ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤਿਆਰ ਕੀਤੇ ਗਏ ਸਿਹਤ ਕਾਰਡਾਂ ਦੀ ਵੰਡ ਆਰੰਭ ਤਸਵੀਰ ਸਮੇਤ---ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤਿਆਰ ਕੀਤੇ ਗਏ ਸਿਹਤ ਕਾਰਡਾਂ ਦੀ ਵੰਡ ਆਰੰਭ
Publish Date: Wed, 23 Sep 2026 05:09 PM (IST)
Updated Date: Wed, 23 Sep 2026 05:12 PM (IST)
-ਵੱਖ-ਵੱਖ ਵਾਰਡਾਂ ਤੋਂ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਮੁਹੱਈਆ ਕਰਵਾਏ ਪ੍ਰਦੀਪ ਭਨੋਟ, ਪੰਜਾਬੀ ਜਾਗਰਣ ਨਵਾਂਸ਼ਹਿਰ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਬਸਰਾ ਦੀ ਅਗਵਾਈ ਹੇਠ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤਿਆਰ ਕੀਤੇ ਗਏ ਸਿਹਤ ਕਾਰਡਾਂ ਦੀ ਵੰਡ ਸ਼ੁਰੂ ਕੀਤੀ। ਇਸ ਤਹਿਤ ਅਰਬਨ ਨਵਾਂਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਆਏ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਮੁਹੱਈਆ ਕਰਵਾਏ। ਇਸ ਮੌਕੇ ਨਵਾਂਸ਼ਹਿਰ ਨਗਰ ਕੌਂਸਲ ਪ੍ਰਧਾਨ ਸੁਮਨ ਲਾਲ ਬਤੌਰ ਮੁੱਖ ਮਹਿਮਾਨ ਹਾਜ਼ਰ ਹੋਏ, ਜਿਨ੍ਹਾਂ ਨੇ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ। ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਨੂੰ ਮਹਿੰਗੇ ਇਲਾਜ ਦੇ ਵਿੱਤੀ ਬੋਝ ਤੋਂ ਰਾਹਤ ਦਿਵਾਉਣ ਵੱਲ ਇੱਕ ਅਹਿਮ ਕਦਮ ਹੈ। ਯੋਜਨਾ ਤਹਿਤ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਉਪਲੱਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੰਭੀਰ ਬਿਮਾਰੀ ਜਾਂ ਮਹਿੰਗੇ ਇਲਾਜ ਦੀ ਲੋੜ ਪੈਣ ਤੇ ਪਰਿਵਾਰਾਂ ਤੇ ਪੈਣ ਵਾਲੇ ਵਿੱਤੀ ਬੋਝ ਨੂੰ ਘਟਾਉਣ ਵਿਚ ਇਹ ਸਿਹਤ ਕਾਰਡ ਮਹੱਤਵ ਪੂਰਨ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸੁਰੱਖਿਆ ਦਾ ਅਰਥ ਸਿਰਫ਼ ਇਲਾਜ ਮੁਹੱਈਆ ਕਰਵਾਉਣਾ ਨਹੀਂ, ਸਗੋਂ ਲੋੜਵੰਦ ਪਰਿਵਾਰਾਂ ਨੂੰ ਸਮੇਂ ਸਿਰ ਇਲਾਜ ਅਤੇ ਵਿੱਤੀ ਸੁਰੱਖਿਆ ਦੋਵੇਂ ਯਕੀਨੀ ਬਣਾਉਣਾ ਵੀ ਹੈ। ਸਿਹਤ ਕਾਰਡ ਲਾਭਪਾਤਰੀ ਪਰਿਵਾਰ ਲਈ ਮੁਸ਼ਕਲ ਸਮੇਂ ਵਿਚ ਇੱਕ ਮਹੱਤਵ ਪੂਰਨ ਸਹਾਰਾ ਬਣ ਸਕਦਾ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਜੇ ਬਸਰਾ ਨੇ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਹਤ ਕਾਰਡ ਨੂੰ ਸੰਭਾਲ ਕੇ ਰੱਖਣ ਅਤੇ ਲੋੜ ਪੈਣ ਤੇ ਯੋਜਨਾ ਅਧੀਨ ਉਪਲੱਬਧ ਸਿਹਤ ਸਹੂਲਤਾਂ ਦਾ ਲਾਭ ਲੈਣ। ਉਨ੍ਹਾਂ ਸਿਹਤ ਵਿਭਾਗ ਦੀਆਂ ਫੀਲਡ ਟੀਮਾਂ ਨੂੰ ਹਦਾਇਤ ਕੀਤੀ ਕਿ ਕਾਰਡਾਂ ਦੀ ਵੰਡ ਦੇ ਨਾਲ-ਨਾਲ ਲਾਭਪਾਤਰੀਆਂ ਨੂੰ ਯੋਜਨਾ ਦੀ ਵਰਤੋਂ, ਉਪਲੱਬਧ ਸਹੂਲਤਾਂ ਅਤੇ ਲੋੜੀਂਦੀ ਪ੍ਰਕਿਰਿਆ ਬਾਰੇ ਵੀ ਸਪੱਸ਼ਟ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਯੋਗ ਪਰਿਵਾਰ ਤੱਕ ਸਿਹਤ ਸੁਰੱਖਿਆ ਦੀ ਸਹੂਲਤ ਪਹੁੰਚਾਉਣਾ ਸਿਹਤ ਵਿਭਾਗ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਕਾਰਡਾਂ ਦੀ ਵੰਡ ਦੇ ਨਾਲ-ਨਾਲ ਲੋਕਾਂ ਨੂੰ ਸਰਕਾਰੀ ਸਿਹਤ ਯੋਜਨਾਵਾਂ ਅਤੇ ਉਪਲੱਬਧ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨਾ ਵੀ ਲਗਾਤਾਰ ਜਾਰੀ ਰੱਖਿਆ ਜਾਵੇਗਾ। ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਲਾਭਪਾਤਰੀਆਂ ਨੂੰ ਸਿਹਤ ਕਾਰਡ ਸੌਂਪੇ ਗਏ ਅਤੇ ਯੋਜਨਾ ਸਬੰਧੀ ਲੋੜੀਂਦੀ ਜਾਣਕਾਰੀ ਪ੍ਰਦਾਨ ਕੀਤੀ ਗਈ। ਇਸ ਮੌਕੇ ਸੰਗੀਤਾ ਗਿੱਲ ਐੱਮਸੀ, ਕਮਲਜੀਤ ਕੌਰ ਐੱਮਸੀ ਸਾਬਕਾ ਕੌਂਸਲਰ ਕਮਲਜੀਤ ਵੀ ਮੌਜੂਦ ਸਨ।