂ ਦੀ ਜ਼ਿੰਦਗੀ ਵਿਚ ਆਏ ਬਦਲਾਅ ਨਾਲ ਹੁੰਦਾ ਹੈ। ਉਨ੍ਹਾਂ ਆਖਿਆ ਕਿ ਸਿੱਖਿਆ ਦੇ ਖੇਤਰ ਵਿਚ ਵੀ ਸਰਕਾਰ ਦੇ ਦਾਅਵੇ ਅਤੇ ਜ਼ਮੀਨੀ ਹਕੀਕਤ ਵਿਚ ਜ਼ਮੀਨ ਅਸਮਾਨ ਦਾ ਵੱਡਾ ਫਰਕ ਨਜ਼ਰ ਆ ਰਿਹਾ ਹੈ। ਸਰਕਾਰੀ ਸਕੂਲਾਂ ਅਤੇ ਸਿੱਖਿਆ ਪ੍ਰਬੰਧ ਨਾਲ ਜੁੜੀਆਂ ਕਈ ਸਮੱਸਿਆਵਾਂ ਹਾਲੇ ਵੀ ਮੌਜੂਦ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੁਜਗਾਰ ਦੇ ਵੱਡੇ ਵਾਅਦੇ ਕੀਤੇ ਗਏ ਸਨ, ਪਰ ਅੱਜ ਵੀ ਵੱਡੀ ਗਿਣਤੀ ਵਿਚ ਨੌਜਵਾਨ ਰੁਜ਼ਗਾਰ ਦੀ ਭਾਲ ਵਿਚ ਭਟਕ ਰਹੇ ਹਨ। ਨੌਜਵਾਨਾਂ ਨੂੰ ਆਪਣੇ ਭਵਿੱਖ ਦੀ ਚਿੰਤਾ ਸਤਾ ਰਹੀ ਹੈ ਅਤੇ ਕਈ ਨੌਜਵਾਨ ਬਿਹਤਰ ਮੌਕਿਆਂ ਦੀ ਭਾਲ ਵਿਚ ਵਿਦੇਸ਼ਾਂ ਵੱਲ ਜਾਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮਹਿੰਗਾਈ ਨੇ ਮੱਧ ਵਰਗ ਅਤੇ ਗਰੀਬ ਪਰਿਵਾਰਾਂ ਦਾ ਘਰੇਲੂ ਬਜਟ ਹਿਲਾ ਕੇ ਰੱਖ ਦਿੱਤਾ ਹੈ। ਰੋਜ਼ਾਨਾ ਵਰਤੋਂ ਦੀਆਂ ਵਸਤਾਂ, ਬੱਚਿਆਂ ਦੀ ਪੜ੍ਹਾਈ, ਸਿਹਤ ਸਹੂਲਤਾਂ ਅਤੇ ਹੋਰ ਜ਼ਰੂਰੀ ਖਰਚਿਆਂ ਦਾ ਬੋਝ ਲਗਾਤਾਰ ਵੱਧ ਰਿਹਾ ਹੈ। ਸਰਕਾਰ ਨੂੰ ਮੱਧ ਵਰਗ ਦੀਆਂ ਮੁਸ਼ਿਕਲਾਂ ਦਾ ਅਹਿਸਾਸ ਸਿਰਫ ਬਿਆਨਾਂ ਰਾਹੀਂ ਨਹੀ, ਸਗੋਂ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰ ਕੇ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਮੱਧ ਵਰਗ ਦੀ ਜ਼ਮੀਨੀ ਹਕੀਕਤ ਨੂੰ ਸਮਝਦੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲਾ ਸਮਾਂ ਪੰਜਾਬ ਦੀ ਸਿਆਸਤ ਵਿਚ ਵੱਡਾ ਬਦਲਾਅ ਲਿਆਵੇਗਾ ਅਤੇ ਭਾਜਪਾ ਪਾਰਟੀ ਲੋਕਾਂ ਦੇ ਮੁੱਦਿਆ ਨੂੰ ਲੈ ਕੇ ਪਿੰਡ-ਪਿੰਡ ਅਤੇ ਘਰ-ਘਰ ਤੱਕ ਆਪਣੀ ਆਵਾਜ਼ ਪਹੁੰਚਾਏਗੀ।